For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ‘ਆਪ’ ਤੇ ਕਾਂਗਰਸ ਦੇ ਗੱਠਜੋੜ ਤੋਂ ਰੱਫੜ

07:10 AM Sep 07, 2023 IST
ਪੰਜਾਬ ਵਿੱਚ ‘ਆਪ’ ਤੇ ਕਾਂਗਰਸ ਦੇ ਗੱਠਜੋੜ ਤੋਂ ਰੱਫੜ
Advertisement

* ‘ਆਪ’ ਦੇ ਕਈ ਵਿਧਾਇਕ ਤੇ ਆਗੂ ਸੰਪਰਕ ’ਚ ਹੋਣ ਦਾ ਦਾਅਵਾ

* ਆਪਣੇ ਦਮ ’ਤੇ ਲੜਾਂਗੇ ਚੋਣਾਂ: ਬਾਜਵਾ

ਚਰਨਜੀਤ ਭੁੱਲਰ
ਚੰਡੀਗੜ੍ਹ, 6 ਸਤੰਬਰ
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਹੁਣ ਸੱਤਾਧਾਰੀ ‘ਆਪ’ ਤੇ ਵਿਰੋਧੀ ਧਿਰ ਕਾਂਗਰਸ ਦਰਮਿਆਨ ਸ਼ਬਦੀ ਜੰਗ ਭਖ ਗਈ ਹੈ। ਕੌਮੀ ਪੱਧਰ ’ਤੇ ‘ਇੰਡੀਆ’ ਗੱਠਜੋੜ ਵਿਚ ਇਨ੍ਹਾਂ ਦੋਵਾਂ ਧਿਰਾਂ ਵਿਚ ਸਭ ਅੱਛਾ ਜਾਪਦਾ ਹੈ, ਪਰ ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਦੇ ਆਗੂ ਖੁੱਲ੍ਹ ਕੇ ਇਕ ਦੂਜੇ ਖਿਲਾਫ਼ ਬੋਲਣ ਲੱਗੇ ਹਨ। ਸੂਤਰਾਂ ਮੁਤਾਬਕ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਵਿਚ ਇਕੱਲੇ ਲੜਨ ਦੇ ਬਿਆਨ ਨੂੰ ਲੈ ਕੇ ‘ਆਪ’ ਦੀ ਸੂਬਾਈ ਲੀਡਰਸ਼ਿਪ ਨੇ ਕੌਮੀ ਆਗੂਆਂ ਕੋਲ ਸ਼ਿਕਾਇਤ ਕੀਤੀ ਹੈ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲੜਨ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਫੈਸਲਾ ਭਾਵੇਂ ਪਾਰਟੀ ਹਾਈਕਮਾਨ ਕਰੇਗੀ, ਪਰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਹਿਮਤੀ ਤੋਂ ਬਿਨਾਂ ਕੋਈ ਫ਼ੈਸਲਾ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਗੱਠਜੋੜ ਹੋਣ ਦੀਆਂ ਅਫ਼ਵਾਹਾਂ ਹੀ ਹਨ। ਪੰਜਾਬ ਕਾਂਗਰਸ ਦੇ ਆਗੂਆਂ ਨੇ ਸੋਮਵਾਰ ਨੂੰ ਬੈਠਕ ਕਰਕੇ ਸੂਬੇ ਵਿਚ ਆਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨਾਲ ਗੱਠਜੋੜ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਜਤਾਇਆ ਸੀ। ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਇਸ ਵੇਲੇ ਵਿਰੋਧੀ ਧਿਰ ਦੀ ਭੂਮਿਕਾ ਵਿਚ ਹੈ ਅਤੇ ਪਾਰਟੀ ਨੇ ਸੂਬੇ ਵਿਚ ਦਰਜਨ ਦੇ ਕਰੀਬ ਰਾਜ ਪੱਧਰੀ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੇ ਵਿਧਾਇਕ ਅਤੇ ਨੇਤਾ ਉਨ੍ਹਾਂ ਦੇ ਸੰਪਰਕ ਵਿਚ ਹਨ। ਦੱਸਣਯੋਗ ਹੈ ਕਿ ਅੱਜ ‘ਆਪ’ ਦੇ ਨੌਜਵਾਨ ਨੇਤਾ ਗੁਰਤੇਜ ਸਿੰਘ ਪੰਨੂ ਨੂੰ ਕਾਂਗਰਸ ਵਿਚ ਸ਼ਾਮਲ ਕਰਾਇਆ ਗਿਆ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਬਿਆਨ ’ਤੇ ਵੜਿੰਗ ਨੇ ਕਿਹਾ ਕਿ ਮੰਤਰੀ ਦੇ ਬਿਆਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਕਾਂਗਰਸ ਹਾਈਕਮਾਨ ਨੇ ਪੰਜਾਬ ਵਿਚ ‘ਆਪ’ ਨਾਲ ਗੱਠਜੋੜ ਹੋਣ ਬਾਰੇ ਕੋਈ ਗੱਲ ਨਹੀਂ ਕਹੀ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਹ 2024 ਦੀਆਂ ਚੋਣਾਂ ਆਪਣੇ ਦਮ ’ਤੇ ਲੜਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਾਡਰ ‘ਆਪ’ ਨਾਲ ਗੱਠਜੋੜ ਕੀਤੇ ਬਿਨਾਂ 2024 ਦੀਆਂ ਚੋਣਾਂ ਇਕੱਲੇ ਲੜਨ ਦੇ ਹੱਕ ਵਿਚ ਹੈ। ਹਾਈਕਮਾਨ ਨੇ ਪ੍ਰਦੇਸ਼ ਕਾਂਗਰਸ ਨੂੰ ਕਾਡਰ ਅਤੇ ਵਰਕਰਾਂ ਦੇ ਮੂਡ ਦਾ ਮੁਲਾਂਕਣ ਕਰਨ ਦੀ ਖੁੱਲ੍ਹ ਦਿੱਤੀ ਹੈ। ‘ਆਪ’ ਡੇਢ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਵੀ ਕਾਂਗਰਸ ਨਾਲ ਗੱਠਜੋੜ ਕਰਨ ਲਈ ਬੇਤਾਬ ਹੈ। ਕਾਂਗਰਸ ਨੇ ਗੱਠਜੋੜ ਬਾਰੇ ਕੋਈ ਬਿਆਨ ਨਹੀਂ ਦਿੱਤਾ ਜਦੋਂ ਕਿ ‘ਆਪ’ ਆਗੂ ਹੀ ਅਜਿਹੇ ਬਿਆਨ ਦਾਗ਼ ਰਹੇ ਹਨ।

