ਪੁਰੋਹਿਤ ਵੱਲੋਂ ਲੋਹੜੀ ਤੋਂ ਪਹਿਲਾਂ ਧੀਆਂ ਨੂੰ ਤੋਹਫ਼ਾ
ਮੁਕੇਸ਼ ਕੁਮਾਰ
ਚੰਡੀਗੜ੍ਹ, 8 ਜਨਵਰੀ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਗਰਲ ਚਾਈਲਡ ਤੇ ਸੈਲਫ ਹੈਲਪ ਗਰੁੱਪਾਂ ਦੇ ਸਸ਼ਕਤੀਕਰਨ ਅਤੇ ਤੰਦਰੁਸਤੀ ਦੇ ਉਦੇਸ਼ ਨਾਲ ਇੱਥੇ ਸੈਕਟਰ-38 ਦੇ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਵਿਖੇ ਨਗਰ ਨਿਗਮ ਚੰਡੀਗੜ੍ਹ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੀ ਇੱਕ ਨਵੀਨਤਮ ਸਾਂਝੀ ਪਹਿਲਕਦਮੀ ‘ਬਿਟੀਆ ਕਾਰਡ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਦੀਨਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਤਹਿਤ ‘ਬਿਟੀਆ ਕਾਰਡ’ ਸ਼ੁਰੂ ਕਰਨ ਦੀ ਇਸ ਸਾਂਝੀ ਪਹਿਲਕਦਮੀ ਲਈ ਨਗਰ ਨਿਗਮ ਚੰਡੀਗੜ੍ਹ ਅਤੇ ਬੀਵੀਪੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਸੰਸਥਾਵਾਂ ਨੇ ਜ਼ਮੀਨੀ ਪੱਧਰ ’ਤੇ ਵੱਡੇ ਪੱਧਰ ’ਤੇ ਕੰਮ ਕਰਨ ਦੀ ਆਪਸੀ ਯੋਜਨਾ ਬਣਾਈ ਹੈ ਤਾਂ ਜੋ ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦੇ ਤਹਿਤ ਪਛਾਣੇ ਗਏ ਲਾਭਪਾਤਰੀਆਂ ਨੂੰ ਵਿੱਤੀ ਪ੍ਰਦਾਨ ਕਰਕੇ ਸਰਬਪੱਖੀ ਵਿਕਾਸ ਰਾਹੀਂ ਉਨ੍ਹਾਂ ਦੀ ਸਿਹਤ, ਤੰਦਰੁਸਤੀ ਅਤੇ ਸਮਾਜਿਕ-ਸੱਭਿਆਚਾਰਕ ਉੱਨਤੀ ਦੇ ਪਹਿਲੂਆਂ ਵਜੋਂ ਲਾਭ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਸ਼ਹਿਰ ਦੇ ਮੇਅਰ ਅਨੂਪ ਗੁਪਤਾ ਨੇ ਕਿਹਾ ਕਿ ਦੋਵੇਂ ਸੰਸਥਾਵਾਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਅਤੇ ਉਨ੍ਹਾਂ ਦੀਆਂ ਬੱਚੀਆਂ ਨੂੰ 10+2 ਤੱਕ ਮੁਫ਼ਤ ਸਿੱਖਿਆ ਅਤੇ ਲੜਕੀਆਂ ਦੀ ਸਹਾਇਤਾ ਸਮੇਤ ਸਹਾਇਤਾ ਦੇਣ ਲਈ ਅੱਗੇ ਆਈਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਚੰਡੀਗੜ੍ਹ ਅਤੇ ਭਾਰਤ ਵਿਕਾਸ ਪ੍ਰੀਸ਼ਦ ਦਰਮਿਆਨ ਸਾਂਝੀ ਪਹਿਲਕਦਮੀ ਸਮਾਜਿਕ-ਆਰਥਿਕ ਸਸ਼ਕਤੀਕਰਨ ਅਤੇ ਸਿਹਤਮੰਦ ਭਾਈਚਾਰੇ ਲਈ ਪ੍ਰਭਾਵਸ਼ਾਲੀ ਭਾਈਚਾਰਕ ਦਖ਼ਲ-ਆਧਾਰਿਤ ਭਾਈਵਾਲੀ ਮਾਡਲ ਨੂੰ ਵਿਕਸਤ ਕਰਨ ਵਿੱਚ ਬਹੁਤ ਲਾਭਕਾਰੀ ਸਿੱਧ ਹੋਵੇਗੀ। ਇਸ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੀਨਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੀ ਕੇਂਦਰੀ ਸਪਾਂਸਰਡ ਸਕੀਮ ਹੈ ਅਤੇ ਇਸਨੂੰ ਨਗਰ ਨਿਗਮ ਚੰਡੀਗੜ੍ਹ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਕੌਮੀ ਚੇਅਰਮੈਨ ਅਜੈ ਦੱਤਾ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਇੱਕ ਸਮਾਜ ਸੇਵਾ ਅਧਾਰਤ ਗੈਰ-ਸਰਕਾਰੀ, ਪਰਉਪਕਾਰੀ ਸੰਗਠਨ ਹੈ। ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨਿਤਿਨ ਕੁਮਾਰ ਯਾਦਵ, ਕੌਂਸਲਰ ਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।