Punjab News: ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ
* ਧਾਮੀ ਨੇ ਰੁਟੀਨ ਮੁਲਾਕਾਤ ਦੱਸ ਕੇ ਬੈਠਕ ਬਾਰੇ ਕਿਆਸਾਂ ਨੂੰ ਖਾਰਜ ਕੀਤਾ
* ਅਕਾਲੀ ਦਲ ਦੀ ਭਰਤੀ ਸਬੰਧੀ ਪੈਨਲ ਬਾਰੇ ਗੱਲਬਾਤ ਹੋਣ ਦੀ ਚਰਚਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੱਲ੍ਹ ਮੁਲਾਕਾਤ ਕੀਤੇ ਜਾਣ ਮਗਰੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ। ਜਥੇਦਾਰ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ਦੇ ਵੇਰਵਿਆਂ ਬਾਰੇ ਫਿਲਹਾਲ ਕਿਸੇ ਵੀ ਧਿਰ ਵੱਲੋਂ ਖੁਲਾਸਾ ਨਹੀਂ ਕੀਤਾ ਗਿਆ। ਹਾਲਾਂਕਿ, ਚਰਚਾ ਹੈ ਕਿ ਇਸ ਮੀਟਿੰਗ ਦੌਰਾਨ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਚਰਚਾ ਕੀਤੀ ਗਈ ਹੈ। ਐਡਵੋਕੇਟ ਧਾਮੀ ਇਸ ਕਮੇਟੀ ਦੇ ਪ੍ਰਧਾਨ ਹਨ ਅਤੇ ਹੁਣ ਤੱਕ ਇਸ ਕਮੇਟੀ ਦੀ ਕੋਈ ਵੀ ਮੀਟਿੰਗ ਨਹੀਂ ਹੋਈ। ਉਧਰ, ਧਾਮੀ ਨੇ ਵੀਡੀਓ ਸੁਨੇਹੇ ਵਿਚ ਸਪਸ਼ਟ ਕੀਤਾ ਕਿ ਇਹ ਰੁਟੀਨ ਬੈਠਕ ਸੀ ਤੇ ਇਸ ਬਾਰੇ ਲਾਏ ਜਾ ਰਹੇ ਕਿਆਸ ਬੇਲੋੜੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਬੁੱਧਵਾਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਕਮੇਟੀ ਦੇ ਕਾਰਨ ਬਣ ਰਹੇ ਕਾਨੂੰਨੀ ਅੜਿੱਕੇ ਬਾਰੇ ਜਾਣੂ ਕਰਵਾਇਆ ਸੀ। ਵਫ਼ਦ ਦਾ ਕਹਿਣਾ ਸੀ ਕਿ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਅਕਾਲੀ ਦਲ ਦੀ ਚੋਣ ਵਿੱਚ ਕਾਨੂੰਨੀ ਤੌਰ ਤੇ ਦਖਲਅੰਦਾਜ਼ੀ ਨਹੀਂ ਕਰ ਸਕਦੀ। ਇਸ ਨਾਲ ਪਾਰਟੀ ਦੀ ਹੋਂਦ ਨੂੰ ਸੰਕਟ ਪੈਦਾ ਹੋ ਸਕਦਾ ਹੈ। ਪਾਰਟੀ ਦੀ ਚੋਣ ਸਿਰਫ ਸੰਵਿਧਾਨ ਮੁਤਾਬਕ ਕੀਤੀ ਜਾ ਸਕਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਵੀਡੀਓ ਸੁਨੇਹੇ ਰਾਹੀਂ ਸਪਸ਼ਟ ਕੀਤਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਮੁਲਾਕਾਤ ਇੱਕ ਰੁਟੀਨ ਮੁਲਾਕਾਤ ਸੀ। ਉਹ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ ਅਤੇ ਉਨ੍ਹਾਂ ਨੂੰ ਮਿਲਣ ਵਾਸਤੇ ਚਲੇ ਗਏ ਸਨ। ਇਸ ਮੀਟਿੰਗ ਬਾਰੇ ਲਾਏ ਜਾ ਰਹੇ ਸਭ ਕਿਆਸ ਬੇਅਰਥ ਹਨ। ਅਕਾਲੀ ਦਲ ਦੇ ਵਫ਼ਦ ਨੇ ਬੀਤੇ ਕੱਲ੍ਹ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਫੌਰੀ ਮਗਰੋਂ 10 ਜਨਵਰੀ ਨੂੰ ਚੰਡੀਗੜ੍ਹ ਵਿਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਬੈਠਕ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਤੇ ਹੋਰ ਅਸਤੀਫ਼ਿਆਂ ਸਣੇ ਪਾਰਟੀ ਦੀ ਭਰਤੀ ਸਬੰਧੀ ਵਿਚਾਰ ਚਰਚਾ ਹੋਵੇਗੀ।
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦਾ ਮਸਲਾ ਵਿਚਾਰੇ ਜਾਣ ਦੀ ਚਰਚਾ
ਇਹ ਵੀ ਚਰਚਾ ਹੈ ਕਿ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਰਿਮਆਨ ਹੋਈ ਮੁਲਾਕਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਤੇ ਵੀ ਗੱਲਬਾਤ ਹੋਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੇ ਅਧਾਰ ’ਤੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਹੋਈ ਹੈ, ਜਦੋਂਕਿ ਬੀਤੇ ਦਿਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਉਣ ਦੇ ਫੈਸਲੇ ਨੂੰ ਅਨਉਚਿਤ ਦੱਸਿਆ ਸੀ ਅਤੇ ਕਿਹਾ ਸੀ ਕਿ ਇਹ ਸ੍ਰੀ ਅਕਾਲ ਤਖਤ ਦੇ ਅਧਿਕਾਰ ਖੇਤਰ ਹੇਠ ਆਉਂਦਾ ਹੈ। ਉਹ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਕੋਲ ਆਪਣੇ ਨਰਾਜ਼ਗੀ ਵੀ ਪ੍ਰਗਟ ਕਰ ਚੁੱਕੇ ਹਨ।