Punjab News: ਪੰਜਾਬ ਪੁਲੀਸ ਵੱਲੋਂ ਵੱਖ-ਵੱਖ ਕਾਰਵਾਈਆਂ ਦੌਰਾਨ 6 ਕਾਬੂ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 7 ਜਨਵਰੀ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਤਸਕਰਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਨੂੰ ਮੰਗਵਾਉਣ ਲਈ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਇਸ ਸਬੰਧੀ ਡੀਜੀਪੀ ਪੰਜਾਬ ਨੇ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਪੰਜਾਬ ਪੁਲੀਸ ਨੇ ਕਾਰਵਾਈ ਕਰਦਿਆਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੇ ਹੋਰ ਸਬੰਧਾਂ ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਉਧਰ ਇਕ ਹੋਰ ਮਾਮਲੇ ਵਿਚ ਗੋਲੀਬਾਰੀ ਦੌਰਾਨ ਤਰਨਤਾਰਨ ਪੁਲੀਸ ਨੇ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ‘ਐਕਸ’ ਪੋਸਟ ਰਾਂਹੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਪਰਾਧੀਆਂ ਨੇ ਗ੍ਰਿਫ਼ਤਾਰੀ ਮੌਕੇ ਪੁਲੀਸ ਟੀਮ ’ਤੇ ਹਮਲਾ ਕੀਤਾ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾਈ, ਜਿਸ ਵਿੱਚ ਦੋਹਾਂ ਅਪਰਾਧੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ ।
ਪੁਲੀਸ ਨੇ ਦੋਹਾਂ ਕੋਲੋਂ ਇੱਕ 32 ਬੋਰ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਹੈ।