ਕਪੂਰਥਲਾ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਸ਼ੁਰੂ
ਜਸਬੀਰ ਸਿੰਘ ਚਾਨਾ
ਕਪੂਰਥਲਾ, 9 ਅਕਤੂਬਰ
ਜ਼ਿਲ੍ਹਾ ਕਪੂਰਥਲਾ ਵਿੱਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਝੋਨੇ ਦੀ ਸਰਕਾਰੀ ਖਰੀਦ ਤਹਿਤ ਕਿਸਾਨਾਂ ਨੂੰ ਹੁਣ ਤੱਕ ਖਰੀਦੀ ਗਈ ਫ਼ਸਲ ਦੇ 36 ਲੱਖ ਰੁਪਏ ਦੀ ਅਦਾਇਗੀ ਮਿਥੇ ਸਮੇਂ ’ਚ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਾਲ 2024-25 ਦੇ ਲਈ 7 ਲੱਖ 60 ਹਜ਼ਾਰ ਮੀਟਰਕ ਟਨ ਝੋਨੇ ਦੀ ਸਰਕਾਰੀ ਖਰੀਦ ਦੇ ਟੀਚੇ ਤਹਿਤ ਜ਼ਿਲ੍ਹੇ ਦੀ 78 ਮੰਡੀਆਂ ’ਚ 1124 ਮੀਟਰ ਟਨ ਝੋਨੇ ਦੀ ਆਮਦ ਹੋਈ ਹੈ ਤੇ 866 ਮੀਟਰਕ ਟਨ ਝੋਨੇ ਦੀ ਖਰੀਦ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ 866 ਮੀਟਰਕ ਟਨ ਝੋਨੇ ’ਚ ਪਨਗਰੇਨ ਵਲੋਂ 150 ਮੀਟਰਕ ਟਨ, ਮਾਰਕਫੈੱਡ ਵਲੋਂ 336 ਮੀਟਰਕ ਟਨ, ਪਨਸਪ ਵਲੋਂ 341 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 39 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਪਲਾਈ ਵਿਭਾਗ ਨੂੰ ਖਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਹੈ। ਕਿਸਾਨਾਂ ਨੂੰ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਮੰਡੀ ’ਚ ਵੀ ਸੁੱਕਾ ਝੋਨਾ ਹੀ ਲਿਆਉਣ।
ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ 16653 ਮੀਟਰਕ ਟਨ ਝੋਨੇ ਦੀ ਆਮਦ
ਅੰਮ੍ਰਿਤਸਰ (ਪੱਤਰ ਪ੍ਰੇਰਕ): ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਵਿਚ ਆਈ ਤੇਜ਼ੀ ਸਦਕਾ ਸ਼ਾਮ ਤਕ ਮੰਡੀਆਂ ਵਿਚ 16653 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ- ਵੱਖ ਏਜੰਸੀਆਂ ਅਤੇ ਆੜ੍ਹਤੀਆਂ ਵਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਏਜੰਸੀਆਂ ਵੱਲੋਂ ਹੁਣ ਤਕ ਝੋਨੇ ਦੀ ਖਰੀਦ ਕਰਕੇ 7.97 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।