ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਨਵੀਂ ਸਿੱਖਿਆ ਨੀਤੀ ਖ਼ਿਲਾਫ਼ ਮੁਜ਼ਾਹਰਾ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਸੱਦੇ ’ਤੇ ਹੋਏ ਰੋਸ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਨੇ ਨਵੀਂ ਸਿੱਖਿਆ ਨੀਤੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਵਿਦਿਆਰਥੀ ਆਗੂਆਂ ਨੇ ਦੋਸ਼ ਲਾਇਆ ਕਿ ਨਵੀਂ ਸਿੱਖਿਆ ਨੀਤੀ ਜਿਥੇ ਦੇਸ਼ ਨੂੰ ਫਾਸ਼ੀਵਾਦ ਵੱਲ ਧੱਕੇਗੀ, ਉਥੇ ਹੀ ਇਹ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤੇਗੀ। ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇਕੱਤਰ ਹੋਏ ਵਿਦਿਆਰਥੀਆਂ ਨੇ ਬੀਐੱਮਸੀ ਚੌਕ ਵਿੱਚ ਵਿਦਿਆਰਥੀ ਮੰਗਾਂ ਦੇ ਹੱਲ ਲਈ ਅਤੇ ਨਵੀਂ ਸਿੱਖਿਆ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪੀਐੱਸਯੂ ਦੇ ਜ਼ਿਲ੍ਹਾ ਪ੍ਰਧਾਨ ਵਰਜੀਤ ਕੌਰ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਦੀਆਂ ਆਰਥਿਕ ਨੀਤੀਆਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤਦੀਆਂ ਹਨ। ਦੂਜਾ ਕੇਂਦਰ ’ਚ ਰਾਜ ਕਰਦੀ ਆਰਐੱਸਐੱਸ/ਭਾਜਪਾ ਦੀ ਮੋਦੀ ਸਰਕਾਰ ਆਪਣਾ ਫਿਰਕੂ ਫਾਸ਼ੀ ਏਜੰਡਾ ਲਾਗੂ ਕਰ ਰਹੀ ਹੈ। ਇਸੇ ਲਈ ਸਰਕਾਰ ਵੱਲੋਂ ਲਿਆਂਦੀ ਨਵੀਂ ਸਿੱਖਿਆ ਨੀਤੀ ਕਾਰਪੋਰੇਟ ਅਤੇ ਫਾਸ਼ੀਵਾਦ ਦੇ ਸਿੱਧਾ ਹੱਕ ਵਿਚ ਭੁਗਤਦੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਮੰਗਾਂ ਵਿਚ ਸਿੱਖਿਆ ਨੀਤੀ ਰੱਦ ਕੀਤੀ ਜਾਵੇ, ਬਿਨਾਂ ਕਲਾਸ ਰੂਮ ਪੜ੍ਹਾਈ ਤੋਂ ਕੋਈ ਫੀਸ ਨਹੀਂ, ਆਨਲਾਈਨ ਪੜ੍ਹਾਈ ਕਲਾਸ ਰੂਮ ਪੜ੍ਹਾਈ ਦਾ ਬਦਲ ਨਹੀਂ ਹੋ ਸਕਦੀ। ਆਨਲਾਈਨ ਪੜ੍ਹਾਈ ਕਰਵਾਉਣ ਤੋਂ ਪਹਿਲਾਂ ਆਨਲਾਈਨ ਢਾਂਚਾ ਵਿਕਸਿਤ ਕੀਤਾ ਜਾਵੇ। ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਨਲਾਈਨ ਸਿੱਖਿਆ ਦੀ ਟ੍ਰੇਨਿੰਗ ਦਿੱਤੀ ਜਾਵੇ ਆਨਲਾਈਨ ਪੜ੍ਹਾਈ ਦੇ ਨਾਂ ਉੱਪਰ ਫੀਸ ਲੈਣੀ ਬੰਦ ਕੀਤੀ ਜਾਵੇ। ਫਾਈਨਲ ਕਲਾਸਾਂ ਦੇ ਵਿਦਿਆਰਥੀਆਂ ਨੂੰ ਇੱਕ ਮਹੀਨਾ ਕਲਾਸਾਂ ਲਾਉਣ ਦਾ ਸਮਾਂ ਦਿੱਤਾ ਜਾਵੇ ਜਾਂ ਉਨ੍ਹਾਂ ਨੂੰ ਬਿਨਾਂ ਪੇਪਰ ਲਏ ਪਰਮੋਟ ਕੀਤਾ ਜਾਵੇ, ਐੱਸਸੀ ਵਿਦਿਆਰਥੀਆਂ ਕੋਲੋਂ ਫੀਸਾਂ ਲੈਣ ਦਾ ਫੈਸਲਾ ਵਾਪਸ ਲਿਆ ਜਾਵੇ।