Punjab Police: ਪੰਜਾਬ ’ਚ 27 ਤੱਕ ਸਾਰੇ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜਨਵਰੀ
ਗਣਤੰਤਰ ਦਿਵਸ ਦੇ ਮੱਦੇਨਜ਼ਰ 27 ਜਨਵਰੀ ਤੱਕ ਸੂਬੇ ਦੇ ਸਾਰੇ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਡੀਜੀਪੀ ਵੱਲੋਂ ਜਾਰੀ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਵਿੱਚ ਕਿਸੇ ਵੀ ਪੁਲੀਸ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਗੱਲ ਦੀ ਪੁਸ਼ਟੀ ਪੰਜਾਬ ਪੁਲੀਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕੀਤੀ ਹੈ।
ਸ੍ਰੀ ਗਿੱਲ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਆਮਦ ’ਤੇ ਸੁਰੱਖਿਆ ਪ੍ਰਬੰਧਾਂ ਨੂੂੰ ਪੁਖਤਾ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ’ਚ ਕਿਸੇ ਵੀ ਪੁਲੀਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ, ਜੇਕਰ ਪਹਿਲਾਂ ਕਿਸੇ ਦੀ ਛੁੱਟੀ ਮਨਜ਼ੂਰ ਕੀਤੀ ਗਈ ਹੈ ਤਾਂ ਉਹ ਵੀ ਰੱਦ ਕਰ ਦਿੱਤੀ ਜਾਵੇਗੀ। ਸ੍ਰੀ ਗਿੱਲ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਸੂਬੇ ਭਰ ਵਿੱਚ ਮੁਸਤੈਦ ਰਹੇਗੀ।