ਪੰਜਾਬ ’ਵਰਸਿਟੀ ਨੇ ਜਿੱਤੀ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ
ਸਤਵਿੰਦਰ ਬਸਰਾ
ਲੁਧਿਆਣਾ, 2 ਦਸੰਬਰ
ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ 2024 ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਯੁਵਕ ਮੇਲੇ ਦੀ ਓਵਰਆਲ ਟਰਾਫੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜਿੱਤ ਲਈ ਹੈ। ਯੁਵਕ ਮੇਲੇ ਦੇ ਸਮਾਪਤੀ ਸਮਾਗਮ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਿਨ੍ਹਾਂ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਜੀ ਆਇਆਂ ਆਖਿਆ। ਯੁਵਕ ਮੇਲੇ ਦੇ ਅੱਜ ਚੌਥੇ ਦਿਨ ਮਾਝਾ, ਮਾਲਵਾ ਅਤੇ ਦੋਆਬੇ ਦੀਆਂ ਗਿੱਧੇ ਦੀਆਂ ਟੀਮਾਂ ਨੇ ਖੂਬ ਰੌਣਕਾਂ ਲਾਈ ਰੱਖੀਆਂ ਅਤੇ ਲੰਮੀਆਂ ਹੇਕਾਂ ਵਾਲੇ ਗੀਤ ਮੁਕਾਬਲਿਆਂ ਦੌਰਾਨ ਡਾ. ਮਨਮੋਹਨ ਸਿੰਘ ਆਡੀਟੋਰੀਅਮ ਪੂਰੀ ਤਰ੍ਹਾਂ ਸੱਭਿਆਚਾਰਕ ਮਾਹੌਲ ਵਿੱਚ ਰੰਗਿਆ ਗਿਆ। ਮੁਕਾਬਲਿਆਂ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਓਵਰਆਲ ਟਰਾਫੀ ’ਤੇ ਕਬਜ਼ਾ ਕੀਤਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਰਨਰਅੱਪ ਰਹੀ। ਵੀਸੀ ਡਾ. ਗੋਸਲ ਨੇ ਇਸ ਮੇਲੇ ਦੀ ਸਫ਼ਲਤਾ ਲਈ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਧੰਨਵਾਦ ਕੀਤਾ ਅਤੇ ਵਿਭਾਗ ਵੱਲੋਂ ਸਨਮਾਨ ਚਿੰਨ ਪ੍ਰਾਪਤ ਕੀਤਾ। ਉਪਰੰਤ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਵੱਲੋਂ ਇਸ ਪ੍ਰੋਗਰਾਮ ਵਿੱਚ ਹਾਜ਼ਰ ਸਮੂਹ ਯੂਨੀਵਰਸਿਟੀਆਂ ਦੇ ਡਾਇਰੈਕਟਰ ਕਲਚਰਲ ਅਤੇ ਵਿਭਾਗੀ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਯੁਵਕ ਮੇਲੇ ’ਚ ਭਿੜੇ ਵਿਦਿਆਰਥੀ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ):
ਯੁਵਕ ਮੇਲੇ ਦੌਰਾਨ ਬੀਤੇ ਦਿਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਧਿਰਾਂ ਵਿੱਚ ਕਾਫ਼ੀ ਝਗੜਾ ਹੋ ਗਿਆ ਜਿਸ ਦੌਰਾਨ ਦੋਵਾਂ ਨੇ ਇੱਕ-ਦੂਜੇ ’ਤੇ ਕੁਰਸੀਆਂ ਤੇ ਮੇਜ਼ ਮਾਰਨੇ ਸ਼ੁਰੂ ਕਰ ਦਿੱਤੇ। ਇਸ ਸਮਾਗਮ ਵਿੱਚ ਸਵੇਰ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੁੱਜੇ ਸਨ ਜਿਨ੍ਹਾਂ ਦੇ ਜਾਣ ਤੋਂ ਕੁਝ ਦੇਰ ਬਾਅਦ ਹੀ ਵਿਦਿਆਰਥੀਆਂ ਵਿਚਕਾਰ ਲੜਾਈ ਹੋ ਗਈ। ਉੱਥੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਅਤੇ ਪ੍ਰੋਫੈਸਰਾਂ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਇਨਾਮ ਜਿੱਤਣ ਤੋਂ ਬਾਅਦ ਇੱਕ-ਦੂਜੇ ’ਤੇ ਟਿੱਪਣੀ ਕਰਨ ਕਾਰਨ ਹੋਇਆ ਸੀ। ਹੁਣ ਇਸ ਮਾਮਲੇ ਵਿੱਚ ਪੀਏਯੂ ਪ੍ਰਸ਼ਾਸਨ ਜਾਂਚ ਵਿੱਚ ਲੱਗਿਆ ਹੋਇਆ ਹੈ। ਇਸ ਮਾਮਲੇ ਵਿੱਚ ਲੜਾਈ ਦੀ ਵੀਡੀਓ ਵੀ ਕਾਫ਼ੀ ਵਾਇਰਲ ਹੋ ਗਈ, ਜਿਸ ਤੋਂ ਬਾਅਦ ਪੀਏਯੂ ਥਾਣੇ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਯੁਵਕ ਮੇਲੇ ਵਿੱਚ ਦਿੱਤੀ ਗਈ ਪੇਸ਼ਕਾਰੀ ਤੋਂ ਬਾਅਦ ਇੱਕ ਯੂਨੀਵਰਸਿਟੀ ਨੇ ਤਗ਼ਮਾ ਜਿੱਤਿਆ ਸੀ, ਜਿਸ ਤੋਂ ਬਾਅਦ ਦੂਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਥਿਤ ਤੌਰ ’ਤੇ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤਾ ਅਤੇ ਗਲਤ ਟਿੱਪਣੀਆਂ ਕੀਤੀਆਂ। ਇਸ ਦੌਰਾਨ ਦੋਵਾਂ ਧੜਿਆਂ ਦੇ ਵਿਦਿਆਰਥੀਆਂ ਦੀ ਆਪਸ ਵਿੱਚ ਹੱਥੋਪਾਈ ਹੋ ਗਈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਯੁਵਕ ਮੇਲੇ ਦੌਰਾਨ ਦੋ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ ਸੀ, ਪਰ ਮਾਮਲਾ ਇੰਨਾ ਵੱਡਾ ਨਹੀਂ ਹੈ। ਪੀਏਯੂ ਥਾਣੇ ਦੇ ਐੱਸਐੱਚਓ ਇੰਸਪੈਕਟਰ ਰਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀਡੀਓ ਜ਼ਰੂਰ ਮਿਲੀ ਹੈ। ਪੀਏਯੂ ਦੇ ਸੁਰੱਖਿਆ ਵਿੱਚ ਲੱਗੇ ਮੁਲਾਜ਼ਮਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ ਸੀ, ਪਰ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਮਾਮਲਾ ਖਤਮ ਹੋ ਗਿਆ ਸੀ। ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਸ਼ਿਕਾਇਤ ਵੀ ਨਹੀਂ ਹੋਇਆ।