Punjab News: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੱਖਾਂ ਸ਼ਰਧਾਲੂਆਂ ਵੱਲੋਂ ਸਿਜਦਾ
* ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਨਾਲ ਸ਼ਹੀਦੀ ਸਭਾ ਸ਼ੁਰੂ
* ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 25 ਦਸੰਬਰ
ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਨਾਲ ਆਰੰਭ ਹੋ ਗਈ। ਸਭਾ ਦੇ ਅੱਜ ਪਹਿਲੇ ਦਿਨ ਲੱਖਾਂ ਸ਼ਰਧਾਲੂਆਂ ਨੇ ਗੁਰਦੁਆਰੇ ’ਚ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਭਾ ਦੇ ਤੀਜੇ ਦਿਨ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ’ਚ ਸੰਪੂਰਨ ਹੋਵੇਗਾ।
ਅਖੰਡ ਪਾਠ ਦੀ ਆਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਗੁਰਦੁਆਰੇ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਸਮੇਤ ਧਾਰਮਿਕ ਅਤੇ ਰਾਜਸੀ ਸ਼ਖ਼ਸੀਅਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਦੌਰਾਨ ਸਾਕਾ ਸਰਹਿੰਦ ਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਹਲਕਾ ਬਸੀ ਪਠਾਨਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਸਮੇਤ ਵੱਡੀ ਗਿਣਤੀ ਕਾਰਕੁਨ ਹਾਜ਼ਰ ਸਨ।
ਬੁੱਢਾ ਦਲ ਵੱਲੋਂ ਬਿਬਾਨਗੜ੍ਹ ਸਾਹਿਬ ’ਚ ਸਮਾਗਮ
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸ਼ਹੀਦੀ ਸਭਾ ਦੌਰਾਨ 28 ਦਸੰਬਰ ਤੱਕ ਸਮਾਗਮ ਕੀਤੇ ਜਾ ਰਹੇ ਹਨ। ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਵਿਚ ਅੱਜ ਅਖੰਡ ਪਾਠ ਆਰੰਭ ਹੋਏ ਜਿਨ੍ਹਾਂ ਦਾ ਭੋਗ 27 ਦਸੰਬਰ ਨੂੰ ਪਵੇਗਾ। ਇਸੇ ਤਰ੍ਹਾਂ 26 ਦਸੰਬਰ ਨੂੰ ਸ੍ਰੀ ਦਸਮ ਗ੍ਰੰਥ ਦੇ ਅਖੰਡ ਪਾਠ ਆਰੰਭ ਹੋਣਗੇ ਅਤੇ 28 ਦਸੰਬਰ ਨੂੰ ਭੋਗ ਪਵੇਗਾ। ਇਸ ਮਗਰੋਂ ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਦਸੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤੀਕ ਨਗਰ ਕੀਰਤਨ ਵਿਚ ਨਿਹੰਗ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿਚ ਦੀਵਾਨ ਵੀ ਅੱਜ ਤੋਂ ਸ਼ੁਰੂ ਹੋ ਗਏ ਜੋ 28 ਦਸੰਬਰ ਤੱਕ ਜਾਰੀ ਰਹਿਣਗੇ।