Raid at Farmers home ਬਰਨਾਲਾ ਵਿੱਚ ਪੁਲੀਸ ਨੇ ਕਈ ਕਿਸਾਨ ਆਗੂ ਹਿਰਾਸਤ ਵਿੱਚ ਲਏ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 4 ਮਾਰਚ
Raid at Farmers home ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਤੋਂ ਪਹਿਲਾਂ ਅੱਜ ਇਥੇ ਵੱਡੇ ਤੜਕੇ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰ ਗਏ। ਇਸ ਦੌਰਾਨ ਪੁਲੀਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
ਬਰਨਾਲਾ ਜ਼ਿਲ੍ਹੇ ਵਿੱਚ ਵੱਖ-ਵੱਖ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਜਦੋਂਕਿ ਕਿ ਕੁਝ ਨੂੰ ਪੁਲੀਸ ਥਾਣਿਆਂ ਵਿੱਚ ਲਿਆਂਦਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਸਿਕੰਦਰ ਸਿੰਘ ਮਾਨ, ਬੀਕੇਯੂ ਉਗਰਾਹਾਂ ਦੇ ਸੂਬਾ ਆਗੂ ਮਾਸਟਰ ਹਰਦੀਪ ਸਿੰਘ ਟੱਲੇਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਨਜੀਤ ਰਾਜ ਤੇ ਬੀਕੇਯੂ ਡਕੌਂਦਾ ਦੇ ਬਲਾਕ ਸ਼ਹਿਣਾ ਪ੍ਰਧਾਨ ਜਗਸੀਰ ਸਿੰਘ ਸੀਰਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਤੋਂ ਇਲਾਵਾ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੇ ਘਰ ਵੀ ਪੁਲੀਸ ਨੇ ਰੇਡ ਕੀਤੀ ਹੈ, ਜਦਕਿ ਉਹ ਘਰ ਨਾ ਹੋਣ ਕਾਰਨ ਪੁਲੀਸ ਦੇ ਹੱਥ ਨਹੀਂ ਆਏ। ਦੱਸਣਯੋਗ ਹੈ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਲਈ ਰਵਾਨਗੀ ਪਾਈ ਜਾਣੀ ਸੀ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸੋਮਵਾਰ ਨੂੰ ਚੰਡੀਗੜ੍ਹ ਵਿਚ ਹੋਈ ਮੀਟਿੰਗ ਬੇਸਿੱਟਾ ਰਹੀ ਹੈ, ਜਿਸ ਤੋਂ ਬਾਅਦ ਅੱਜ ਸਵੇਰ ਸਮੇਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਪੁਲੀਸ ਵੱਲੋਂ ਰੇਡ ਕੀਤੀ ਗਈ ਹੈ।