ਪ੍ਰਧਾਨ ਮੰਤਰੀ ਦੀ ਮੀਟਿੰਗ ’ਚੋਂ ਪੰਜਾਬ ਦਾ ਏਜੰਡਾ ਬਾਹਰ
ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 28 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਦਿੱਲੀ ਵਿੱਚ ਅੱਜ ਹੋਈ ਉੱਚ ਪੱਧਰੀ ਮੀਟਿੰਗ ’ਚੋਂ ਪੰਜਾਬ ਦੇ ‘ਦਿੱਲੀ-ਕਟੜਾ ਐਕਸਪ੍ਰੈੱਸਵੇਅ’ ਦਾ ਏਜੰਡਾ ਬਾਹਰ ਰਿਹਾ। ਪ੍ਰਧਾਨ ਮੰਤਰੀ ਦੀ ਮੁੱਖ ਸਕੱਤਰਾਂ ਨਾਲ ਵਰਚੁਅਲ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਮੂਲੀਅਤ ਕੀਤੀ ਪਰ ਇਸ ਵਿੱਚ ਪੰਜਾਬ ਦੇ ਮੁੱਦੇ ਉਚੇਚੇ ਤੌਰ ’ਤੇ ਵਿਚਾਰੇ ਨਹੀਂ ਗਏ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਇਸ ਮੀਟਿੰਗ ਦੀ ਤਿਆਰੀ ਕਈ ਦਿਨਾਂ ਤੋਂ ਵਿੱਢੀ ਹੋਈ ਸੀ। ਕੇਂਦਰ ਸਰਕਾਰ ਨੇ ਕੌਮੀ ਸੜਕ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਅਤੇ ਜ਼ਮੀਨਾਂ ਦੇ ਕਬਜ਼ੇ ਲੈਣ ਬਾਰੇ ਪੰਜਾਬ ਨੂੰ ਨਿਸ਼ਾਨੇ ’ਤੇ ਲਿਆ ਹੋਇਆ ਸੀ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਅਮਨ-ਕਾਨੂੰਨ ਦੇ ਹਵਾਲੇ ਨਾਲ ਪੰਜਾਬ ਸਰਕਾਰ ਨੂੰ ਅੱਠ ਸੜਕੀ ਪ੍ਰਾਜੈਕਟ ਰੱਦ ਕਰਨ ਦੀ ਚਿਤਾਵਨੀ ਦਿੱਤੀ ਸੀ। ਪੰਜਾਬ ਸਰਕਾਰ ਅਨੁਸਾਰ ਦਿੱਲੀ-ਕਟੜਾ ਮਾਰਗ ਦੇ ਮੁੱਖ ਕੌਰੀਡੋਰ ਲਈ 85 ਫ਼ੀਸਦ ਸੜਕਾਂ ਵਾਸਤੇ ਜ਼ਮੀਨ ਐਕੁਆਇਰ ਕਰਨ ਅਤੇ ਕਬਜ਼ਾ ਲੈਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਬੀਤੇ ਦਿਨ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਮੀਟਿੰਗ ਦੇ ਆਖਰੀ ਏਜੰਡੇ ’ਚੋਂ ਦਿੱਲੀ-ਕਟੜਾ ਐੱਕਸਪ੍ਰੈੱਸਵੇਅ ਦਾ ਏਜੰਡਾ ਗਾਇਬ ਸੀ। ਅਧਿਕਾਰੀਆਂ ਅਨੁਸਾਰ ਪੰਜਾਬ ਸਰਕਾਰ ਦੀ ਪਿਛਲੇ ਦਿਨਾਂ ਵਿੱਚ ਕੌਮੀ ਸੜਕ ਮਾਰਗਾਂ ਦੇ ਕੰਮ ਦੀ ਹੋਈ ਪ੍ਰਗਤੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਤਸੱਲੀ ਵਿੱਚ ਹੋਣਗੇ ਜਿਸ ਕਰਕੇ ਅੱਜ ਦੀ ਮੀਟਿੰਗ ਦੇ ਏਜੰਡੇ ’ਚੋਂ ਦਿੱਲੀ-ਕਟੜਾ ਐੱਕਸਪ੍ਰੈੱਸਵੇਅ ਨੂੰ ਸ਼ਾਮਲ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਅੱਜ ਦੀ ਮੀਟਿੰਗ ਦੇ ਮੱਦੇਨਜ਼ਰ ਪੂਰੀ ਤਿਆਰੀ ਕੀਤੀ ਹੋਈ ਸੀ। ਅੱਜ ਪ੍ਰਧਾਨ ਮੰਤਰੀ ਦੀ ਮੀਟਿੰਗ ਕਰੀਬ ਇੱਕ ਘੰਟਾ ਚੱਲੀ ਜਿਸ ਵਿੱਚ ਜਨਰਲ ਏਜੰਡਿਆਂ ’ਤੇ ਚਰਚਾ ਹੋਈ। ਪ੍ਰਧਾਨ ਮੰਤਰੀ ਨੇ ਮੁੱਖ ਸਕੱਤਰਾਂ ਨੂੰ ਕਿਹਾ ਕਿ ਕੇਂਦਰੀ ਪ੍ਰਾਜੈਕਟਾਂ ਵਿੱਚ ਦੇਰੀ ਨਾਲ ਜਿੱਥੇ ਲਾਗਤਾਂ ਵਿੱਚ ਵਾਧਾ ਹੁੰਦਾ ਹੈ, ਉੱਥੇ ਲੋਕ ਵੀ ਇਨ੍ਹਾਂ ਪ੍ਰਾਜੈਕਟਾਂ ਦੇ ਲਾਭ ਤੋਂ ਵਾਂਝੇ ਰਹਿੰਦੇ ਹਨ।
ਐੱਨਐੱਚਏਆਈ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਭਗਵੰਤ ਮਾਨ ਨੇ ਅੱਜ ਮੀਟਿੰਗ ਸੱਦੀ
ਲੁਧਿਆਣਾ (ਨਿਤਿਨ ਜੈਨ):
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐੱਨਐੱਚਏਆਈ) ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਭਲਕੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਬਹੁ-ਵਿਭਾਗੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਪਹਿਲੀ ਵਾਰ ਹਾਈਵੇਅ ਪ੍ਰਾਜੈਕਟਾਂ ਦੀ ਸਮੀਖਿਆ ਲਈ ਅਜਿਹੀ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਏਜੰਡੇ ਵਿੱਚ ਪੀਡਬਲਿਊਡੀ ਮੰਤਰੀ, ਮੁੱਖ ਸਕੱਤਰ, ਵਿਸ਼ੇਸ਼ ਮੁੱਖ ਸਕੱਤਰ ਮਾਲ ਅਤੇ ਮੁੜ ਵਸੇਬਾ, ਪ੍ਰਮੁੱਖ ਸਕੱਤਰ ਜਲ ਸਰੋਤ, ਸਕੱਤਰ ਬਿਜਲੀ, ਸਕੱਤਰ ਖਣਨ ਅਤੇ ਭੂ-ਵਿਗਿਆਨ ਅਤੇ ਸਕੱਤਰ ਲੋਕ ਨਿਰਮਾਣ ਵਿਭਾਗ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਵੀਰਵਾਰ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ ਲਈ ਬੁਲਾਇਆ ਗਿਆ ਹੈ। ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਯਸ਼ਪਾਲ ਸ਼ਰਮਾ ਨੇ ਲੋਕ ਨਿਰਮਾਣ ਵਿਭਾਗ ਨੂੰ ਭੇਜੀ ਚਿੱਠੀ ਵਿੱਚ ਕਿਹਾ, ‘‘ਮੈਨੂੰ ਤੁਹਾਨੂੰ ਇਹ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਮੁੱਖ ਮੰਤਰੀ 29 ਅਗਸਤ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦਫ਼ਤਰ ਵਿੱਚ ਐੱਨਐੱਚਏਆਈ ਦੇ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਬਾਰੇ ਲੋਕ ਨਿਰਮਾਣ ਵਿਭਾਗ ਨਾਲ ਮੀਟਿੰਗ ਕਰਨਗੇ।’’