ਰਾਘਵ ਚੱਢਾ ਨੂੰ ਕੀਮਤ ਚੁਕਾਉਣੀ ਪਵੇਗੀ: ਸਿਰਸਾ
ਨਵੀਂ ਦਿੱਲੀ (ਪੱਤਰ ਪ੍ਰੇਰਕ): ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਰਾਜ ਸਭਾ ਵਿਚ ਕੀਤੇ ਘਪਲੇ ਦੀ ਕੀਮਤ ਅਦਾ ਕਰਨੀ ਪਵੇਗੀ ਕਿਉਂਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮੌਕੇ ’ਤੇ ਹੀ ਉਨ੍ਹਾਂ ਨੂੰ ਬੇਨਕਾਬ ਕਰ ਦਿੱਤਾ ਸੀ। ਇਥੇ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਚੱਢਾ ਉਚੀ ਉੱਚੀ ਰੌਲਾ ਪਾ ਕੇ ਤੇ ਝੂਠੇ ਦਾਅਵੇ ਕਰਕੇ ਹਮਦਰਦੀ ਹਾਸਲ ਕਰਨ ਦਾ ਯਤਨ ਕਰ ਰਹੇ ਹਨ ਕਿ ਉਨ੍ਹਾਂ ਭਾਜਪਾ ਲੀਡਰਸ਼ਿਪ ਨੂੰ ਚੁਣੌਤੀ ਦਿੱਤੀ, ਇਸੇ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਆਪਣੇ ਮਨ ਵਿੱਚੋਂ ਵਹਿਮ ਕੱਢ ਦੇਣ, ਉਹ ਕਿਸੇ ਵੀ ਤਰੀਕੇ ਭਾਜਪਾ ਲਈ ਚੁਣੌਤੀ ਨਹੀਂ ਹਨ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਦੇ ਲੋਕ ਭਾਜਪਾ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਇਹ ਜਾਣਦੇ ਹਨ ਕਿ ਉਨ੍ਹਾਂ ਦਾ ਝੂਠ ਫੜਿਆ ਗਿਆ ਹੈ ਤੇ ਉਹ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਕਾਵਾਂ ਰੌਲੀ ਪਾ ਰਹੇ ਹਨ।