For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਵਿੱਤ ਸਲਾਹਕਾਰ ਅਰਬਿੰਦ ਮੋਦੀ ਵੱਲੋਂ ਸਰਕਾਰ ਨੂੰ ਨਵੇਂ ਟੈਕਸ ਲਾਉਣ ਦੀ ਸਿਫ਼ਾਰਿਸ਼

06:57 AM Oct 18, 2024 IST
ਪੰਜਾਬ ਦੇ ਵਿੱਤ ਸਲਾਹਕਾਰ ਅਰਬਿੰਦ ਮੋਦੀ ਵੱਲੋਂ ਸਰਕਾਰ ਨੂੰ ਨਵੇਂ ਟੈਕਸ ਲਾਉਣ ਦੀ ਸਿਫ਼ਾਰਿਸ਼
Advertisement

* ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ

Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 17 ਅਕਤੂਬਰ
ਨਵ-ਨਿਯੁਕਤ ਵਿੱਤੀ ਸਲਾਹਕਾਰ ਅਰਬਿੰਦ ਮੋਦੀ ਨੇ ਅੱਜ ਪੰਜਾਬ ਸਰਕਾਰ ਨੂੰ ਸੂਬੇ ਵਿਚ ਨਵੇਂ ਟੈਕਸ ਲਾਏ ਜਾਣ ਦਾ ਮਸ਼ਵਰਾ ਦਿੱਤਾ ਹੈ। ਮੋਦੀ ਨੇ ਆਮਦਨ ਦੇ ਨਵੇਂ ਵਸੀਲੇ ਪੈਦਾ ਹੋਣ ਦੀਆਂ ਸੰਭਾਵਨਾਵਾਂ ਦੀ ਪੰਜਾਬ ਸਰਕਾਰ ਨੂੰ ਜਾਣਕਾਰੀ ਦਿੱਤੀ ਹੈ। ਅਰਬਿੰਦ ਮੋਦੀ ਦੀ ਪਹਿਲੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਚ ਹੋਈ ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ। ਕਰੀਬ ਇਕ ਘੰਟੇ ਦੀ ਮੀਟਿੰਗ ’ਚ ਵਿੱਤ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਪਹਿਲੀ ਮੀਟਿੰਗ ਸਿਰਫ਼ ਵਿਚਾਰ-ਵਟਾਂਦਰੇ ਤੱਕ ਹੀ ਸੀਮਤ ਰਹੀ।
ਮੁੱਖ ਸਲਾਹਕਾਰ ਨੇ ਸੂਬੇ ਵਿਚ ਪੈਨਸ਼ਨ ਪ੍ਰਾਪਤ ਕਰਨ ਵਾਲੇ ਪੈਨਸ਼ਨਰਾਂ ਦੇ ਅੰਕੜੇ ’ਤੇ ਉਂਗਲ ਉਠਾਈ ਹੈ ਅਤੇ ਪੈਨਸ਼ਨਰਾਂ ਦੀ ਗਿਣਤੀ ਦੀ ਸਮੀਖਿਆ ਕਰਨ ਵਾਸਤੇ ਕਿਹਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀ ਗਿਣਤੀ ਜ਼ਿਆਦਾ ਹੈ ਅਤੇ ਇਸ ਦੀ ਸਮੀਖਿਆ ਪਹਿਲ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਸੂਬੇ ਵਿਚ ਤਿੰਨ ਲੱਖ ਪੈਨਸ਼ਨਰ ਹਨ ਜਿਨ੍ਹਾਂ ਨੂੰ ਪੈਨਸ਼ਨ ਅਤੇ ਹੋਰ ਸੇਵਾਮੁਕਤੀ ਲਾਭ ਵਜੋਂ ਪ੍ਰਤੀ ਮਹੀਨਾ 1650 ਕਰੋੜ ਰੁਪਏ ਮਿਲਦੇ ਹਨ। ਪੈਨਸ਼ਨ ਅਤੇ ਹੋਰ ਲਾਭਾਂ ਵਿਚ ਇੱਕ ਹਜ਼ਾਰ ਕਰੋੜ ਦਾ ਇਜ਼ਾਫਾ ਹੋਣ ਦੀ ਉਮੀਦ ਹੈ।
ਵਿੱਤੀ ਸਲਾਹਕਾਰ ਨੇ ਇਨ੍ਹਾਂ ਪੈਨਸ਼ਨਰਾਂ ’ਚੋਂ 25 ਹਜ਼ਾਰ ’ਤੇ ਸ਼ੱਕ ਜ਼ਾਹਰ ਕੀਤਾ ਹੈ। ਮੀਟਿੰਗ ਵਿਚ ਪੈਨਸ਼ਨ ਵੰਡਣ ਵਾਲੇ ਤਿੰਨ ਬੈਂਕਾਂ ਐੱਸਬੀਆਈ, ਕੇਨਰਾ ਬੈਂਕ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀ ਵੀ ਸ਼ਾਮਲ ਸਨ ਜਿਨ੍ਹਾਂ ਕਿਹਾ ਕਿ ਉਹ ਹਰ ਵਰ੍ਹੇ ਪੈਨਸ਼ਨਰ ਤੋਂ ਜੀਵਨ ਸਰਟੀਫਿਕੇਟ ਲੈਂਦੇ ਹਨ ਜਿਸ ਕਰਕੇ ਗਿਣਤੀ ਵਿਚ ਕੋਈ ਅੰਤਰ ਨਹੀਂ ਹੋ ਸਕਦਾ ਹੈ। ਮੀਟਿੰਗ ਵਿਚ ਬੈਂਕਰਾਂ ਨੂੰ ਪੈਨਸ਼ਨਰਾਂ ਦੇ ਆਧਾਰ ਕਾਰਡ, ਪੈਨ ਕਾਰਡ ਅਤੇ ਸੇਵਾਮੁਕਤੀ ਆਦਿ ਦੇ ਵੇਰਵਿਆਂ ਦੇ ਆਧਾਰ ’ਤੇ ਗਿਣਤੀ ਦੀ ਮੁੜ ਪੁਸ਼ਟੀ ਕਰਨ ਵਾਸਤੇ ਕਿਹਾ ਗਿਆ ਹੈ।
