Punjab News ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਜਨਵਰੀ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਤੋਂ ਫੌਰੀ ਮਗਰੋਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਸੱਦ ਲਈ ਹੈ। ਬੈਠਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ ਕੀਤਾ ਜਾਵੇਗਾ ਤੇ ਹੋਰ ਮਾਮਲੇ ਵਿਚਾਰੇ ਜਾਣਗੇ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਸਮੇਂ ਇਕ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਜਥੇਬੰਦਕ ਚੋਣਾਂ ਕਰਵਾਉਣ ਦੇ ਰਾਹ ਵਿਚ ਕਾਨੂੰਨੀ ਅੜਿੱਕਿਆਂ ਬਾਰੇ ਜਾਣੂ ਕਰਵਾਇਆ। ਜਥੇਦਾਰ ਨੂੰ ਦੱਸਿਆ ਗਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਛੇਤੀ ਹੀ ਮੀਟਿੰਗ ਕਰ ਕੇ ਅਗਲੀਆਂ ਜਥੇਬੰਦਕ ਚੋਣਾਂ ਬਾਰੇ ਅਤੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਬਾਰੇ ਫੈਸਲਾ ਲਵੇਗੀ।
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਵਫ਼ਦ ਨੇ ਜਥੇਦਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅਕਾਲ ਤਖ਼ਤ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਸਾਰੇ ਪਾਰਟੀ ਆਗੂਆਂ ਨੇ ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਸੁਣਾਈ ਧਾਰਮਿਕ ਸਜ਼ਾ ਦੀ ਪਾਲਣਾ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਵੀ ਦੇ ਦਿੱਤਾ ਹੈ।
ਉਨ੍ਹਾਂ ਦਸਿਆ ਕਿ ਅਕਾਲ ਤਖ਼ਤ ਵੱਲੋਂ ਦਿੱਤੇ ਹੁਕਮਾਂ ਮੁਤਾਬਕ 7 ਮੈਂਬਰੀ ਕਮੇਟੀ ਬਣਾਉਣ ਵਿਚ ਕੁਝ ਤਕਨੀਕੀ ਮਸਲੇ ਸ਼ਾਮਲ ਹਨ, ਜਿਨ੍ਹਾਂ ਬਾਰੇ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸੰਵਿਧਾਨਕ ਸੋਧਾਂ, ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਜਥੇਦਾਰ ਨੂੰ ਜਾਣੂ ਕਰਵਾਇਆ ਹੈ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਦੇ ਮਾਮਲੇ ’ਤੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀਆਂ ਹਨ, ਇਸ ਬਾਰੇ ਵੀ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਹੁਣ ਖੁਦ ਆਪਣੀਆਂ ਪਾਰਟੀਆਂ ਰਜਿਸਟਰ ਕਰਵਾਉਣੀਆਂ ਚਾਹੁੰਦੀਆਂ ਹਨ। ਉਨ੍ਹਾਂ ਵਿਰੋਧੀ ਧਿਰਾਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀਆਂ ਪਾਰਟੀਆਂ ਰਜਿਸਟਰ ਕਰਵਾਉਣ ਦੀ ਪ੍ਰਕਿਰਿਆ ਨੂੰ ਜਨਤਕ ਕਰਨ ਤਾਂ ਜੋ ਲੋਕ ਸਮਝ ਸਕਣ ਕਿ ਇਹ ਜੋ ਪ੍ਰਚਾਰ ਕਰਦੇ ਹਨ ਤੇ ਜੋ ਕੰਮ ਕਰਦੇ ਹਨ, ਉਨ੍ਹਾਂ ਵਿਚ ਕਿਵੇਂ ਅੰਤਰ ਹੈ।
ਜਥੇਦਾਰ ਨੂੰ ਮਿਲਣ ਵਾਲੇ ਅਕਾਲੀ ਦਲ ਦੇ ਵਫਦ ਵਿਚ ਡਾ ਚੀਮਾ ਸਮੇਤ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਰਾਮ ਸਿੰਘ, ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਕੰਧੋਵਾਲ ਅਤੇ ਅਰਸ਼ਦੀਪ ਸਿੰਘ ਕਲੇਰ ਸ਼ਾਮਲ ਸਨ।