ਵਿਦੇਸ਼ ’ਚ ਦੇਸ਼ ਦਾ ਅਕਸ ਵਿਗਾੜ ਰਹੇ ਨੇ ਰਾਹੁਲ: ਰਾਜਨਾਥ
ਚੰਡੀਗੜ੍ਹ, 28 ਸਤੰਬਰ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਉਹ ਆਪਣੇ ਵਿਦੇਸ਼ੀ ਦੌਰਿਆਂ ਦੌਰਾਨ ਦੇਸ਼ ਦੀ ਮਾਣ-ਮਰਿਆਦਾ ਮਿੱਟੀ ਵਿੱਚ ਮਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਹਰਿਆਣਾ ਦੇ ਬਾਦਲੀ ਵਿੱਚ ਭਾਜਪਾ ਉਮੀਦਵਾਰ ਓਪੀ ਧਨਖੜ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਤੇ ਐਲਕੇ ਅਡਵਾਨੀ ਵਰਗੇ ਭਾਜਪਾ ਦੇ ਸੀਨੀਅਰ ਆਗੂ ਵੀ ਵਿਰੋਧੀ ਧਿਰ ਦੇ ਨੇਤਾ ਰਹੇ ਹਨ ਪਰ ਉਨ੍ਹਾਂ ਕਦੇ ਵੀ ਵਿਦੇਸ਼ਾਂ ਵਿੱਚ ਆਪਣੇ ਦੇਸ਼ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਰਾਹੁਲ ਵੱਲੋਂ ਹਾਲ ਹੀ ’ਚ ਅਮਰੀਕਾ ਵਿੱਚ ਸਿੱਖ ਭਾਈਚਾਰੇ ਬਾਰੇ ਕੀਤੀਆਂ ਟਿੱਪਣੀਆਂ ਦਾ ਜ਼ਿਕਰ ਕਰ ਰਹੇ ਸਨ। ਰਾਜਨਾਥ ਨੇ ਕਿਹਾ, ‘‘ਰਾਹੁਲ ਹੋਰ ਦੇਸ਼ਾਂ ’ਚ ਭਾਰਤ ਦਾ ਅਕਸ ਮਿੱਟੀ ਵਿੱਚ ਮਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ (ਰਾਹੁਲ) ਕਹਿੰਦੇ ਹਨ ਕਿ ਸਿੱਖ ਭਾਈਚਾਰੇ ਨੂੰ ਗੁਰਦੁਆਰਿਆਂ ਵਿੱਚ ਜਾਂਦਿਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਕੜਾ ਨਹੀਂ ਪਾ ਸਕਦੇ।’’ -ਪੀਟੀਆਈ