ਅਰਬਿੰਦ ਮੋਦੀ ਨੇ ਪਹਿਲੇ ਮਸ਼ਵਰੇ ਤਹਿਤ ਪੰਜਾਬ ਦੇ ਆੜ੍ਹਤੀਆਂ ’ਤੇ 18 ਫ਼ੀਸਦੀ ਜੀਐੱਸਟੀ ਲਗਾਏ ਜਾਣ ਨੂੰ ਅੱਜ ਦੇ ਵਿਚਾਰ-ਵਟਾਂਦਰੇ ਦਾ ਹਿੱਸਾ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਾਲਾਨਾ ਕਰੀਬ 80 ਹਜ਼ਾਰ ਕਰੋੜ ਦੀ ਜਿਣਸ ਦੀ ਵੇਚ-ਵੱਟਤ ਹੁੰਦੀ ਹੈ ਜਿਸ ’ਤੇ ਆੜ੍ਹਤੀਆਂ ਨੂੰ 46 ਰੁਪਏ ਪ੍ਰਤੀ ਕੁਇੰਟਲ ਦੇ ਲਿਹਾਜ਼ ਨਾਲ ਆੜ੍ਹਤ ਮਿਲਦੀ ਹੈ। ਆੜ੍ਹਤ ਦਾ ਕਾਰੋਬਾਰ ਸਰਵਿਸ ਦੇ ਘੇਰੇ ਵਿਚ ਆਉਂਦਾ ਹੈ ਜਿਸ ’ਤੇ 18 ਫ਼ੀਸਦੀ ਜੀਐੱਸਟੀ ਲਗਾਈ ਜਾ ਸਕਦੀ ਹੈ। ਮੋਦੀ ਨੇ ਕਿਹਾ ਕਿ ਆੜ੍ਹਤ ’ਤੇ ਜੀਐੱਸਟੀ ਲਗਾਏ ਜਾਣ ਨਾਲ ਸੂਬਾ ਸਰਕਾਰ ਨੂੰ ਕਰੀਬ 400 ਕਰੋੜ ਦੀ ਆਮਦਨ ਹੋ ਸਕਦੀ ਹੈ। ਸੂਤਰਾਂ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਨੇ ਇਸ ਮਸ਼ਵਰੇ ’ਤੇ ਕੋਈ ਹੁੰਗਾਰਾ ਨਹੀਂ ਭਰਿਆ ਹੈ।
ਦੂਸਰਾ ਮਸ਼ਵਰਾ ਇਹ ਸੀ ਕਿ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਨਾਲ ਹੁੰਦੇ ਮੁਨਾਫ਼ੇ ’ਤੇ 18 ਫ਼ੀਸਦੀ ਜੀਐੱਸਟੀ ਲਾਇਆ ਜਾ ਸਕਦਾ ਹੈ। ਅਰਬਿੰਦ ਮੋਦੀ ਨੇ ਮਾਈਨਿੰਗ ਦੇ ਕਾਰੋਬਾਰ ’ਚੋਂ ਕਰੀਬ ਇੱਕ ਹਜ਼ਾਰ ਕਰੋੜ ਦੀ ਹੋਰ ਆਮਦਨ ਹੋਣ ਦਾ ਵੀ ਅਨੁਮਾਨ ਲਾਇਆ ਹੈ।
ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਅਰਬਿੰਦ ਮੋਦੀ ਨੂੰ ਕੈਬਨਿਟ ਰੈਂਕ ਦੇ ਕੇ ਵਿੱਤੀ ਸਲਾਹਕਾਰ ਨਿਯੁਕਤ ਕੀਤਾ ਹੈ ਤਾਂ ਜੋ ਸੂਬੇ ਨੂੰ ਵਿੱਤੀ ਸੰਕਟ ’ਚੋਂ ਬਾਹਰ ਕੱਢਿਆ ਜਾ ਸਕੇ।
ਅਰਬਿੰਦ ਮੋਦੀ ਨੇ ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਇਤਰਾਜ਼ ਕੀਤਾ ਕਿ ਦਿੱਲੀ ਸਰਕਾਰ ਲੋਕਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦੇ ਰਹੀ ਹੈ ਤਾਂ ਫਿਰ ਪੰਜਾਬ ਸਰਕਾਰ 300 ਯੂਨਿਟ ਕਿਉਂ ਦੇ ਰਹੀ ਹੈ। ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ’ਤੇ ਉਲਟਾ ਤਰਕ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿਚ ਸਬਸਿਡੀ ਘੱਟ ਦਿੱਤੀ ਜਾ ਰਹੀ ਹੈ ਜਦੋਂ ਕਿ ਰੌਲਾ-ਰੱਪਾ ਇਹ ਪੈ ਰਿਹਾ ਹੈ ਕਿ ਸੂਬਾ ਸਭ ਤੋਂ ਵੱਧ ਸਬਸਿਡੀ ਦੇ ਰਿਹਾ ਹੈ। ਵਿੱਤੀ ਸਲਾਹਕਾਰ ਨੇ ਪੂੰਜੀ ਖਰਚਾ ਵਧਾਏ ਜਾਣ ਦੀ ਸਲਾਹ ਵੀ ਦਿੱਤੀ ਹੈ ਜਿਸ ਤਹਿਤ ਸੜਕਾਂ, ਹਸਪਤਾਲ, ਕਾਲਜ ਆਦਿ ਬਣਾਏ ਜਾਣ ਦੀ ਗੱਲ ਵੀ ਆਖੀ ਗਈ।

