ਨੀਟ ਯੂਜੀ ਦੇ ਮਾਮਲੇ ’ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਮੁਆਫੀ ਮੰਗਣ: ਭਾਜਪਾ
ਨਵੀਂ ਦਿੱਲੀ, 24 ਜੁਲਾਈ
ਭਾਜਪਾ ਨੇ ਨੀਟ ਯੂਜੀ ਮਾਮਲੇ ’ਚ ਰਾਹੁਲ ਗਾਂਧੀ 'ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਨੇ ਨੀਟ ਯੂਜੀ ਪ੍ਰੀਖਿਆ ਪ੍ਰਣਾਲੀ ਦੀ ਪਵਿੱਤਰਤਾ ’ਤੇ ਸਵਾਲ ਚੁੱਕ ਕੇ ਦੇਸ਼ ਨੂੰ ਬਦਨਾਮ ਕੀਤਾ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਨੇ ਰਾਹੁਲ ਗਾਂਧੀ ਨੂੰ ਘੇਰਿਆ ਅਤੇ ਕਿਹਾ ਹੈ ਕਿ ਇਸ ਮੁੱਦੇ ’ਤੇ ਮੁਆਫੀ ਮੰਗਣ। ਅਦਾਲਤ ਨੇ ਮੰਗਲਵਾਰ ਨੂੰ ਪ੍ਰੀਖਿਆ ਨੂੰ ਰੱਦ ਕਰਨ ਅਤੇ ਦੁਬਾਰਾ ਟੈਸਟ ਕਰਵਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ। ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਫੈਸਲੇ ਤੋਂ ਬਾਅਦ ਵਿਰੋਧੀ ਧਿਰ ਖਾਸ ਕਰਕੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਉਨ੍ਹਾਂ ਵਿਸ਼ਵ ਪੱਧਰ ’ਤੇ ਭਾਰਤ ਦੀ ਪ੍ਰੀਖਿਆ ਨੂੰ ਬਦਨਾਮ ਕੀਤਾ ਹੈ। ਉਨ੍ਹਾਂ ਬਜਟ ’ਤੇ ਗਾਂਧੀ ਦੀ ਆਲੋਚਨਾ ਨੂੰ ‘ਕੁਰਸੀ ਬਚਾਓ ਬਜਟ’ ਵਜੋਂ ਖਾਰਜ ਕਰਦਿਆਂ ਕਿਹਾ ਕਿ ਇਹ ਭਾਜਪਾ ਦਾ ਕਸੂਰ ਨਹੀਂ ਹੈ ਜੇ ਲੋਕਾਂ ਨੇ ਚੋਣਾਂ ਵਿੱਚ ਉਸ ਨੂੰ ਅਤੇ ਉਸ ਦੀ ਪਾਰਟੀ ਨੂੰ ਵਾਰ-ਵਾਰ ਨਕਾਰ ਦਿੱਤਾ ਹੈ। -ਪੀਟੀਆਈ