ਰਾਜਾ ਵੜਿੰਗ ਨੇ ਅਕਾਲ ਤਖ਼ਤ ਦੇ ਸਨਮਾਨ ਨੂੰ ਠੇਸ ਪਹੁੰਚਾਈ: ਜਥੇਦਾਰ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਅਕਤੂਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਕਾਲ ਤਖ਼ਤ ਖ਼ਿਲਾਫ਼ ਕੀਤੀ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲਿਆ ਹੈ। ਜਥੇਦਾਰ ਰਘਬੀਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਰਾਜਾ ਵੜਿੰਗ ਨੇ ਅਕਾਲ ਤਖ਼ਤ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਪੰਥ ਕੋਲੋਂ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ਵਿੱਚ ਕੀਤੀ ਬਿਆਨਬਾਜ਼ੀ ’ਚ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਦੇ ਪੰਜਾਬ ਪ੍ਰਧਾਨ ਹੈ, ਜਿਸ ਦੀ ਸਰਕਾਰ ਨੇ ਅਕਾਲ ਤਖ਼ਤ ਨੂੰ ਢਾਹਿਆ ਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਪੰਥ ਕੋਲੋਂ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਖ਼ਿਲਾਫ਼ ਅਗਲੇ ਦਿਨਾਂ ’ਚ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਨੇ ਇਕ ਇੰਟਰਵਿਊ ’ਚ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਬਾਦਲਾਂ ਦੀ ਮਰਜ਼ੀ ਨਾਲ ਅਤੇ ਮਰਜ਼ੀ ਮੁਤਾਬਕ ਜਾਰੀ ਕੀਤੇ ਜਾਂਦੇ ਹਨ।