ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬਾਬਾ ਫ਼ਰੀਦ ’ਵਰਸਿਟੀ ਨਾਲ ਸਮਝੌਤਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਪੰਜਾਬ ਸਰਕਾਰ ਦੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐੱਸਡੀਐੱਮ) ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਦਿਵਾਉਣ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀਐੱਫਯੂਐੱਚਐੱਸ) ਨਾਲ ਸਮਝੌਤਾ ਕੀਤਾ ਗਿਆ ਹੈ। ਇਹ ਸਮਝੌਤਾ ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਮਿਸ਼ਨ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਫ਼ਰੀਦਕੋਟ ਵਿੱਚ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ’ਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ।
ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਨੌਜਵਾਨਾਂ ਹਰ ਸਾਲ 200 ਦੇ ਕਰੀਬ ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਸਿਖਲਾਈ ਹਾਸਲ ਕਰਨ ਤੋਂ ਬਾਅਦ ਨੌਜਵਾਨ ਸਿਹਤ ਸੰਭਾਲ ਖੇਤਰ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਹੋਮ ਹੈਲਥ ਏਡ, ਅਪਰੇਸ਼ਨ ਥੀਏਟਰ ਟੈਕਨੀਸ਼ੀਅਨ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ-ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਡੈਂਟਲ ਅਸਿਸਟੈਂਟ, ਪਲਾਸਟਰ ਤਕਨੀਕਾਂ, ਆਰਥੋਪੈਡਿਕ ਟੈਕਨੀਸ਼ੀਅਨ, ਸੀ.ਟੀ. ਅਤੇ ਐੱਮ.ਆਰ.ਆਈ. ਵਿੱਚ ਨੌਜਵਾਨਾਂ ਨੂੰ ਹੁਨਰ ਵਿਕਾਸ ਸਿਖਲਾਈ ਸਰਟੀਫਿਕੇਟ ਕੋਰਸ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਖੇਤਰ ਦੀ ਮੰਗ ਪੂਰੀ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕਰਨ ਦੀ ਦਿਸ਼ਾ ਵੱਲ ਇਹ ਅਹਿਮ ਕਦਮ ਹੈ। ਉਨ੍ਹਾਂ ਤਨਖ਼ਾਹ ਵਾਲੇ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਸਨਮਾਨਜਨਕ ਰੋਜ਼ੀ-ਰੋਟੀ ਕਮਾਉਣ ਦੇ ਨਾਲ-ਨਾਲ ਰੁਜ਼ਗਾਰ ਪੈਦਾ ਕਰਨ ਲਈ ਉੱਦਮਾਂ ਦੀ ਪੜਚੋਲ ਕਰਨ ਲਈ ਵੀ ਉਤਸ਼ਾਹਿਤ ਕੀਤਾ।