ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਪੰਜਾਬ ਬੰਦ: ਸੂਬਾ ਸਰਕਾਰ ਨੂੰ ਲੱਗਾ 90 ਤੋਂ 100 ਕਰੋੜ ਰੁਪਏ ਦਾ ਰਗੜਾ

07:53 PM Dec 31, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 31 ਦਸੰਬਰ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲੰਘੇ ਦਿਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਕੀਤੇ ‘ਪੰਜਾਬ ਬੰਦ’ ਕਰਕੇ ਸੂਬਾ ਸਰਕਾਰ ਨੂੰ 90 ਤੋਂ 100 ਕਰੋੜ ਰੁਪਏ ਦਾ ਰਗੜਾ ਲੱਗਾ ਹੈ। ਪੰਜਾਬ ਬੰਦ ਕਰਕੇ ਸੋਮਵਾਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਸੂਬੇ ’ਚ ਸੜਕੀ ਤੇ ਰੇਲ ਆਵਾਜਾਈ ਮੁਕੰਮਲ ਤੌਰ ’ਤੇ ਠੱਪ ਰਹੀ। ਇਸ ਦੌਰਾਨ ਸੂਬੇ ਦੇ ਸਾਰੇ ਬਾਜ਼ਾਰ, ਪੈਟਰੋਲ ਪੰਪ, ਸਬਜ਼ੀ ਮੰਡੀਆਂ ਸਣੇ ਹੋਰ ਵਪਾਰਕ ਖੇਤਰ ਪੂਰੀ ਤਰ੍ਹਾਂ ਬੰਦ ਰਹੇ। ਇਸ ਦੌਰਾਨ ਸੂਬੇ ਦਾ ਕਾਰੋਬਾਰ ਵੀ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਇਆ ਹੈ, ਜਿਸ ਕਰਕੇ ਹਜ਼ਾਰਾਂ ਕਰੋੜ ਰੁਪਏ ਦਾ ਲੈਣ-ਦੇਣ ਰੁਕ ਗਿਆ। ‘ਪੰਜਾਬ ਬੰਦ’ ਕਰਕੇੇ ਪੰਜਾਬ ਸਰਕਾਰ ਨੂੰ ਟੈਕਸਾਂ ਦੇ ਰੂਪ ਵਿੱਚ ਹੋਣ ਵਾਲੀ 90 ਤੋਂ 100 ਕਰੋੜ ਰੁਪਏ ਦੀ ਆਮਦਨ ਦਾ ਨੁਕਸਾਨ ਹੋਇਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੂੰ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀ ਵਿਕਰੀ ਤੋਂ ਵੱਡੀ ਗਿਣਤੀ ਵਿੱਚ ਟੈਕਸਾਂ ਦੇ ਰੂਪ ਵਿੱਚ ਆਮਦਨ ਹੁੰਦੀ ਹੈ। ਲੰਘੇ ਦਿਨ 9 ਘੰਟੇ ਸੜਕੀ ਆਵਾਜਾਈ ਠੱਪ ਹੋਣ ਕਰਕੇ ਸੂਬਾ ਸਰਕਾਰ ਨੂੰ ਇਸ ਹੈੱਡ 35 ਤੋਂ 40 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੂੰ ਰੋਜ਼ਾਨਾ ਪੈਟਰੋਲ ਤੋਂ 18-20 ਕਰੋੜ ਰੁਪਏ ਅਤੇ ਡੀਜ਼ਲ ਤੋਂ ਵੀ ਇੰਨੀ ਕੁ ਆਮਦਨ ਹੁੰਦੀ ਹੈ। ਦੂਜੇ ਪਾਸੇ ਸੂਬਾ ਸਰਕਾਰ ਨੂੰ ਹੋਰਨਾਂ ਸਰੋਤਾਂ ਤੋਂ ਜੀਐੱਸਟੀ ਦੇ ਰੂਪ ਵਿੱਚ ਹੋਣ ਵਾਲੀ 50 ਤੋਂ 55 ਕਰੋੜ ਰੁਪਏ ਦੀ ਆਮਦਨ ਵੀ ਠੱਪ ਹੋ ਗਈ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਨੂੰ 30 ਦਸੰਬਰ ਨੂੰ ‘ਪੰਜਾਬ ਬੰਦ’ ਦੇ ਸੱਦੇ ਦੇ ਚਲਦਿਆਂ 90 ਤੋਂ 100 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਵੱਡੀ ਗਿਣਤੀ ਵਪਾਰੀਆਂ ਨੂੰ ਵੀ ਵਿੱਤੀ ਨੁਕਸਾਨ ਝੱਲਣਾ ਪਿਆ ਹੈ।
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਹੱਦ ਉੱਤੇ ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ 13 ਫਰਵਰੀ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਸੁਣਵਾਈ ਨਾ ਕਰਨ ’ਤੇ ਇਕ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ’ਤੇ ਬੈਠੇ ਹਨ, ਜਿਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਕਿਸਾਨ ਆਗੂਆਂ ਨੇ ਵੱਖ-ਵੱਖ ਮਾਰਕੀਟਾਂ ਵਿੱਚ ਪਹੁੰਚ ਕੇ ਦੁਕਾਨਾਂ, ਬਾਜ਼ਾਰਾਂ ਤੇ ਮੰਡੀਆਂ ਨੂੰ ਬੰਦ ਕਰਵਾਇਆ ਹੈ। ਇਸੇ ਕਰਕੇ ਸੂਬੇ ਵਿੱਚ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਮੁਕੰਮਲ ਤੌਰ ’ਤੇ ਪੰਜਾਬ ਬੰਦ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਲੋਕ ਸੜਕਾਂ ’ਤੇ ਖੱਜਲ-ਖੁਆਰ ਹੋਏ ਸਨ, ਉੱਥੇ ਹੀ ਪੰਜਾਬ ਸਰਕਾਰ ਸਣੇ ਪੰਜਾਬ ਦੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੂੰ ਵੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।

Advertisement

Advertisement