Raid at farmers home ਰੁਲਦੂ ਸਿੰਘ ਮਾਨਸਾ ਨੂੰ ਸਾਥੀਆਂ ਸਣੇ ਚੰਡੀਗੜ੍ਹ ’ਚੋਂ ਹਿਰਾਸਤ ਵਿਚ ਲਿਆ
ਜੋਗਿੰਦਰ ਸਿੰਘ ਮਾਨ
ਮਾਨਸਾ, 4 ਮਾਰਚ
Punjab Police raid farmer leaders' homes ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਸਰਕਾਰ ਵਿਚਕਾਰ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਸਵੇਰੇ ਵੱਡੇ ਤੜਕੇ ਪੰਜਾਬ ਪੁਲੀਸ ਵੱਲੋਂ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਮਾਨਸਾ ਇਲਾਕੇ ਵਿੱਚ ਅਨੇਕਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲੀਸ ਵੱਲੋਂ ਕਿਸਾਨਾਂ ਨੂੰ ਘਰਾਂ ’ਚੋਂ ਹੀ ਫ਼ੜ ਲਿਆ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਚੰਡੀਗੜ੍ਹ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਹ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਲਈ ਗਏ ਅਤੇ ਉਥੇ ਹੀ ਕਿਸਾਨ ਭਵਨ ਵਿਖੇ ਰੁਕ ਗਏ ਸਨ। ਉਨ੍ਹਾਂ ਨਾਲ ਜਥੇਬੰਦੀ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਭੀਖੀ, ਕਰਨੈਲ ਸਿੰਘ ਮਾਨਸਾ, ਉਗਰ ਸਿੰਘ ਵੀ ਫ਼ੜੇ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 36 ਦੀ ਪੁਲੀਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।


ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਚ ਉਲੀਕੇ ਪ੍ਰੋਗਰਾਮ ਨੂੰ ਅਸਫਲ ਕਰਨ ਲਈ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ, ਜ਼ਿਲ੍ਹਾ ਪ੍ਰਧਾਨ ਰਾਮਫਲ਼ ਸਿੰਘ ਚੱਕ ਅਲੀਸ਼ੇਰ, ਭੋਲਾ ਸਿੰਘ ਸਮਾਓ ਅਤੇ ਸੈਂਕੜੇ ਕਿਸਾਨਾਂ ਨੂੰ ਪੁਲੀਸ ਅੱਧੀ ਰਾਤ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਲੋਂ ਫੋਨ ’ਤੇ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਘਰੋਂ ਬਾਹਰ ਹੋਣ ਕਰਕੇ ਫੜੇ ਜਾਣ ਤੋਂ ਬਚ ਗਏ ਹਨ ਅਤੇ ਜਥੇਬੰਦੀਆਂ ਦੇ ਹੋਰ ਅਨੇਕਾਂ ਕਾਰਕੁਨਾਂ ਨੂੰ ਫ਼ੜ ਲਿਆ ਗਿਆ ਹੈ। ਰੁਲਦੂ ਸਿੰਘ ਮਾਨਸਾ ਨੂੰ ਹਾਲਾਂਕਿ ਮਗਰੋਂ ਚੰਡੀਗੜ੍ਹ ਤੋਂ ਹਿਰਾਸਤ ਵਿਚ ਲੈ ਲਿਆ ਗਿਆ।
ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਵੀ ਫੋਨ ਰਾਹੀਂ ਉਨ੍ਹਾਂ ਸਮੇਤ ਅਨੇਕਾਂ ਹੋਰਾਂ ਨੂੰ ਫੜਨ ਦੀ ਜਾਣਕਾਰੀ ਸਾਂਝੀ ਕੀਤੀ ਹੈ।