ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨ ਫ਼ਿਕਰਾਂ ’ਚ ਪਾਏ

08:53 AM Sep 27, 2024 IST
ਹਰਿਆਣਾ ਦੇ ਅੰਬਾਲਾ ਸ਼ਹਿਰ ਨਜ਼ਦੀਕ ਖੇਤਾਂ ਵਿੱਚ ਵਿਛੀ ਹੋਈ ਫਸਲ।

ਆਤਿਸ਼ ਗੁਪਤਾ
ਚੰਡੀਗੜ੍ਹ, 26 ਸਤੰਬਰ
ਪੰਜਾਬ ਤੇ ਹਰਿਆਣਾ ਵਿੱਚ ਲੰਘੀ ਰਾਤ ਤੋਂ ਰੁੱਕ-ਰੁੱਕ ਕੇ ਪੈ ਰਹੇ ਮੀਂਹ ਤੇ ਚੱਲ ਰਹੀ ਤੇਜ਼ ਹਵਾ ਨੇ ਜਿੱਥੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾਈ ਹੈ ਉੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਖੇਤਾਂ ਵਿੱਚ ਵਾਢੀ ਲਈ ਤਿਆਰ ਹੋਣ ਕੰਢੇ ਪਹੁੰਚੀ ਝੋਨੇ ਦੀ ਫ਼ਸਲ ਤੇਜ਼ ਹਵਾਵਾਂ ਕਰਕੇ ਵਿਛ ਗਈ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਤੋਂ ਰਾਜਧਾਨੀ ਚੰਡੀਗੜ੍ਹ, ਫਤਹਿਗੜ੍ਹ ਸਾਹਿਬ, ਰੋਪੜ, ਪਟਿਆਲਾ, ਪਠਾਨਕੋਟ ਤੇ ਮੁਹਾਲੀ ਵਿੱਚ ਭਾਰੀ ਮੀਂਹ ਪਿਆ ਹੈ। ਮੀਂਹ ਕਰਕੇ ਸ਼ਹਿਰਾਂ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਦੇ ਨਾਲ ਹੀ ਕਈ ਥਾਵਾਂ ’ਤੇ ਖੇਤਾਂ ਵਿੱਚ ਵੀ ਮੀਂਹ ਭਰ ਗਿਆ ਹੈ। ਪੰਜਾਬ ਤੇ ਹਰਿਆਣਾ ਵਿੱਚ ਅੱਜ ਤੜਕੇ ਤੋਂ ਮੀਂਹ ਦੇ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਕਰਕੇ ਕਈ ਥਾਵਾਂ ’ਤੇ ਕਿਸਾਨਾਂ ਦੀਆਂ ਫ਼ਸਲਾਂ ਵਿਛ ਗਈਆਂ ਹਨ ਜਦਕਿ ਖਾਸ ਤੌਰ ’ਤੇ ਝੋਨੇ ਦੀ ਕਿਸਮ 1509, 1692 ਤੇ ਅਗੇਤੀ ਬਾਸਮਤੀ ਲਗਾਉਣ ਵਾਲੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਪਟਿਆਲਾ ਦੇ ਕਿਸਾਨ ਜਤਿੰਦਰ ਸਿੰਘ ਨੇ ਕਿਹਾ ਕਿ ਉਸ ਵੱਲੋਂ ਅਗੇਤੀ ਬਾਸਮਤੀ ਲਗਾਈ ਗਈ ਸੀ, ਜੋ ਕਿ ਵਾਢੀ ਲਈ ਤਿਆਰ ਖੜ੍ਹੀ ਸੀ। ਪਰ ਅੱਜ ਮੀਂਹ ਪੈਣ ਕਰਕੇ ਵਾਢੀ ਇਕ ਹਫ਼ਤਾ ਦੇਰੀ ਨਾਲ ਕਰਨੀ ਪਵੇਗੀ। ਉਸ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਕਿਸਮ 1509 ਤੇ 1692 ਦਾ ਭਾਅ ਪਿਛਲੇ ਸਾਲ ਮੁਕਾਬਲੇ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇ ਕਰੀਬ ਘੱਟ ਚੱਲ ਰਿਹਾ ਹੈ, ਜਿਸ ਕਰਕੇ ਕਿਸਾਨਾਂ ਨੂੂੰ ਦੋਹਰੀ ਮਾਰ ਝੱਲਣੀ ਪਵੇਗੀ। ਦੂਜੇ ਪਾਸੇ ਮੀਂਹ ਪੈਣ ਕਰਕੇ ਰਾਜਧਾਨੀ ਚੰਡੀਗੜ੍ਹ, ਮੁਹਾਲੀ, ਫਤਹਿਗੜ੍ਹ ਸਾਹਿਬ ਸਣੇ ਹੋਰਨਾਂ ਸ਼ਹਿਰ ਜਲ-ਥਲ ਹੋ ਗਏ ਹਨ। ਇਸ ਕਾਰਨ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਫਤਿਹਗੜ੍ਹ ਸਾਹਿਬ ਵਿੱਚ 58 ਐੱਮਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 42.9 ਐੱਮਐੱਮ, ਰੋਪੜ ਵਿੱਚ 9.5 ਐੱਮਐੱਮ, ਪਠਾਨਕੋਟ ਵਿੱਚ 5.5 ਐੱਮਐੱਮ, ਪਟਿਆਲਾ ਵਿੱਚ 2.2 ਐੱਮਐੱਮ ਮੀਂਹ ਪਿਆ ਹੈ। ਦੂਜੇ ਪਾਸੇ ਹਰਿਆਣਾ ਦੇ ਅੰਬਾਲਾ ਵਿੱਚ 62.8 ਐੱਮਐੱਮ, ਕਰਨਾਲ ਵਿੱਚ 16 ਐੱਮਐੱਮ, ਪੰਚਕੂਲਾ ਵਿੱਚ 59.5 ਐੱਮਐੱਮ, ਕੁਰੂਕਸ਼ੇਤਰ ਵਿੱਚ 40.5 ਤੇ ਯਮੁਨਾਨਗਰ ਵਿੱਚ 2 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਆਉਂਦੇ ਦਿਨਾਂ ’ਚ ਪੰਜਾਬ ਤੇ ਹਰਿਆਣਾ ਵਿੱਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement

Advertisement