ਸੈਨੇਟ ਚੋਣਾਂ ਸਬੰਧੀ ਰਾਜਾ ਵੜਿੰਗ ਵੱਲੋਂ ਧਨਖੜ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਦਸੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਸੈਨੇਟ ਚੋਣਾਂ ’ਚ ਹੋ ਰਹੀ ਦੇਰੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਵੜਿੰਗ ਨੇ ਯੂਨੀਵਰਸਿਟੀ ਦੇ ਸਾਰੇ ਹਿੱਸੇਦਾਰਾਂ ਲਈ ਨਿਰਪੱਖ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਲਈ ਸੈਨੇਟ ਚੋਣਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਵੜਿੰਗ ਨੇ ਕਿਹਾ ਕਿ ਸੈਨੇਟ ਚੋਣਾਂ ’ਚ ਦੇਰੀ ਜਮਹੂਰੀਅਤ ਪ੍ਰਤੀ ਵਚਨਬੱਧਤਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫ਼ੈਸਲੇ ਲੈਣ ਵਿੱਚ ਦੇਰੀ ਇੱਕ ਖ਼ਲਾਅ ਪੈਦਾ ਕਰਦੀ ਹੈ, ਜਿਸ ਨਾਲ ਨਾਜ਼ੁਕ ਮੁੱਦਿਆਂ ਦਾ ਹੱਲ ਨਹੀਂ ਹੁੰਦਾ ਜਿਸ ਕਰਕੇ ਯੂਨੀਵਰਸਿਟੀ ਭਾਈਚਾਰੇ ਦੇ ਜਮਹੂਰੀ ਅਧਿਕਾਰਾਂ ਦਾ ਸਤਿਕਾਰ ਕੀਤਾ ਜਾਵੇ ਅਤੇ ਬਿਨਾਂ ਕਿਸੇ ਢਿੱਲ ਦੇ ਬਹਾਲ ਕੀਤਾ ਜਾਵੇ। ਵੜਿੰਗ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਧਨਖੜ ਭਲਕੇ ਪੰਜਾਬ ਯੂਨੀਵਰਸਿਟੀ ਦਾ ਦੌਰਾ ਕਰਨਗੇ। ਵੜਿੰਗ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਉਨ੍ਹਾਂ ਦੇ ਦੌਰੇ ਦੌਰਾਨ ਲਏ ਗਏ ਕਿਸੇ ਵੀ ਫ਼ੈਸਲੇ ਵਿੱਚ ਯੂਨੀਵਰਸਿਟੀ ਦੇ ਲੋਕਾਚਾਰ ਅਤੇ ਭਾਈਚਾਰੇ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇ।