ਰਾਹੁਲ ਗਾਂਧੀ ਨੂੰ ਹਿੰਦੂ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ: ਨਾਇਬ ਸੈਣੀ
ਆਤਿਸ਼ ਗੁਪਤਾ
ਚੰਡੀਗੜ੍ਹ, 2 ਜੁਲਾਈ
18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦਾ ਭਾਜਪਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ਵਿੱਚ ਹਿੰਦੂਆਂ ਦਾ ਕਥਿਤ ਤੌਰ ’ਤੇ ਅਪਮਾਨ ਕੀਤਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਰਾਹੁਲ ਗਾਂਧੀ ਤੀਜੀ ਵਾਰ ਹਾਰ ਤੋਂ ਬਾਅਦ ਬੁਖਲਾਹਟ ਵਿੱਚ ਹਨ, ਜਿਸ ਕਾਰਨ ਉਹ ਸੰਸਦ ਵਿੱਚ ਝੂਠ ਬੋਲ ਕੇ ਹਿੰਦੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਹਿੰਦੂ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਨੇ ਰਾਸ਼ਟਰਪਤੀ ਦੇ ਭਾਸ਼ਣ ’ਤੇ ਇਕ ਵੀ ਸ਼ਬਦ ਨਹੀਂ ਬੋਲਿਆ ਪਰ ਹਿੰਦੂ ਸਮਾਜ ਨੂੰ ਹਿੰਸਕ ਕਰਾਰ ਦਿੱਤਾ ਹੈ ਅਤੇ ਸੰਸਦ ਵਿੱਚ ਝੂਠ ਬੋਲਿਆ ਹੈ। ਸ੍ਰੀ ਸੈਣੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਾਲ 1984 ’ਚ ਪੰਜਾਬ ਵਿੱਚ ਵਾਪਰੀ ਘਟਨਾ, ਕਸ਼ਮੀਰ ਘਾਟੀ ਵਿੱਚ ਕਸ਼ਮੀਰੀ ਪੰਡਤਾਂ ’ਤੇ ਹਮਲਾ ਅਤੇ ਬੰਗਾਲ ਵਿੱਚ ਵਾਪਰੀਆਂ ਘਟਨਾਵਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਵਿਕਾਸ ਬਾਰੇ ਗੱਲਬਾਤ ਕਰਨ ਦੀ ਥਾਂ ਹਿੰਦੂਆਂ ਨੂੰ ਹਿੰਸਕ ਦੱਸ ਰਹੀ ਹੈ, ਜਿਸ ਨੂੰ ਭਾਜਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਤੀਜੀ ਵਾਰ ਮਿਲੀ ਹਾਰ ਤੋਂ ਰਾਹੁਲ ਗਾਂਧੀ ਬੁਖਲਾਹਟ ਵਿੱਚ: ਕੇਵਲ ਸਿੰਘ ਢਿੱਲੋਂ
ਭਾਜਪਾ ਦੀ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਤੇ ਵਿਨੀਤ ਜੋਸ਼ੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਲਗਾਤਾਰ ਤੀਜੀ ਵਾਰ ਹਾਰ ਤੋਂ ਬੁਖਲਾਹਟ ਵਿੱਚ ਹਨ। ਇਸ ਲਈ ਸੰਵਿਧਾਨਕ ਅਹੁਦੇ ’ਤੇ ਬੈਠੇ ਹੋਣ ਦੇ ਬਾਵਜੂਦ ਗੈਰ ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸ੍ਰੀ ਢਿੱਲੋਂ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੰਡੀਗੜ੍ਹ ਦੇ ਸੈਕਟਰ-37 ਵਿੱਚ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲੋਕ ਸਭਾ ਵਿੱਚ ਪੂਰੇ ਹਿੰਦੂ ਸਮਾਜ ਨੂੰ ਹਿੰਸਕ ਕਹਿਣਾ ਨਿੰਦਣਯੋਗ ਹੈ। ਇਹ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼ ਹੈ।