ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਖ਼ਿਲਾਫ਼ ਰੈਲੀਆਂ
ਕੁਲਦੀਪ ਸਿੰਘ
ਚੰਡੀਗੜ੍ਹ, 12 ਨਵੰਬਰ
ਬਿਜਲੀ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ, ਰੁਤਬਾ, ਤਨਖ਼ਾਹ ਸਕੇਲ ਅਤੇ ਹੋਰ ਲਾਭਾਂ ਬਾਰੇ ਫ਼ੈਸਲਾ ਕਰਨ ਅਤੇ ਉਨ੍ਹਾਂ ਨੂੰ ਹੋਰ ਵਿਭਾਗਾਂ ਵਿੱਚ ਐਡਜਸਟ ਕਰਨ ਲਈ ਮੁਲਾਜ਼ਮਾਂ ਦੇ ਇਤਰਾਜ਼ ਲਏ ਬਗੈਰ ਇਸ ਨੂੰ ਅੰਤਿਮ ਰੂਪ ਦਿੱਤੇ ਤਬਾਦਲਾ ਨੀਤੀ ਬਣਾਉਣ ਦੇ ਵਿਰੋਧ ਵਿੱਚ ਯੂਟੀ ਪਾਵਰਮੈਨ ਯੂਨੀਅਨ ਦੇ ਸੱਦੇ ’ਤੇ ਅੱਜ ਦੂਜੇ ਦਿਨ ਵੀ ਬਿਜਲੀ ਵਿਭਾਗ ਦੇ ਸਮੂਹ ਦਫ਼ਤਰਾਂ ਅੱਗੇ ਬਹੁ-ਪੱਖੀ ਸਮਝੌਤੇ ਤੋਂ ਪਹਿਲਾਂ ਹੀ ਐਲਓਆਈ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਵਿਰੁੱਧ ਰੋਸ ਰੈਲੀਆਂ ਕੀਤੀਆਂ।
ਰੈਲੀਆਂ ਵਿੱਚ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਵਿਨੈ ਪ੍ਰਸਾਦ, ਲਲਿਤੀ ਸਿੰਘ, ਪਾਨ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਹੋਏ। ਸੰਬੋਧਨ ਕਰਦਿਆਂ ਭੁਪਿੰਦਰ ਸਿੰਘ, ਨਵਨੀਤ ਸਿੰਘ ਆਦਿ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਸੰਨ-2020 ਵਿੱਚ ਬੋਲੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਗ਼ਲਤੀ ਨੂੰ ਦੁਹਰਾ ਰਿਹਾ ਹੈ ਅਤੇ ਬੋਲੀ ਤੋਂ ਪਹਿਲਾਂ ਤਬਾਦਲਾ ਨੀਤੀ ਬਣਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਦਾ ਸਰਕਾਰੀ ਰੁਤਬਾ ਨਹੀਂ ਬਦਲਣ ਦਿੱਤਾ ਜਾਵੇਗਾ। ਇਸ ਸਬੰਧੀ ਯੂਨੀਅਨ ਵੱਲੋਂ 8 ਨਵੰਬਰ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੰਗ ਪੱਤਰ ਦੇ ਕੇ ਅਧਿਕਾਰੀਆਂ ਨੂੰ ਗ਼ਲਤੀਆਂ ਕਰਨ ਅਤੇ ਭੜਕਾਊ ਕਾਰਵਾਈਆਂ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਗਈ ਹੈ।