ਤੰਬਾਕੂ ਦੇ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ
ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਮਾਰਚ
ਇੱਥੋਂ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਤੰਬਾਕੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦੱਤ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ। ਇਹ ਨਾ ਸਿਰਫ਼ ਮੂੰਹ, ਗਲੇ, ਭੋਜਨ ਨਲੀ ਆਦਿ ਦੇ ਕੈਂਸਰ ਦਾ ਕਾਰਨ ਬਣਦਾ ਹੈ ਸਗੋਂ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਹਾਈ ਬੀਪੀ ਵਰਗੀਆਂ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਇਸ ਤੋਂ ਇਲਾਵਾ ਸਿਗਰਟ ਤੇ ਬੀੜੀ ਦੀ ਵਰਤੋਂ ਨਾ ਸਿਰਫ਼ ਪੀਣ ਵਾਲੇ ਨੂੰ ਪ੍ਰਭਾਵਿਤ ਕਰਦੀ ਹੈ ਸਗੋਂ ਇਸ ਦਾ ਧੂੰਆਂ ਨਾ ਪੀਣ ਵਾਲੇ ਵਿਅਕਤੀਆਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਮੌਕੇ ਗੁਰਦੀਪ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣ ਅਤੇ ਕਿਸੇ ਵਿਦਿਅਕ ਸੰਸਥਾ ਦੇ 100 ਗਜ ਘੇਰੇ ਵਿਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਵਿਕਰੀ ਕਰਨ ’ਤੇ ਰੋਕ ਹੈ।
ਇਸ ਮੌਕੇ ਬਲਜੀਤ ਸਿੰਘ, ਵਰਿੰਦਰ ਮੋਹਨ, ਜਰਨੈਲ ਸਿੰਘ, ਦਵਿੰਦਰ ਸਿੰਘ, ਪਵਨਦੀਪ ਸਿੰਘ, ਰਾਮਪਾਲ, ਅਮਨਦੀਪ ਸਿੰਘ, ਰਾਜ ਸਿੰਘ ਚੀਮਾ ਆਦਿ ਹਾਜ਼ਰ ਸਨ।