ਪੰਜਾਬ ਦੀ ਖੇਤੀ ਆਰਥਿਕਤਾ ਢਹਿ-ਢੇਰੀ ਹੋਣ ਦੇ ਕਿਨਾਰੇ: ਬਾਜਵਾ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 12 ਅਕਤੂਬਰ
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੂਬੇ ਦੇ ਕਿਸਾਨਾਂ, ਚੌਲ ਮਿੱਲਰਾਂ ਅਤੇ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਦੀ ਹਮਾਇਤ ਕਰਦਿਆਂ ਖੇਤੀ ਸੈਕਟਰ ਦੇ ਮਾੜੇ ਪ੍ਰਬੰਧ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਜਵਾ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਖੇਤੀ ਆਰਥਿਕਤਾ ਢਹਿ-ਢੇਰੀ ਹੋਣ ਦੇ ਕੰਢੇ ’ਤੇ ਹੈ। ਇਸ ਦੇ ਪੇਂਡੂ ਭਾਈਚਾਰਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਸ੍ਰੀ ਬਾਜਵਾ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੇ ਪ੍ਰਬੰਧਨ ਵਿੱਚ ਸਰਕਾਰ ਦੀ ਤਿਆਰੀ ਦੀ ਘਾਟ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਚੌਲ ਮਿੱਲਰਾਂ ਲਈ ਤੁਰੰਤ ਰਾਹਤ ਦੀ ਮੰਗ ਕੀਤੀ। ਸ੍ਰੀ ਬਾਜਵਾ ਨੇ ਮੁੱਖ ਮੰਤਰੀ ਦੀ ਸ਼ੈੱਲਰ ਮਾਲਕਾਂ ਨਾਲ ਹੋਈ ਮੀਟਿੰਗ ਬਾਰੇ ਕਿਹਾ ਕਿ ਇਹ ਧਮਕੀਆਂ ਦੇਣ ਦੇ ਤੁੱਲ ਸੀ।
ਉਨ੍ਹਾਂ 10 ਅਕਤੂਬਰ ਨੂੰ ਜਾਰੀ ਕੀਤੇ ਭਰੋਸੇ ਅਤੇ ਨੋਟੀਫਿਕੇਸ਼ਨ ਦੇ ਬਾਵਜੂਦ ਸ਼ੈੱਲਰ ਮਾਲਕਾਂ ਦੀਆਂ ਜ਼ਮਾਨਤਾਂ ਦੀ ਭਰਪਾਈ ਕਰਨ ਵਿੱਚ ਨਾਕਾਮ ਰਹਿਣ ਲਈ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਸ੍ਰੀ ਬਾਜਵਾ ਨੇ ਸੂਬੇ ਦੇ 50000 ਕਮਿਸ਼ਨ ਏਜੰਟਾਂ (ਆੜ੍ਹਤੀਆਂ) ਲਈ ਵੀ ਚਿੰਤਾ ਜ਼ਾਹਿਰ ਕੀਤੀ, ਜਿਨ੍ਹਾਂ ਦੀ ਸਰਕਾਰ ਨੇ ਕਮਿਸ਼ਨਾਂ ਦੀ 2.5 ਫ਼ੀਸਦੀ ਦੀ ਪਿਛਲੀ ਦਰ ਤੋਂ 46 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰ ਕੇ ਕਮਾਈ ਘਟਾ ਦਿੱਤੀ ਹੈ। ਸ੍ਰੀ ਬਾਜਵਾ ਨਾਲ ਸਕੱਤਰ ਏਆਈਸੀਸੀ ਅਲੋਕ ਸ਼ਰਮਾ, ਰਵਿੰਦਰ ਡਾਲਵੀ ਤੇ ਸੁਖਵਿੰਦਰ ਸਿੰਘ ਡੈਨੀ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਰਾਜ ਕੁਮਾਰ ਵੇਰਕਾ ਆਦਿ ਮੌਜੂਦ ਰਹੇ।