Punjab News - Road Accident: ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ, ਸਰਕਾਰੀ ਅਧਿਆਪਕ ਸਣੇ ਦੋ ਜ਼ਖ਼ਮੀ
2 ਸਾਲ ਪਹਿਲਾਂ ਹੀ ਹੋਇਆ ਸੀ ਨੌਜਵਾਨ ਮਨਪ੍ਰੀਤ ਸਿੰਘ ਭਿੰਡਰ ਵਿਆਹ; ਅਧਿਆਪਕ ਦੀ ਕਾਰ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਾਪਰਿਆ ਹਾਦਸਾ
ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 20 ਮਾਰਚ

Punjab News - Road Accident: ਫਤਿਹਗੜ੍ਹ ਚੂੜੀਆਂ ਨਜ਼ਦੀਕ ਪਿੰਡ ਦਾਦੂਯੋਧ ਵਿਖੇ ਹੋਏ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਸਰਕਾਰੀ ਅਧਿਆਪਕ ਸਮੇਤ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ।
ਜਾਣਕਾਰੀ ਅਨੁਸਾਰ ਸਰਕਾਰੀ ਅਧਿਆਪਕ ਸੁਰਿੰਦਰਪਾਲ ਸਿੰਘ ਫਤਿਹਗੜ੍ਹ ਚੂੜੀਆਂ ਤੋਂ ਪਿੰਡ ਡੋਗਰ ਨੂੰ ਡਿਊਟੀ ‘ਤੇ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਦਾਦੂਯੋਧ ਨੇੜੇ ਪਹੁੰਚਿਆ ਤਾਂ 2 ਨੌਜਵਾਨ ਮੋਟਰਸਾਈਕਲ ਸਵਾਰ ਅੱਗੋਂ ਆ ਰਹੇ ਸਨ, ਜਿਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ।
ਇਸ ਕਾਰਨ ਮਨਪ੍ਰੀਤ ਸਿੰਘ ਭਿੰਡਰ (22) ਵਾਸੀ ਪਿੰਡ ਘਾੜਕੀਆਂ ਦੀ ਮੌਤ ਹੋ ਗਈ ਜਦੋਂ ਕਿ ਅਧਿਆਪਕ ਸੁਰਿੰਦਰਪਾਲ ਸਿੰਘ ਫਤਿਹਗੜ੍ਹ ਚੂੜੀਆਂ ਅਤੇ ਜਤਿੰਦਰ ਸਿੰਘ ਪਿੰਡ ਸਰਫਕੋਟ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੋਂ ਮਾਸਟਰ ਸੁਰਿੰਦਰਪਾਲ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿਚ ਮਾਰੇ ਗਏ ਨੌਜਵਾਨ ਮਨਪ੍ਰੀਤ ਸਿੰਘ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ, ਜਿਸ ਦਾ 10 ਮਹੀਨੇ ਦਾ ਛੋਟਾ ਲੜਕਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਫਤਿਹਗੜ੍ਹ ਚੂੜੀਆਂ ਤੋਂ ਏਐਸਆਈ ਸੁਖਦੇਵ ਸਿੰਘ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਮਨਪ੍ਰੀਤ ਸਿੰਘ ਭਿੰਡਰ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।