ਝੋਨੇ ਦੀ ਖ਼ਰੀਦ: ਕਾਂਗਰਸ ਵੱਲੋਂ ਰਈਆ ਮੰਡੀ ’ਚ ਪ੍ਰਦਰਸ਼ਨ
ਦਵਿੰਦਰ ਸਿੰਘ ਭੰਗੂ
ਰਈਆ, 27 ਅਕਤੂਬਰ
ਮੰਡੀਆਂ ’ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਸਹੀ ਮੁੱਲ ਨਾਲ ਮਿਲਣ ਕਾਰਨ ਅੱਜ ਸਥਾਨਕ ਅਨਾਜ ਮੰਡੀ ’ਚ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਪੰਜਾਬ ਦੀ ਮੌਜੂਦਾ ਸਰਕਾਰ ਵਲੋ ਝੋਨੇ ਦੀ ਪੀਆਰ 126,47,110, 121,131 ਕਿਸਮਾਂ ਜੋ ਪ੍ਰਮਾਣਿਤ ਕੀਤੀਆਂ ਗਈਆਂ ਸਨ ਉਹ ਸਰਕਾਰੀ ਕੀਮਤ ਤੇ ਨਹੀਂ ਵਿਕ ਰਹੀਆਂ ਜਿਸ ਨਾਲ ਕਿਸਾਨ ਨੂੰ ਪ੍ਰਤੀ ਕੁਵਿੰਟਲ ਤਿੰਨ ਸੌ ਰੁਪਏ ਦੇ ਲਗਪਗ ਨੁਕਸਾਨ ਹੋ ਰਿਹਾ ਹੈ। ਸਰਕਾਰ ਵੱਲੋਂ ਜੋ ਫ਼ਸਲਾਂ ਪ੍ਰਮਾਣਿਤ ਕੀਤੀਆਂ ਗਈਆਂ ਸਨ ਉਨ੍ਹਾਂ ਦੀ ਸਹੀ ਕੀਮਤ ਮਿਲਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦੇ ਦਫ਼ਤਰ ਤੋ ਮੰਡੀ ਵਿਚ ਦੀ ਕਾਫ਼ਲੇ ਦੇ ਰੂਪ ਵਿਚ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ।
ਜਲੰਧਰ ਜ਼ਿਲ੍ਹੇ ’ਚ ਲਿਫਟਿੰਗ ਦਾ ਕੰਮ ਤੇਜ਼ ਕਰਨ ਦੀ ਹਦਾਇਤ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚੋਂ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਈ ਜਾ ਰਹੀ ਹੈ ਤੇ ਹੁਣ ਤੱਕ 103098 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤਾ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ 818 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 403510 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।