ਘਰੇਲੂ ਹਿੰਸਾ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ ਬਾਰੇ ਜਾਗਰੂਕ ਕੀਤਾ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 21 ਨਵੰਬਰ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ-2005 ਤੇ ਕੰਮਕਾਜੀ ਸਥਾਨ ’ਤੇ ਸਰੀਰਕ ਸ਼ੋਸ਼ਣ ਰੋਕੂ ਐਕਟ-2013 ਬਾਰੇ ਜਾਗਰੂਕ ਕੀਤਾ। ਅੱਜ ਇੱਥੇ ਰਤਨ ਕਾਲਜ ਆਫ਼ ਨਰਸਿੰਗ ਸੋਹਾਣਾ ’ਚ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਗਿੱਲ ਨੇ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਔਰਤਾਂ ਸਭ ਤੋਂ ਜ਼ਿਆਦਾ ਘਰੇਲੂ ਹਿੰਸਾ ਤੋਂ ਪੀੜਤ ਹਨ। ਸਰਕਾਰ ਵੱਲੋਂ ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਦੀ ਮਦਦ ਲਈ ਪੰਜਾਬ ਵਿੱਚ ਸਖੀ ਵੰਨ ਸਟਾਪ ਸੈਂਟਰ ਖੋਲ੍ਹੇ ਗਏ ਹਨ।
ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਨੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਕਿਤਾਬਚਾ ਵੀ ਜਾਰੀ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਰੁਪਿੰਦਰ ਪਾਲ ਕੌਰ ਨੇ ਵੀ ਘਰੇਲੂ ਹਿੰਸਾ ਕਾਨੂੰਨ ਤੇ ਸਰੀਰਕ ਸ਼ੋਸ਼ਣ ਰੋਕੂ ਕਾਨੂੰਨ ਬਾਰੇ ਚਾਨਣਾ ਪਾਇਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਸੀਡੀਪੀਓ, ਸੁਪਰਵਾਈਜ਼ਰ, ਆਗਨਵਾਂੜੀ ਵਰਕਰ ਤੇ ਵਿਦਿਆਰਥਣਾਂ ਹਾਜ਼ਰ ਸਨ।