Advertisement

ਸੰਸਦੀ ਚੋਣਾਂ: ‘ਆਪ’ ਵੱਲੋਂ ਕਾਂਗਰਸ ਨਾਲ ਸਮਝੌਤਾ ਨਾ ਕਰਨ ਦਾ ਐਲਾਨ

ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ‘ਆਪ’ ਨਾਲ ਲੋਕ ਸਭਾ ਚੋਣਾਂ-2024 ਵਿੱਚ ਗੱਠਜੋੜ ਦਾ ਵਿਰੋਧ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਸਮਝੌਤਾ ਨਾ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ‘ਆਪ’ ਵੱਲੋਂ ਕਾਂਗਰਸ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲੀ ਚੋਣ ਲੜੇਗੀ ਤੇ ਜਿੱਤ ਹਾਸਲ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਟੈਂਡ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਕੌਮੀ ਪੱਧਰ ’ਤੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਇਕੱਠੇ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਮਾਨਦਾਰ ਪਾਰਟੀ ਨੂੰ ਚੁਣ ਕੇ ਭੇਜਿਆ ਹੈ ਅਤੇ ਪੰਜਾਬ ਦੇ ਲੋਕ ‘ਆਪ’ ਦਾ ਕਾਂਗਰਸ ਨਾਲ ਗੱਠਜੋੜ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਕਾਰੀ ਹੋਈ ਕਾਂਗਰਸ ਨਾਲ ‘ਆਪ’ ਗੱਠਜੋੜ ਨਹੀਂ ਕਰੇਗੀ। ਚੇਤੇ ਰਹੇ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੇ ਸੰਸਦੀ ਚੋਣਾਂ ਲਈ ਪੰਜਾਬ ਵਿੱਚ ‘ਆਪ’ ਨਾਲ ਗੱਠਜੋੜ ਕਰਨ ਦਾ ਵਿਰੋਧ ਕੀਤਾ ਸੀ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਹਿ ਚੁੱਕੇ ਹਨ ਕਿ ‘ਆਪ’ ਤੇ ਕਾਂਗਰਸ ਦੇ ਗੱਠਜੋੜ ਲਈ ਮਾਮੂਲੀ ਗੱਲਾਂ ਨੂੰ ਭੁਲਾਉਣਾ ਪਵੇਗਾ।

ਕੌਮੀ ਹਿੱਤਵਿੱਚ ਲਿਆ ਜਾਵੇ ਫ਼ੈਸਲਾ: ਸਿੱਧੂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਟਵੀਟ ਕਰਕੇ ਕਿਹਾ ਕਿ ਕਾਂਗਰਸ ਹਾਈਕਮਾਨ ਸਰਵਉੱਚ ਹੈ ਅਤੇ ਪਾਰਟੀ ਦਾ ਫ਼ੈਸਲਾ ਹੀ ਸੁਪਰੀਮ ਹੈ। ਉਨ੍ਹਾਂ ਗੱਠਜੋੜ ਦੀ ਗੱਲ ਕਰਦਿਆਂ ਕਿਹਾ ਕਿ ਕੌਮੀ ਹਿੱਤਾਂ ਨੂੰ ਉਪਰ ਰੱਖਿਆ ਜਾਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਜਮਹੂਰੀਅਤ ਦੀ ਰਾਖੀ ਲਈ ਸਵਾਰਥਾਂ ਭਰੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ।

Advertisement
Author Image

joginder kumar

View all posts

Advertisement
Advertisement
×