ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਨਵੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ 90 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਦੀ ਅਣਦੇਖੀ ਅਤੇ ਸਰਕਾਰ ਦੀ ਵਾਅਦਾਖਿਲਾਫ਼ੀ ਦੇ ਵਿਰੋਧ ਵਿਚ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਪਹਿਲੇ ਪੜਾਅ ’ਚ 22 ਦਸੰਬਰ ਤੋਂ ਪੰਜ ਕੰਪਿਊਟਰ ਅਧਿਆਪਕ ਮਰਨ ਵਰਤ ’ਤੇ ਬੈਠਣਗੇ ਅਤੇ ਰੋਜ਼ਾਨਾ ਪੰਜ ਨਵੇਂ ਅਧਿਆਪਕ ਮਰਨ ਵਰਤ ਵਿਚ ਸ਼ਾਮਲ ਹੋਣਗੇ।
ਭੁੱਖ ਹੜਤਾਲੀ ਕੈਂਪ ਵਿਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਪਰਮਵੀਰ ਸਿੰਘ ਪੰਮੀ, ਜੌਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ ਅਤੇ ਗੁਰਬਖਸ਼ ਲਾਲ ਨੇ ਦੱਸਿਆ ਕਿ 22 ਦਸੰਬਰ ਤੋਂ ਪਹਿਲੇ ਪੜਾਅ ਵਿੱਚ ਪੰਜ ਅਧਿਆਪਕ ਮਰਨ ਵਰਤ ’ਤੇ ਬੈਠਣਗੇ। ਇਨ੍ਹਾਂ ਵਿੱਚ ਜੌਨੀ ਸਿੰਗਲਾ (ਬਠਿੰਡਾ), ਰਣਜੀਤ ਸਿੰਘ (ਪਟਿਆਲਾ), ਉਦਮ ਸਿੰਘ ਡੋਗਰਾ (ਹੁਸ਼ਿਆਰਪੁਰ), ਰਾਵਿੰਦਰ ਕੌਰ (ਫਤਹਿਗੜ੍ਹ ਸਾਹਿਬ) ਅਤੇ ਸੀਮਾ ਰਾਣੀ (ਪਟਿਆਲਾ) ਸ਼ਾਮਲ ਹਨ। ਇਸ ਤੋਂ ਬਾਅਦ ਹਰ ਰੋਜ਼ ਨਵੇਂ ਅਧਿਆਪਕ ਮਰਨ ਵਰਤ ਵਿਚ ਸ਼ਾਮਲ ਹੋਣਗੇ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਇਹ ਮਰਨ ਵਰਤ ਉਨ੍ਹਾਂ ਦੀਆਂ ਮੰਗਾਂ ਦੀਆਂ ਪੂਰਤੀ ਤੱਕ ਜਾਰੀ ਰਹੇਗਾ। ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ 19 ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਉਨ੍ਹਾਂ ਦੇ ਸਾਰੇ ਹੱਕ ਬਹਾਲ ਕਰਨ ਅਤੇ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦੇ ਝੂਠੇ ਸਾਬਤ ਹੋਏ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਅਨੁਸਾਰ ਉਨ੍ਹਾਂ ਦੇ ਸਾਰੇ ਹੱਕ ਬਹਾਲ ਕੀਤੇ ਜਾਣ, ਉਨ੍ਹਾਂ ਨੂੰ 6ਵੇਂ ਪੇਅ ਕਮਿਸ਼ਨ ਸਮੇਤ ਸਾਰੇ ਲਾਭ ਦਿੰਦੇ ਹੋਏ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਸ਼ਰਤ ਤੋਂ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਤਾਂ ਉਹ ਸੰਘਰਸ਼ ਤੇਜ਼ ਕਰਨਗੇ।