ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਪੰਜਾਬੀ ਅਣਗੌਲੀ, ਲੋਕ ਖ਼ਫ਼ਾ
ਆਤਿਸ਼ ਗੁਪਤਾ
ਚੰਡੀਗੜ੍ਹ, 24 ਨਵੰਬਰ
ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ ਵਿੱਚ ਅੱਜ ਮਾਂ-ਬੋਲੀ ਪੰਜਾਬੀ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਥਾਂ-ਥਾਂ ’ਤੇ ਹਿੰਦੀ ਅਤੇ ਅੰਗਰੇਜ਼ੀ ਵਿੱਚ ਬੋਰਡ ਲਗਾਏ ਜਾ ਰਹੇ ਹਨ। ਪੰਜਾਬ ਦੀ ਰਾਜਧਾਨੀ ਵਿੱਚ ਮਾਂ-ਬੋਲੀ ਪੰਜਾਬੀ ਨੂੰ ਅਣਗੌਲਿਆਂ ਕਰਨ ’ਤੇ ਪੰਜਾਬੀ ਪ੍ਰੇਮੀਆਂ ਵਿੱਚ ਵਧੇਰੇ ਨਾਰਾਜ਼ਗੀ ਪਾਈ ਜਾ ਰਹੀ ਹੈ। ਇਨ੍ਹਾਂ ਵੱਲੋਂ ਕੇਂਦਰ ਸਰਕਾਰ ਤੇ ਯੂਟੀ ਪ੍ਰਸ਼ਾਸਨ ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਬਣਦਾ ਮਾਣ-ਸਨਮਾਨ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਕਈ ਆਯੂਸ਼ਮਾਨ ਕੇਂਦਰਾਂ ’ਤੇ ਬੋਰਡ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਲਗਾਏ ਜਾ ਰਹੇ ਹਨ। ਇਨ੍ਹਾਂ ਬੋਰਡਾਂ ’ਤੇ ਉੱਪਰ ਹਿੰਦੀ ਅਤੇ ਹੇਠਾਂ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ, ਪਰ ਪੰਜਾਬੀ ਭਾਸ਼ਾ ਨੂੰ ਬਿਲਕੁੱਲ ਹੀ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਹ ਹੀ ਹਾਲ ਪਿੰਡ ਬਡਹੇੜੀ ਵਿੱਚ ਸਥਿਤ ਆਯੂਸ਼ਮਾਨ ਕੇਂਦਰ ਦੇ ਬਾਹਰ ਲੱਗੇ ਬੋਰਡ ’ਤੇ ਦੇਖਣ ਨੂੰ ਮਿਲਿਆ ਹੈ। ਪਿੰਡ ਬਡਹੇੜੀ ਵਿੱਚ ਆਯੂਸ਼ਮਾਨ ਕੇਂਦਰ ’ਤੇ ਲੱਗੇ ਬੋਰਡ ਦਾ ਕਈ ਇਲਾਕਾ ਵਾਸੀਆਂ ਨੇ ਵਿਰੋਧ ਵੀ ਕੀਤਾ ਹੈ, ਪਰ ਯੂਟੀ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ ਹੈ।
ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤੇ ਪਿੰਡ ਬਡਹੇੜੀ ਦੇ ਵਸਨੀਕ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹਮੇਸ਼ਾ ਹੀ ਪੰਜਾਬੀ ਭਾਸ਼ਾ ਨੂੂੰ ਅਣਗੌਲਿਆਂ ਕੀਤਾ ਜਾਂਦਾ ਹੈ। ਇਸੇ ਕਰ ਕੇ ਚੰਡੀਗੜ੍ਹ ਵਿੱਚ ਪ੍ਰਸ਼ਾਸਕੀ ਕੰਮਕਾਜ ਅੰਗਰੇਜ਼ੀ ਭਾਸ਼ਾ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਬਡਹੇੜੀ ਵਿੱਚ ਸਾਰੇ ਲੋਕ ਪੰਜਾਬੀ ਰਹਿੰਦੇ ਹਨ। ਇਸ ਦੇ ਬਾਵਜੂਦ ਆਯੂਸ਼ਮਾਨ ਕੇਂਦਰ ’ਤੇ ਬੋਰਡ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਲਗਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਮਾਂ-ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਕੀ ਕੰਮਕਾਜ ਵੀ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਣਾ ਚਾਹੀਦਾ ਹੈ।
ਕਈ ਨੀਂਹ ਪੱਥਰਾਂ ’ਤੇ ਵੀ ਅੰਗਰੇਜ਼ੀ ਲਿਖਣ ਦਾ ਹੋ ਚੁੱਕਾ ਹੈ ਵਿਰੋਧ
ਪੰਜਾਬ ਦੀ ਰਾਜਧਾਨੀ ਵਿੱਚ ਯੂਟੀ ਪ੍ਰਸ਼ਾਸਨ ਵੱਲੋਂ ਕਈ ਵਾਰ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ’ਤੇ ਵੀ ਅੰਗਰੇਜ਼ੀ ਭਾਸ਼ਾ ਵਿੱਚ ਲਿਖੀ ਗਈ ਹੈ, ਜਿਸ ਦਾ ਪੰਜਾਬੀ ਪ੍ਰੇਮੀਆਂ ਵੱਲੋਂ ਕਈ ਵਾਰ ਵਿਰੋਧ ਵੀ ਕੀਤਾ ਗਿਆ ਹੈ। ਇਸ ਦੌਰਾਨ ਕਈ ਵਾਰ ਨੀਂਹ ਪੱਥਰ ’ਤੇ ਕਾਲਖ ਤੱਕ ਪੋਥੀ ਗਈ ਹੈ। ਇਸ ਦੇ ਬਾਵਜੂਦ ਯੂਟੀ ਪ੍ਰਸ਼ਾਸਨ ਵੱਲੋਂ ਜਨਤਕ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ।