Punjab News ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 14 ਤੋਂ ਹੜਤਾਲ ਦਾ ਐਲਾਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜਨਵਰੀ
ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਿਰੁੱਧ 14 ਜਨਵਰੀ ਤੋਂ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮਾਮਲੇ ਦੀ ਜਾਂਚ ਮੰਗੀ ਹੈ। ਇਸ ਦੌਰਾਨ ਪੰਜਾਬ ਵਿੱਚ ਰਜਿਸਟਰੀਆਂ ਤੇ ਹੋਰ ਭੂਮੀ ਰਿਕਾਰਡ ਨਾਲ ਸਬੰਧਤ ਸਾਰੇ ਕੰਮਕਾਜ ਠੱਪ ਕੀਤੇ ਜਾਣਗੇ। ਐਸੋਸੀਏਸ਼ਨ ਦੇ ਪ੍ਰਧਾਨ ਚੰਨੀ ਨੇ ਆਪਣੇ ਸਾਥੀਆਂ ਨਾਲ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੇ ਵਫ਼ਦ ਨੇ ਕਈ ਵਾਰ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕੀਤੀ ਪਰ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲੇ ਹੱਲ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਐਸੋਸੀਏਸ਼ਨ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ 27 ਨਵੰਬਰ ਨੂੰ ਵਿਜੀਲੈਂਸ ਬਿਊਰੋ ਬਰਨਾਲਾ ਨੇ ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਇਸ ਸਬੰਧੀ ਸੂਬੇ ਦੇ ਸਾਰੇ ਰੈਵੇਨਿਊ ਅਫ਼ਸਰਾਂ ਨੇ 28 ਤੇ 29 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨ ਕੀਤਾ ਸੀ। ਐਸੋਸੀਏਸ਼ਨ ਆਗੂਆਂ ਨੇ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।