Advertisement

ਮਹਿਜ਼ ਸੁਝਾਅ ਹੀ ਹਨ: ਅਧਿਕਾਰੀ

ਸੂਤਰਾਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਸਿਰਫ਼ ਵਿਚਾਰ-ਵਟਾਂਦਰਾ ਹੋਇਆ ਹੈ ਅਤੇ ਅਜਿਹੇ ਸਰਵਿਸ ਸੈਕਟਰ ਤਲਾਸ਼ ਕੀਤੇ ਗਏ ਹਨ ਜਿਨ੍ਹਾਂ ’ਤੇ ਜੀਐੱਸਟੀ ਨਹੀਂ ਲੱਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਸੁਝਾਅ ਹੀ ਹਨ ਅਤੇ ਇਨ੍ਹਾਂ ਨੂੰ ਲਾਗੂ ਕੀਤੇ ਜਾਣ ਦੀ ਕੋਈ ਗੱਲ ਨਹੀਂ ਹੋਈ ਹੈ।

ਨਵੀਆਂ ਸਿਫ਼ਾਰਸ਼ਾਂ

* ਪੈਨਸ਼ਨਰਾਂ ਦੀ ਗਿਣਤੀ ਦੀ ਸਮੀਖਿਆ
* ਆੜ੍ਹਤ ’ਤੇ ਜੀਐੱਸਟੀ ਲਾਉਣ ਦਾ ਮਸ਼ਵਰਾ
* ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਨਾਲ ਹੁੰਦੇ ਮੁਨਾਫ਼ੇ ’ਤੇ ਜੀਐੱਸਟੀ ਲਾਉਣ ਲਈ ਕਿਹਾ
* ਮਾਈਨਿੰਗ ਦੇ ਕਾਰੋਬਾਰ ’ਚੋਂ ਕਰੀਬ ਇੱਕ ਹਜ਼ਾਰ ਕਰੋੜ ਦੀ ਹੋਰ ਆਮਦਨ ਹੋਣ ਦੀ ਸੰਭਾਵਨਾ ਜਤਾਈ
* ਪੰਜਾਬ ’ਚ ਵੱਧ ਬਿਜਲੀ ਯੂਨਿਟ ਮੁਫ਼ਤ ਦੇਣ ’ਤੇ ਚੁੱਕੀ ਉਂਗਲ
* ਹੋਰ ਸੂਬਿਆਂ ਦੇ ਮੁਕਾਬਲੇ ਘੱਟ ਸਬਸਿਡੀ ਦਿੱਤੇ ਜਾਣ ਦਾ ਦਾਅਵਾ
* ਪੂੰਜੀ ਖਰਚੇ ਵਧਾਏ ਜਾਣ ਦੀ ਦਿੱਤੀ ਸਲਾਹ

Advertisement
Author Image

joginder kumar

View all posts

Advertisement