ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਵੇਗੀ ਸ਼੍ਰੋਮਣੀ ਕਮੇਟੀ: ਧਾਮੀ

05:09 PM Mar 24, 2025 IST
featuredImage featuredImage

ਅਸਤੀਫ਼ਾ ਨਾਮਨਜ਼ੂਰ ਹੋਣ ਤੋਂ ਬਾਅਦ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਪ੍ਰਧਾਨ ਧਾਮੀ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਹੈ।
ਮੌਜੂਦਾ ਸਮੇਂ ਬਣੇ ਹਾਲਾਤ ਦੇ ਮਦੇਨਜ਼ਰ ਉਨ੍ਹਾਂ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਅੱਜ ਇਥੇ ਸ਼੍ਰੋਮਣੀ ਕਮੇਟੀ ਦਫਤਰ ਪੁੱਜੇ ਸਨ। ਆਪਣਾ ਅਸਤੀਫਾ ਅਪ੍ਰਵਾਨ ਹੋਣ ਮਗਰੋਂ ਉਹ ਅੱਜ ਪਹਿਲੀ ਵਾਰ ਦਫਤਰ ਆਏ ਹਨ। ਇਥੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤੈਅ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ।
ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੀਆਂ ਇਨ੍ਹਾਂ ਸਤਿਕਾਰਤ ਪਦਵੀਆਂ ’ਤੇ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਰਹੁਰੀਤਾਂ, ਪਰੰਪਰਾਵਾਂ ਅਤੇ ਇਤਿਹਾਸ ਸਾਡਾ ਮਾਰਗ ਦਰਸ਼ਨ ਹਨ। ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਮੂਹਿਕ ਤੇ ਸੰਗਠਿਤ ਪ੍ਰਭਾਵ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕੌਮ ਨੂੰ ਸਮੇਂ-ਸਮੇਂ ਪੇਸ਼ ਆਉਂਦੀਆਂ ਚੁਣੌਤੀਆਂ ਨਾਲ ਜਥੇਬੰਦਕ ਭਾਵਨਾ ਤਹਿਤ ਨਜਿੱਠਿਆ ਜਾ ਸਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕੌਮ ਦੀਆਂ ਦੁਸ਼ਮਣ ਤਾਕਤਾਂ ਸਿੱਖ ਸੰਸਥਾਵਾਂ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਜੇ ਕੌਮ ਨੇ ਇੱਕਜੁੱਟਤਾ ਦਾ ਪ੍ਰਭਾਵ ਨਾ ਦਿੱਤਾ ਤਾਂ ਸਿੱਖ ਵਿਰੋਧੀ ਸ਼ਕਤੀਆਂ ਆਪਣੀ ਮਨਸ਼ਾ ਵਿੱਚ ਕਾਮਯਾਬ ਹੁੰਦੀਆਂ ਰਹਿਣਗੀਆਂ।
ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ ’ਤੇ ਸੇਵਾ ਨਿਭਾਉਣ ਵਾਲੇ ਜਥੇਦਾਰ ਸਾਹਿਬਾਨ ਦੀ ਰੁਖ਼ਸਤੀ ਇਕ ਸਨਮਾਨਜਨਕ ਢੰਗ ਨਾਲ ਕੀਤੀ ਜਾਇਆ ਕਰੇਗੀ। ਇਹ ਯਤਨ ਕੀਤਾ ਜਾਵੇਗਾ ਕਿ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਕੀਤੇ ਸਿੰਘ ਸਾਹਿਬਾਨ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ, ਜਿਸ ਪ੍ਰਤੀ ਉਹ ਸੁਚੇਤ ਵੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਅਸਤੀਫਾ ਦੇਣ ਬਾਅਦ ਸਾਰੀਆਂ ਹੀ ਧਾਰਮਿਕ, ਸਮਾਜਿਕ, ਸਿਆਸੀ ਧਿਰਾਂ ਦੇ ਨਾਲ ਨਾਲ ਸਤਿਕਾਰਤ ਸਿੰਘ ਸਾਹਿਬਾਨ ਨੇ ਸੇਵਾ ਸੰਭਾਲਣ ਦੀ ਪ੍ਰੇਰਨਾ ਕੀਤੀ ਸੀ, ਜਿਸ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ ਅਤੇ ਯਤਨ ਕਰਨਗੇ ਕਿ ਸਾਰੀਆਂ ਸੰਪਰਦਾਵਾਂ ਤੇ ਸੰਸਥਾਵਾਂ ਵੱਲੋਂ ਪਰਗਟਾਏ ਭਰੋਸੇ ਉੱਤੇ ਉਹ ਖਰਾ ਉਤਰ ਸਕਣ।

Advertisement

Advertisement