Putin speaks to PM Modi: ਪੂਤਿਨ ਵੱਲੋਂ ਮੋਦੀ ਨਾਲ ਫੋਨ ’ਤੇ ਗੱਲਬਾਤ ਦੌਰਾਨ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ
ਨਵੀਂ ਦਿੱਲੀ, 5 ਮਈ
Putin speaks to PM Modi: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਇਸ ਭਿਆਨਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ (ਐੱਮਈਏ) ਦੇ ਅਨੁਸਾਰ ਪੂਤਿਨ ਨੇ ਮੋਦੀ ਨੂੰ ਇਹ ਵੀ ਕਿਹਾ ਕਿ ਰੂਸ ਅਤਿਵਾਦ ਵਿਰੁੱਧ ਭਾਰਤ ਦੀ ਲੜਾਈ ਦਾ ਪੂਰਾ ਸਮਰਥਨ ਕਰਦਾ ਹੈ।
ਐੱਮਈਏ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ, ‘‘ਰਾਸ਼ਟਰਪਤੀ ਪੂਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ।’’
ਪੂਤਿਨ ਨੇ ਜ਼ੋਰ ਦੇ ਕੇ ਕਿਹਾ ਕਿ ਘਿਨਾਉਣੇ ਹਮਲੇ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।’’ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਮੋਦੀ ਅਤੇ ਪੂਤਿਨ ਨੇ ਭਾਰਤ-ਰੂਸ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਨੇ ਰੂਸੀ ਰਾਸ਼ਟਰਪਤੀ ਨੂੰ ਜਿੱਤ ਦਿਵਸ ਦੀ 80ਵੀਂ ਵਰ੍ਹੇਗੰਢ ਦੇ ਜਸ਼ਨ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੋਦੀ ਨੇ ਪੂਤਿਨ ਨੂੰ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਹੋਣ ਵਾਲੇ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਸੱਦਾ ਵੀ ਦਿੱਤਾ। -ਪੀਟੀਆਈ