Punjab News: ਮੋਦੀ ਵੱਲੋਂ ਅਕਾਲ ਤਖ਼ਤ ਦੀ ਕਮੇਟੀ ਨੂੰ ਮਿਲਣ ਲਈ ਸਮਾਂ ਨਾ ਦੇਣ ਤੋਂ ਸ਼੍ਰੋਮਣੀ ਕਮੇਟੀ ਨਾਰਾਜ਼
SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਦੇ ਫ਼ੈਸਲੇ ਨੂੰ ਮਨੁੱਖੀ ਹੱਕਾਂ ਦੀ ਉਲੰਘਣਾ ਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੰਦਿਆਂ ਕੀਤੀ ਸਖ਼ਤ ਨਿਖੇਧੀ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੂੰ ਮਿਲਣ ਲਈ ਸਮਾਂ ਨਾ ਦੇਣ ਦੀ ਨੀਤੀ ਦੀ ਕਰੜੀ ਆਲੋਚਨਾ ਕੀਤੀ ਹੈ।
ਕੇਂਦਰ ਸਰਕਾਰ ਦੀ ਇਸ ਪ੍ਰਤੀ ਉਦਾਸੀਨ ਨੀਤੀ ਦੀ ਸਖ਼ਤ ਆਲੋਚਨਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਰਕਾਰ ਦੀ ਇਸ ਪਹੁੰਚ ਨੂੰ ਮਨੁੱਖੀ ਹੱਕਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਨਾਂਹਦਰੂ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ।
ਉਨ੍ਹਾਂ ਆਖਿਆ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਪਰ ਦੁਖਦ ਪਹਿਲੂ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਮਾਇੰਦਗੀ ਵਾਲੀ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਕਈ ਯਤਨ ਕੀਤੇ ਗਏ ਪਰ ਡੇਢ ਸਾਲ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਸਰਕਾਰ ਵੱਲੋਂ ਨਿਰਾਸ਼ਾਜਨਕ ਜਵਾਬ ਮਿਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਅਨੁਸਾਰ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੇ ਜੋ ਸਮਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਸੰਬਰ 2023 ਵਿੱਚ ਮੰਗਿਆ ਸੀ, ਜਿਸ ਨੂੰ 21 ਮਾਰਚ 2025 ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਗਿਆ ਹੈ ਕਿ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ।
ਉਨ੍ਹਾਂ ਕਿਹਾ ਕਿ ਜੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਫੈਸਲਾ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਕਿਹਾ ਗਿਆ ਸੀ ਕਿ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਜਾਵੇ ਪਰ ਗ੍ਰਹਿ ਮੰਤਰਾਲੇ ਵੱਲੋਂ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਬੰਦੀਆਂ ਨੇ ਲੰਮੀਆਂ ਸਜ਼ਾਵਾਂ ਵੀ ਭੁਗਤ ਲਈਆਂ ਹਨ, ਇਸ ਲਈ ਭਾਰਤ ਸਰਕਾਰ ਨੂੰ ਬਿਨਾਂ ਦੇਰੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਨਿਆਂ ਦਾ ਨਿਯਮ ਸਭ ਲਈ ਇਕਸਾਰ ਲਾਗੂ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਅਤੇ ਇਸ ’ਤੇ ਰਾਜਸੀ ਪਹੁੰਚ ਠੀਕ ਨਹੀਂ ਹੈ।