ਪੰਜਾਬੀ ਅਦਾਕਾਰਾ ਪ੍ਰੀਤੀ ਸਪਰੂ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਦਸੰਬਰ
ਦਸਮੇਸ਼ ਪਬਲਿਕ ਸਕੂਲ ਗੋਬਿੰਦਪੁਰੀ ਦਿੱਲੀ ਨੇ ਆਪਣਾ ਸਾਲਾਨਾ ਸਮਾਗਮ ਦੱਖਣੀ ਦਿੱਲੀ ਦੇ ਆਰੀਆ ਆਡੀਟੋਰੀਅਮ ਈਸਟ ਆਫ ਕੈਲਾਸ਼ ਵਿਖੇ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਪਦਮ ਭੂਸ਼ਣ ਐਵਾਰਡੀ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉੱਘੇ ਪੰਜਾਬੀ ਫਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ। ਤਰਲੋਚਨ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੇਖ ਕੇ ਯਕੀਨ ਨਹੀਂ ਹੁੰਦਾ ਕਿ ਇਹ ਪ੍ਰਾਇਮਰੀ ਸਕੂਲ ਦੇ ਬੱਚੇ ਹਨ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਸ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦਾ ਭਵਿੱਖ ਸੁਨਹਿਰੀ ਹੀ ਹੋਵੇਗਾ। ਛੋਟੀਆਂ ਬੱਚੀਆਂ ਵੱਲੋਂ ਪੇਸ਼ ਕੀਤੇ ਗਏ ‘ਮਹਿੰਦੀ’ ਗੀਤ ਨੂੰ ਵੇਖ ਕੇ ਪ੍ਰੀਤੀ ਸਪਰੂ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਵਾਂਗ ਹੀ ਉਨ੍ਹਾਂ ਦੀ ਬੇਟੀਆਂ ਵੀ ਇਸ ਉਮਰ ’ਚੋਂ ਇਸ ਤਰ੍ਹਾਂ ਮਿਹਨਤ ਨਾਲ ਲੰਘੀਆਂ ਹਨ। ਉਨ੍ਹਾਂ ਸਕੂਲ ਦੀ ਪ੍ਰਬੰਧਕ ਕਮੇਟੀ ਤੇ ਸਟਾਫ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਕਸ਼ਮੀਰ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿੱਚ ਮੈਮੋਰੀਅਲ ਬਣਾਏ ਜਾਣ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਤੇ ਸਕੂਲ ਦੇ ਮੈਨੇਜਰ ਹਰਦਿੱਤ ਸਿੰਘ ਗੋਬਿੰਦਪੁਰੀ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਾਲਕਾ ਜੀ ਦੇ ਚੇਅਰਮੈਨ ਸਤਨਾਮ ਸਿੰਘ ਸੱਤਾ ਤੇ ਪ੍ਰਿੰਸੀਪਲ ਭਵਜੀਤ ਕੌਰ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ, ਸਭਾ ਦੇ ਪ੍ਰਧਾਨ ਸੁਰਜੀਤ ਸਿੰਘ, ਮਨਜੀਤ ਸਿੰਘ ਲੋਟੇ, ਬਹਾਦਰ ਸਿੰਘ, ਸਭਾ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ, ਕੈਸ਼ੀਅਰ ਤੇ ਮੀਤ ਕੈਸ਼ੀਅਰ ਅਜੈਪਾਲ ਸਿੰਘ ਤੇ ਕੁਲਦੀਪ ਸਿੰਘ ਆਦਿ ਮੌਜੂਦ ਸਨ।