ਸੰਗਰੂਰ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਵਰਤੋਂ ਰੋਕਣ ਲਈ ਛਾਪੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਦਸੰਬਰ
ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਅੱਜ ਵੱਖ-ਵੱਖ ਸਬ ਡਿਵੀਜ਼ਨਾਂ ਵਿੱਚ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਪਰ ਛਾਪੇ ਮਾਰ ਕੇ ਜਾਂਚ ਕੀਤੀ ਗਈ। ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵੱਲੋਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਸਬ ਡਿਵੀਜ਼ਨਾਂ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਤਹਿਤ ਵੱਖ ਵੱਖ ਸਬ ਡਿਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਟੀਮਾਂ ਵੱਲੋਂ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਤੇ ਛਾਪੇ ਮਾਰ ਕੇ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸ਼ੌਕ ਦੀ ਪੂਰਤੀ ਲਈ ਕਿਸੇ ਦੀ ਵੀ ਜਾਨ ਜੋਖ਼ਮ ਵਿੱਚ ਨਾ ਪਾਉਣ। ਉਨ੍ਹਾਂ ਕਿਹਾ ਕਿ ਜਿਹੜੇ ਦੁਕਾਨਦਾਰ ਲੋਕਾਂ ਤੇ ਪਸ਼ੂ ਪੰਛੀਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਚੀਨੀ ਡੋਰ ਦੀ ਵਿਕਰੀ ਜਾਂ ਭੰਡਾਰ ਕਰਨਗੇ, ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੀਨੀ ਡੋਰ ਖ਼ਿਲਾਫ਼ ਮੁਹਿੰਮ ਨੂੰ ਲਾਗੂ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।