ਰਾਮ ਕੁਮਾਰ ਮਿੱਤਲਗੁਹਲਾ ਚੀਕਾ (ਕੈਥਲ), 9 ਮਾਰਚਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਕਈ ਜਥੇਦਾਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਹਰਿਆਣਾ ’ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸੌਥਾ, ਜਨਰਲ ਸਕੱਤਰ ਸੁਖਵੀਰ ਮੰਡੀ ਸਣੇ ਕਈਆਂ ਨੇ ਸਮੂਹਿਕ ਤੌਰ ’ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਹਰਿਆਣਾ) ਦੇ ਸੂਬਾ ਪ੍ਰਧਾਨ ਸ਼ਰਨਜੀਤ ਸੌਂਥਾ ਦੀ ਪ੍ਰਧਾਨਗੀ ਹੇਠ ਸ਼ਨਿੱਚਰਵਾਰ ਨੂੰ ਗੁਰਦੁਆਰਾ ਨੀਮ ਸਾਹਿਬ ਕੈਥਲ ਵਿੱਚ ਹੋਈ ਸਿੱਖ ਸੰਗਤ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਆਨੰਦਪੁਰ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਅਤੇ ਹਾਲ ਹੀ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਰਖਾਸਤ ਕਰਨ ਦੇ ਫ਼ੈਸਲੇ ਦੀ ਨਿੰਦਾ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਆਪਹੁਦਰਾ ਦੱਸਦਿਆਂ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ ਨੇ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਫੈਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਦੀ ਨਿੱਜੀ ਕੰਪਨੀ ਬਣ ਗਿਆ ਹੈ। ਅਜਿਹੇ ਫ਼ੈਸਲੇ ਸਿੱਖ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਦੇ ਵਿਰੁੱਧ ਹਨ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਅਸੰਤੁਸ਼ਟੀ ਵਧ ਰਹੀ ਹੈ। ਆਗੂਆਂ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਗਲਤ ਫੈਸਲਿਆਂ ਦਾ ਸਮਰਥਨ ਨਹੀਂ ਕਰ ਸਕਦੇ।ਇਸ ਮੌਕੇ ਨਰਵੀਰ ਗੁਰਾਇਆ, ਸਿਕੰਦਰ ਸਿੰਘ, ਮਨਿੰਦਰ ਸਿੰਘ ਤੋਂ ਇਲਾਵਾ ਗੁਰਮਹਿੰਦਰ ਗੁਰਾਇਆ, ਬਲਰਾਜ ਪੋਲ੍ਹਾੜ, ਅਮਰਜੀਤ, ਸੁਰਜੀਤ ਸਿੰਘ ਰਾਮਦਾਸਪੁਰਾ, ਅਵਤਾਰ ਸਿੰਘ ਸੌਥਾ, ਜਸਬੀਰ ਸਾਇਰਾ ਸਣ ਵੱਡੀ ਗਿਣਤੀ ਸਿੱਖਾਂ ਨੇ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਆਪਣੇ ਅਸਤੀਫ਼ੇ ਸੌਂਪੇ।ਅਸਤੀਫ਼ਾ ਦੇਣ ਵਾਲੇ ਆਗੂ ਪਹਿਲਾਂ ਹੀ ਪਾਰਟੀ ’ਚੋਂ ਬਾਹਰ: ਕੈਮਪੁਰੀਦੂਜੇ ਪਾਸੇ ਹਰਿਆਣਾ ਸਿੱਖ ਪੰਥਕ ਦਲ ਦੇ ਮੁਖੀ ਬਲਦੇਵ ਸਿੰਘ ਕੈਮਪੁਰੀ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਦਾਅਵਾ ਕਰਨ ਵਾਲੇ ਆਗੂਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਕਾਲੀ ਦਲ ਪਹਿਲਾਂ ਹੀ ਬਾਹਰ ਦਾ ਰਸਤਾ ਦਿਖਾ ਚੁੱਕਾ ਹੈ ਕਿਉਂਕਿ ਉਨ੍ਹਾਂ ਨੇ ਹਰਿਆਣਾ ਗੁਰਦੁਆਰਾ ਚੋਣਾਂ ਦੌਰਾਨ ਪਾਰਟੀ ਨਾਲ ਵਿਸ਼ਵਾਸਘਾਤ ਕੀਤਾ ਸੀ।