Punjab News - SGPC Budget Session: ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਮਾਰਚ
Punjab News - SGPC Budget Session: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ।
ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਪੇਸ਼ ਕੀਤਾ। ਆਪਣੀ ਬਜਟ ਸਪੀਚ ਵਿੱਚ ਸ੍ਰੀ ਮੰਡਵਾਲਾ ਨੇ ਕਿਹਾ ਹੈ ਕਿ ਇਸ ਵਿਤੀ ਸਾਲ ਵਿੱਚ ਅਨੁਮਾਨਤ ਖ਼ਰਚਾ 1376 ਕਰੋੜ 47 ਲੱਖ ਰੁਪਏ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਦਾ ਆਮਦਨ ਨਾਲੋਂ 10 ਕਰੋੜ ਰੁਪਏ ਘੱਟ ਖ਼ਰਚ ਹੋਣ ਦਾ ਅਨੁਮਾਨ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਰਦਾਸ ਮਗਰੋਂ ਆਰੰਭ ਹੋਇਆ।
ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ ਆਦਿ ਬਾਰੇ ਉੱਚ ਪੱਧਰੀ ਕਮੇਟੀ ਬਣਾਉਣ ਦਾ ਫ਼ੈਸਲਾ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿੱਚ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਕਾਰਜ ਖੇਤਰ ਅਤੇ ਸੇਵਾ ਮੁਕਤੀ ਆਦਿ ਬਾਰੇ ਨਿਯਮ ਬਣਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅਕਾਲੀ ਦਲ ਦੀ ਵਿਰੋਧੀ ਧਿਰ ਵੱਲੋਂ ਵਾਕਆਊਟ, ਬਾਹਰ ਆ ਕੇ ਦਿੱਤਾ ਧਰਨਾ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਜਲਾਸ ਵਿੱਚ ਆਪਣੀ ਕੋਈ ਸੁਣਵਾਈ ਨਾ ਹੋਣ ’ਤੇ ਇਜਲਾਸ ਵਿਚੋਂ ਵਾਕਆਊਟ ਕਰ ਦਿੱਤਾ। ਉਨ੍ਹਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਆ ਕੇ ਧਰਨਾ ਦਿੱਤਾ ਹੈ।
ਧਰਨਾਕਾਰੀਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਭੌਰ, ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ ਤੇ ਹੋਰ ਸ਼ਾਮਿਲ ਹਨ। ਉਹਨਾਂ ਆਖਿਆ ਕਿ ਉਹ ਬਜਟ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਦੇ ਸਬੰਧ ਵਿੱਚ ਮਤਾ ਪੇਸ਼ ਕਰਨਾ ਚਾਹੁੰਦੇ ਸਨ, ਪਰ ਉਹਨਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।
ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਖ਼ੁਦ ਵਿਸ਼ੇਸ਼ ਇਜਲਾਸ ਸੱਦਣ ਦੀ ਚੇਤਾਵਨੀ
ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਅੱਜ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਸਬੰਧੀ ਮਤਾ ਨਹੀਂ ਲਿਆਂਦਾ ਗਿਆ, ਜਦੋਂ ਕਿ ਉਹਨਾਂ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਏਜੰਡੇ ਵਿੱਚ ਜਥੇਦਾਰਾਂ ਦੀ ਬਹਾਲੀ ਦਾ ਮਤਾ ਰੱਖਿਆ ਜਾਵੇ। ਉਹਨਾਂ ਦੋਸ਼ ਲਾਇਆ ਕਿ ਅੱਜ ਇਜਲਾਸ ਦੌਰਾਨ ਉਹਨਾਂ ਦੀ ਗੱਲ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ।
ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਇਸ ਸਬੰਧੀ ਵਿਸ਼ੇਸ਼ ਇਜਲਾਸ ਨਾ ਸੱਦਿਆ ਗਿਆ ਤਾਂ ਉਹ ਆਪਣੇ ਤੌਰ ’ਤੇ ਵਿਸ਼ੇਸ਼ ਇਜਲਾਸ ਸੱਦਣਗੇ।
ਦਮਦਮੀ ਟਕਸਾਲ ਵੱਲੋਂ ਸੇਵਾ ਮੁਕਤ ਕੀਤੇ ਗਏ ਜਥੇਦਾਰਾਂ ਦੀ ਬਹਾਲੀ ਲਈ ਰੋਸ ਮਾਰਚ
ਦੂਜੇ ਪਾਸੇ ਗੋਲਡਨ ਗੇਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸੰਗਤਾਂ ਦਾ ਵੱਡਾ ਇਕੱਠ ਹੋਇਆ ਅਤੇ ਉਹਨਾਂ ਸ੍ਰੀ ਦਰਬਾਰ ਸਾਹਿਬ ਸਮੂਹ ਵੱਲ ਰੋਸ ਮਾਰਚ ਸ਼ੁਰੂ ਕੀਤਾ।
ਰੋਸ ਮਾਰਚ ਦੀ ਅਗਵਾਈ ਕਰ ਰਹੇ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਉਹਨਾਂ ਦਾ ਇਹ ਰੋਸ ਮਾਰਚ ਨਿਰੋਲ ਧਾਰਮਿਕ ਹੈ, ਜਿਸ ਤਹਿਤ ਮੁੱਖ ਮੰਗ ਸੇਵਾ ਮੁਕਤ ਕੀਤੇ ਗਏ ਜਥੇਦਾਰਾਂ ਦੀ ਬਹਾਲੀ ਕਰਨਾ ਹੈ।
ਉਹਨਾਂ ਮੀਡੀਆ ਨੂੰ ਕਿਹਾ ਕਿ ਇਸ ਰੋਸ ਮਾਰਚ ਦਾ ਕੋਈ ਰਾਜਸੀ ਮੰਤਵ ਨਹੀਂ ਹੈ ਅਤੇ ਇਹ ਸ਼ਾਂਤਮਈ ਰੋਸ ਵਿਖਾਵਾ ਹੈ।
ਬਜਟ ਇਜਲਾਸ ਦੌਰਾਨ ਹੰਗਾਮਾ ਮੰਦਭਾਗਾ: ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਜਟ ਇਜਲਾਸ ਦੌਰਾਨ ਕੁਝ ਮੈਂਬਰਾਂ ਵੱਲੋਂ ਕੀਤੇ ਗਏ ਸ਼ੋਰ-ਸ਼ਰਾਬੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਅਜਿਹਾ ਵਰਤਾਰਾ ਠੀਕ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਤਖ਼ਤਾਂ ਦੇ ਜਥੇਦਾਰਾਂ ਬਾਰੇ ਚੱਲ ਰਹੀ ਚਰਚਾ ਨੂੰ ਉਨ੍ਹਾਂ ਖ਼ੁਦ ਏਜੰਡੇ ’ਤੇ ਲੈ ਕੇ ਗੱਲ ਕਰਨੀ ਚਾਹੀ ਸੀ, ਪਰ ਕੁਝ ਮੈਂਬਰਾਂ ਨੇ ਉਨ੍ਹਾਂ ਦੀ ਗੱਲ ਸੁਣਨੀ ਮੁਨਾਸਿਬ ਨਾ ਸਮਝੀ। ਉਨ੍ਹਾਂ ਕਿਹਾ ਕਿ ਜਥੇਦਾਰਾਂ ਦੀ ਨਿਯੁਕਤੀ, ਅਧਿਕਾਰ ਖੇਤਰ ਅਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਲਈ ਉਹ ਖ਼ੁਦ ਸੰਜੀਦਾ ਹਨ, ਇਸ ਲਈ ਇਜਲਾਸ ’ਚ ਇਸ ਮਾਮਲੇ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਬਾਰੇ ਸੁਝਾਅ ਲਏ ਜਾਣਗੇ ਤੇ ਕਾਇਮ ਕੀਤੀ ਜਾਣ ਵਾਲੀ ਕਮੇਟੀ ਰਾਹੀਂ ਇਨ੍ਹਾਂ ਨੂੰ ਵਿਚਾਰ ਕੇ ਇੱਕ ਨੀਤੀ ਬਣਾਈ ਜਾਵੇਗੀ।