Punjab News: ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਲਈ ਪਾਕਿ ਜਾਣ ਵਾਸਤੇ ਭਲਕੇ ਰਵਾਨਾ ਹੋਣਗੇ ਸਿੱਖ ਸ਼ਰਧਾਲੂ
ਜਾਣ ਵਾਲੇ ਸ਼ਰਧਾਲੂਆਂ ਨੇ SGPC ਦਫਤਰ ਤੋਂ ਪ੍ਰਾਪਤ ਕੀਤੇ ਵੀਜ਼ਾ ਲੱਗੇ ਪਾਸਪੋਰਟ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਅਪਰੈਲ
Punjab News: ਪਾਕਿਸਤਾਨ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਵਾਸਤੇ ਅਤੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ 10 ਅਪਰੈਲ ਨੂੰ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ।
ਮਿਲੀ ਜਾਣਕਾਰੀ ਦੇ ਮੁਤਾਬਕ ਇਸ ਵਾਰ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ ਲਗਭਗ 6700 ਸ਼ਰਧਾਲੂਆਂ ਨੂੰ ਵੀਜ਼ਾ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ 1942 ਸ਼ਰਧਾਲੂ ਉਹ ਹਨ, ਜਿਨ੍ਹਾਂ ਆਪਣੀਆਂ ਅਰਜ਼ੀਆਂ ਸ਼੍ਰੋਮਣੀ ਕਮੇਟੀ ਰਾਹੀਂ ਭੇਜੀਆਂ ਸਨ। ਅਜਿਹਾ ਲੰਮੇ ਅਰਸੇ ਬਾਅਦ ਹੋਇਆ ਹੈ ਕਿ ਜਦੋਂ ਪਾਕਿਸਤਾਨੀ ਦੂਤਾਵਾਸ ਵੱਲੋਂ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਵੀਜ਼ੇ ਦਿੱਤੇ ਗਏ ਹਨ। ਪਹਿਲਾਂ ਵਿਸਾਖੀ ਮੌਕੇ ਲਗਭਗ 3000 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ ਸਨ ਜਦੋਂ ਕਿ ਇਸ ਵਾਰ ਦੁੱਗਣੇ ਤੋਂ ਵੀ ਵੱਧ ਵੀਜ਼ੇ ਦਿੱਤੇ ਗਏ ਹਨ।
ਪਾਕਿਸਤਾਨ ਜਾਣ ਵਾਲੇ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ ਹਨ । ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਜੰਗ ਬਹਾਦਰ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਬੀਬੀ ਜਸਪਾਲ ਕੌਰ ਅਤੇ ਰਾਮਪਾਲ ਸਿੰਘ ਬਹਿਣੀਵਾਲ ਵੀ ਜਥੇ ਨਾਲ ਜਾ ਰਹੇ ਹਨ।
ਅੱਜ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 10 ਅਪਰੈਲ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1942 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਸਾਰੇ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਜਿਸ ਨਾਲ ਸੰਗਤ ਵਿੱਚ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।
ਇਸ ਦੌਰਾਨ ਅੱਜ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਥੇ ਪੁੱਜੇ ਸਨ ਤੇ ਉਨ੍ਹਾਂ ਨੇ ਆਪਣੇ ਪਾਸਪੋਰਟ ਪ੍ਰਾਪਤ ਕੀਤੇ ਹਨ। ਸ਼ਰਧਾਲੂਆਂ ਨੇ ਆਖਿਆ ਕਿ ਇਸ ਵਾਰ ਪਾਕਿਸਤਾਨੀ ਦੂਤਾਵਾਸ ਵੱਲੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ ਅਤੇ ਵੀਜ਼ੇ ਨਾ ਕੱਟੇ ਜਾਣ ਕਾਰਨ ਸ਼ਰਧਾਲੂਆਂ ਵਿੱਚ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਥੇ ਪੁੱਜਣ ’ਤੇ ਜਦੋਂ ਪਤਾ ਲੱਗਦਾ ਸੀ ਕਿ ਵੀਜ਼ਾ ਨਹੀਂ ਮਿਲਿਆ ਤਾਂ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜਦੀ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੰਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ।