For the best experience, open
https://m.punjabitribuneonline.com
on your mobile browser.
Advertisement

ਰੱਖੜ ਪੁੰਨਿਆ ਕਾਨਫਰੰਸ: ਸਿਆਸੀ ਧਿਰਾਂ ਵੱਲੋਂ ਇਕ-ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ

07:14 AM Sep 01, 2023 IST
ਰੱਖੜ ਪੁੰਨਿਆ ਕਾਨਫਰੰਸ  ਸਿਆਸੀ ਧਿਰਾਂ ਵੱਲੋਂ ਇਕ ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ
ਬਾਬਾ ਬਕਾਲਾ ’ਚ ਕਾਨਫਰੰਸ ਦੌਰਾਨ ਮੰਚ ’ਤੇ ਬੈਠੇ ਹੋਏ ਪ੍ਰਿੰਸੀਪਲ ਬੱੁਧ ਰਾਮ, ਕੁਲਦੀਪ ਸਿੰਘ ਧਾਲੀਵਾਲ ਤੇ ਹੋਰ।
Advertisement

ਦਵਿੰਦਰ ਸਿੰਘ ਭੰਗੂ
ਰਈਆ, 31 ਅਗਸਤ
ਮੇਲਾ ਰੱਖੜ-ਪੁੰਨਿਆ ’ਤੇ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ, ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪੋ-ਆਪਣੀਆਂ ਕਾਨਫਰੰਸਾਂ ਕੀਤੀਆਂ ਗਈਆਂ। ਸੱਤਾਧਾਰੀ ਆਮ ਆਦਮੀ ਪਾਰਟੀ ਦੀ ਕਾਨਫ਼ਰੰਸ ਵਿਚ ਕਿਆਸੀ ਗਈ ਭੀੜ ਤੋਂ ਕਾਫ਼ੀ ਘੱਟ ਗਿਣਤੀ ਵਿੱਚ ਵਰਕਰ ਪੁੱਜੇ ਅਤੇ ਵੱਡੀ ਗਿਣਤੀ ਕੁਰਸੀਆਂ ਖ਼ਾਲੀ ਮਿਲੀਆਂ।‘ਆਪ’ ਵੱਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਆਈਟੀਆਈ ਗਰਾਊਂਡ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਕਾਂਗਰਸ ਸਰਕਾਰਾਂ ਵੇਲੇ ਪੰਜਾਬੀ ਸੂਬੇ ਨੂੰ ਸੀਮਤ ਕਰ ਦਿੱਤਾ ਗਿਆ ਹੈ ਤੇ ਹੁਣ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਸਫ਼ਲ ਕਰ ਦਿੱਤੀਆਂ ਗਈਆਂ ਹਨ। ਉੁਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਆਗੂਆਂ ਨੇ ਸੂਬੇ ਨੂੰ ਪਹਿਲਾਂ ਹੀ ਕਰਜ਼ਾਈ ਕਰ ਰੱਖਿਆ ਹੈ। ਇਨ੍ਹਾਂ ਪਾਰਟੀਆਂ ਨੇ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚੜ੍ਹਾ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਕ ਸਾਲ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਵੀ ਪੇਸ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੁਰੂ ਲਾਧੋਰੇ ਦਿਵਸ ਬਾਰੇ ਦੱਸਿਆ ਪਰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕੋਈ ਵੀ ਗੱਲ ਨਾ ਕੀਤੀ।

Advertisement

ਸਰਕਾਰ ਦੀ ਅਣਗਹਿਲੀ ਕਾਰਨ ਹੜ੍ਹਾਂ ਦੀ ਮਾਰ ਪਈ: ਵੜਿੰਗ

ਕਾਨਫਰੰਸ ਦੌਰਾਨ ਕੋਈ ਨੁਕਤਾ ਸਾਂਝਾ ਕਰਦੇ ਹੋਏ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ। -ਫੋਟੋ: ਭੰਗੂ

ਪੱਤਰ ਪ੍ਰੇਰਕ
ਰਈਆ, 31 ਅਗਸਤ
ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਜਲੰਧਰ-ਬਟਾਲਾ ਰੋਡ ’ਤੇ ਪੈਟਰੋਲ ਪੰਪ ਦੇ ਸਾਹਮਣੇ ਅਕਾਲੀ ਫਾਰਮ ’ਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਦਰਿਆਵਾਂ ਵਿਚ ਖਣਨ ਕਰਵਾ ਕੇ ਸਫ਼ਾਈ ਕਰਵਾਈ ਜਾਂਦੀ ਤਾਂ ਬਿਆਸ ਤੇ ਸਤਲੁਜ ਦਰਿਆਵਾਂ ਵਿਚ ਆਏ ਹੜ੍ਹਾਂ ਨਾਲ ਪੰਜਾਬ ਦੇ ਲੋਕਾਂ ਦਾ ਇੰਨਾ ਨੁਕਸਾਨ ਨਾ ਹੁੰਦਾ, ਇਸ ਗ਼ਲਤੀ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ ਜਿਸ ਨਾਲ ਛੇ ਲੱਖ ਏਕੜ ਫਸਲ ਦਾ ਨੁਕਸਾਨ ਹੋਇਆ, ਜੇਕਰ ਪਹਿਲਾਂ ਸਫ਼ਾਈ ਕਰਵਾਈ ਜਾਂਦੀ ਤਾਂ ਸਿਰਫ਼ 2000 ਏਕੜ ਦਾ ਨੁਕਸਾਨ ਹੋਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਜਿਉਂ ਦੇ ‌ਤਿਉਂ ਪਏ ਹਨ। ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਨਹੀਂ ਸਗੋਂ ਕੇਜਰੀਵਾਲ ਦੀ ਫ਼ਿਕਰ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਅਤੇ ਬਲਾਕ ਸਮਿਤੀਆਂ ਤੋੜ ਦਿੱਤੀਆਂ ਗਈਆਂ ਪਰ ਮੁੱਖ ਮੰਤਰੀ ਨੂੰ ਪੰਚਾਇਤਾਂ ਤੋੜਨ ਦਾ ਕੋਈ ਅਧਿਕਾਰ ਨਹੀਂ ਸੀ ਤੇ ਹਾਈ ਕੋਰਟ ਨੇ ਇਸ ਫ਼ੈਸਲੇ ’ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਦੀਆਂ ਨਿਯੁਕਤੀਆਂ ’ਤੇ ਵੀ ਤੰਜ਼ ਕੱਸਿਆ। ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਧੰਨਵਾਦ ਕੀਤਾ। ਇਸ ਮੌਕੇ ਹਲਕੇ ਦੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਗੈਰਹਾਜ਼ਰੀ ਰੜਕਦੀ ਰਹੀ।

Advertisement

ਐਸਮਾ ਮੁਲਾਜ਼ਮਾਂ ’ਤੇ ਨਹੀਂ, ਮੁੱਖ ਮੰਤਰੀ ’ਤੇ ਲੱਗੇ: ਬਾਦਲ

ਕਾਂਗਰਸੀ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਂਦੇ ਹੋਏ ਸੁਖਬੀਰ ਬਾਦਲ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਅਗਸਤ
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਚ ਸ਼੍ਰੋੋਮਣੀ ਅਕਾਲੀ ਦਲ ਵਲੋਂ ਕਾਨਫਰੰਸ ਕਰਵਾਈ ਗਈ ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਮਾ (ਜ਼ਰੂਰੀ ਸੇਵਾਵਾਂ ਐਕਟ) ਮੁਲਾਜ਼ਮਾਂ ਖਿਲਾਫ ਨਹੀਂ ਸਗੋਂ ਮੁੱਖ ਮੰਤਰੀ ਖਿਲਾਫ ਲੱਗਣਾ ਚਾਹੀਦਾ ਹੈ ਜਿਨ੍ਹਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਦੀ ਬਾਂਹ ਨਹੀਂ ਫੜੀ ਅਤੇ ਉਹ ਸੰਕਟ ਸਮੇਂ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਰਗੇ ਰਾਜਾਂ ’ਚ ਘੁੰਮਦੇ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਐਸਮਾ ਵਾਲਾ ਪੈਮਾਨਾ ਖੁਦ ’ਤੇ ਵੀ ਲਾਗੂ ਕਰਨਾ ਚਾਹੀਦਾ ਹੈ ਜੋ ਉਹ ਮੁਲਾਜ਼ਮਾਂ ’ਤੇ ਲਾਗੂ ਕਰ ਰਹੇ ਹਨ। ਇਹੀ ਪੈਮਾਨਾ ਮੰਤਰੀਆਂ ਤੇ ਵਿਧਾਇਕਾਂ ’ਤੇ ਵੀ ਲਾਗੂ ਹੋਣਾ ਚਾਹੀਦਾ ਹੈ ਜੋ ਪਿਛਲੇ ਮਹੀਨੇ ਆਏ ਹੜ੍ਹਾਂ ’ਚ ਫਸੇ ਕਿਸਾਨਾਂ ਅਤੇ ਲੋਕਾਂ ਦੀ ਮਦਦ ਵਾਸਤੇ ਮੌਕੇ ’ਤੇ ਨਹੀਂ ਪੁੱਜ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾਉਣ ਦੀ ਥਾਂ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੂਰ ਕਰੇ। ਸ੍ਰੀ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਲੜੇਗਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ’ਚ ਨਸ਼ਿਆਂ ਦਾ ਪਸਾਰ 10 ਗੁਣਾ ਵੱਧ ਗਿਆ ਹੈ। ‘ਆਪ’ ਨੇ ਇਸ ਮਾਮਲੇ ’ਚ ਅਕਾਲੀ ਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਬਦਨਾਮੀ ਕੀਤੀ ਪਰ ਇਸ ਵੇਲੇ ਸਿੰਥੈਟਿਕ ਡਰੱਗ ਦੀ ਖਪਤ ਸਭ ਤੋਂ ਜ਼ਿਆਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਰੱਖੜ ਪੁੰਨਿਆ ’ਤੇ ਆਉਣ ਦੀ ਥਾਂ ਮੁੰਬਈ ਗਏ ਹਨ, ਕਿਉਂਕਿ ਕੇਜਰੀਵਾਲ ਨੂੰ ਉਥੇ ਜਾਣ ਲਈ ਸਰਕਾਰ ਦੇ ਜਹਾਜ਼ ਦੀ ਲੋੜ ਸੀ।

Advertisement
Author Image

sukhwinder singh

View all posts

Advertisement