Punjab News: ਪੰਜਾਬ ’ਚ ਅਗਲੇ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ
ਆਤਿਸ਼ ਗੁਪਤਾ
ਚੰਡੀਗੜ੍ਹ, 10 ਅਪਰੈਲ
ਪੰਜਾਬ ਵਿੱਚ ਮੀਂਹ ਦੀ ਪੇਸ਼ੀਨਗੋਈ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਖੇਤਾਂ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੈ। ਅੱਜ ਦੁਪਹਿਰ 3.30 ਵਜੇ ਦੇ ਕਰੀਬ ਪਟਿਆਲਾ ਜ਼ਿਲ੍ਹੇ ਦੇ ਨਾਭਾ ਸ਼ਹਿਰ ਵਿੱਚ ਹਲਕਾ ਮੀਂਹ ਪਿਆ ਤੇ ਸੂਬੇ ’ਚ ਕਈ ਥਾਈਂ ਬੱਦਲਵਾਈ ਵੀ ਰਹੀ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦੋ ਦਿਨ 11 ਤੇ 12 ਅਪਰੈਲ ਨੂੰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ ਓਰੈਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅੱਜ ਬਠਿੰਡਾ ਹਵਾਈ ਅੱਡੇ ਨੇੜਲੇ ਖੇਤਰ ਦਾ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 38.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 36.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 39.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 39.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 37.7 ਡਿਗਰੀ ਸੈਲਸੀਅਸ, ਬਠਿੰਡਾ ਸ਼ਹਿਰ ਵਿੱਚ 41.4 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 38 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 37.3 ਡਿਗਰੀ ਸੈਲਸੀਅਸ, ਫਤਹਿਗੜ੍ਹ ਸਾਹਿਬ ਵਿੱਚ 38.3 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 37.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 35.7 ਡਿਗਰੀ ਸੈਲਸੀਅਸ, ਜਲੰਧਰ ਵਿੱਚ 36.4 ਡਿਗਰੀ ਸੈਲਸੀਅਸ, ਮੋਗਾ ਵਿੱਚ 37.1 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 37.6 ਡਿਗਰੀ ਸੈਲਸੀਅਸ, ਰੋਪੜ ਵਿੱਚ 36.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਤਾਪਮਾਨ ਆਮ ਨਾਲੋਂ 5 ਤੋਂ 7 ਡਿਗਰੀ ਸੈਲਸੀਅਸ ਤੱਕ ਵੱਧ ਦਰਜ ਕੀਤਾ ਹੈ।