Punjab News ਗਣਤੰਤਰ ਦਿਵਸ: ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ
ਆਤਿਸ਼ ਗੁਪਤਾ
ਚੰਡੀਗੜ੍ਹ, 8 ਜਨਵਰੀ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਗਣਤੰਤਰ ਦਿਵਸ ਦੀ ਆਮਦ ਨੂੰ ਲੈ ਕੇ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਇਹ ਆਦੇਸ਼ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 17 ਤੋਂ 26 ਜਨਵਰੀ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਇਸ ਦੌਰਾਨ ਸ਼ਹਿਰ ਵਿੱਚ ਡਰੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ 26 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਹੋਣ ਵਾਲੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵੀਵੀਆਈਪੀ ਪਹੁੰਚਣਗੇ। ਇਸ ਵਿੱਚ ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਉਸੇ ਦੌਰਾਨ ਕਿਸੇ ਡਰੋਨ ਰਾਹੀਂ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੂੰ ਵੇਖਦਿਆਂ ਹੀ ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਦੇਸ਼ਾਂ ਤੋਂ ਪੁਲੀਸ, ਮਿਲਟਰੀ, ਏਅਰ ਫੋਰਸ, ਐੱਸਪੀਜੀ ਕਮਾਂਡੋ ਜਾਂ ਸਰਕਾਰੀ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।