For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿੱਚ ਰੈਲੀਆਂ

10:22 AM Aug 14, 2023 IST
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿੱਚ ਰੈਲੀਆਂ
ਬਮਿਆਲ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮੁਆਵਜ਼ੇ ਦੀ ਮੰਗ ਕਰਦੇ ਹੋਏ।-ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 13 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ 19 ਅਗਸਤ ਨੂੰ ਪੰਜਾਬ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਅਤੇ ਹੜ੍ਹ ਪੀੜਤਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਸਬੰਧੀ ਲਾਮਬੰਦੀ ਕਰਨ ਲਈ ਕਿਸਾਨ ਯੂਨੀਅਨ ਵੱਲੋਂ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਦੇ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ।
ਇਨ੍ਹਾਂ ਰੈਲੀਆਂ ਨੂੰ ਉੱਤਮ ਚੰਦ, ਗੁਰਬਚਨ ਸੁੰਦਰਚੱਕ, ਰਮੇਸ਼ ਸਿੰਘ ਤੇ ਰਾਜਿੰਦਰ ਸਿੰਘ ਮੱਖਣੂ ਨੇ ਸੰਬੋਧਨ ਕੀਤਾ। ਇਸ ਦੌਰਾਨ ਪਿੰਡ ਅੰਤੋਰ, ਫਤਹਿਪੁਰ, ਭਗਵਾਨਪੁਰ ਅਤੇ ਸਿੰਬਲ ਸਕੋਲ ਵਿੱਚ ਕੀਤੇ ਗਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸਤਬੀਰ ਸਿੰਘ ਸੁਲਤਾਨੀ, ਪਰਮਜੀਤ ਸਿੰਘ ਰਤਨਗੜ੍ਹ, ਸੂਰਤ ਸਿੰਘ ਅੰਤੋਰ ਅਤੇ ਸਰਪੰਚ ਸੁਰਜੀਤ ਸਿੰਘ ਸਿੰਬਲ ਸਕੋਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਸਮੇਂ ਸਿਰ ਹੜ੍ਹਾਂ ਦੀ ਰੋਕਥਾਮ ਲਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ।
ਦਰਿਆਵਾਂ, ਨਹਿਰਾਂ, ਨਾਲਿਆਂ ਤੇ ਕੱਸੀਆਂ ਦੀ ਸਫ਼ਾਈ ਨਹੀਂ ਕੀਤੀ ਗਈ ਤੇ ਨਾ ਹੀ ਕਮਜ਼ੋਰ ਥਾਵਾਂ ਤੋਂ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ। ਸਿੱਟੇ ਵਜੋਂ ਹੜ੍ਹਾਂ ਨਾਲ ਫ਼ਸਲਾਂ, ਘਰਾਂ, ਪਸ਼ੂਆਂ ਅਤੇ ਮਨੁੱਖੀ ਜਾਨਾਂ ਦਾ ਨੁਕਸਾਨ ਹੋਇਆ ਹੈ। ਇਸ ਨੁਕਸਾਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਜ਼ਿੰਮੇਵਾਰ ਹਨ ਕਿਉਂਕਿ ਇੰਨ੍ਹਾਂ ਨੇ ਦਰਿਆਵਾਂ ਵਿੱਚ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਨਹੀਂ ਰੋਕੀ। ਕੇਂਦਰ ਸਰਕਾਰ ਦੀ ਟੀਮ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੀ ਹੈ।
ਆਗੂਆਂ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਹੜ੍ਹਾਂ ਨੂੰ ਕੁਦਰਤੀ ਆਫ਼ਤ ਐਲਾਨਿਆ ਜਾਵੇ ਅਤੇ ਹੜ੍ਹ ਪੀੜਤਾਂ ਦੇ ਹੋਏ ਨੁਕਸਾਨ ਲਈ ਤੁਰੰਤ ਰਾਹਤ ਅਤੇ ਮੁਆਵਜ਼ਾ ਦਿੱਤਾ ਜਾਵੇ।

Advertisement

ਵਿਧਾਇਕ ਅਤੇ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ

ਨਵਾਂ ਸ਼ਹਿਰ (ਲਾਜਵੰਤ ਸਿੰਘ): ਵਿਧਾਇਕ ਅਤੇ ਮੰਤਰੀਆਂ ਦੇ ਘਰਾਂ ਅੱਗੇ ਹੜ੍ਹਾਂ ਕਾਰਨ ਹੋਏ ਖਰਾਬੇ ਦਾ ਮੁਆਵਜ਼ਾ ਲੈਣ ਅਤੇ ‘ਆਪ’ ਸਰਕਾਰ ਦੇ ਲਾਰਿਆਂ ਦਾ ਪਰਦਾਫਾਸ਼ ਕਰਨ ਲਈ ਧਰਨੇ ਦੇਣ ਦੇ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਕਿਰਤੀ ਕਿਸਾਨ ਯੂਨੀਅਨ ਔੜ ਦੀ ਮੀਟਿੰਗ ਸੁਰਿੰਦਰ ਸਿੰਘ ਮਹਿਰਮਪੁਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਆਗੂਆਂ ਨੇ ਫੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਔੜ ਇਲਾਕੇ ਵਿੱਚ ਚਿੱਪਾਂ ਵਾਲੇ ਬਿਜਲੀ ਮੀਟਰ ਲਾਉਣ ਦੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ੈਸਲਾ ਕੀਤਾ ਗਿਆ ਹੈ ਕਿ 17 ਅਗਸਤ ਨੂੰ ਪਾਵਰ ਕਾਰਪੋਰੇਸ਼ਨ ਦੇ ਨਿਗਰਾਨ ਇੰਜ. ਨੂੰ ਮੰਗ ਪੱਤਰ ਦੇਣ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਾਣਗੇ ਅਤੇ 28 ਅਗਸਤ ਨੂੰ ਐੱਸਈ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਔੜ ਇਲਾਕੇ ਵਿੱਚੋਂ 100 ਕਿਸਾਨ ਧਰਨੇ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਵੜੈਚ, ਕਿਸਾਨ ਆਗੂਆਂ ਅਤੇ ਕਾਰਕੁਨਾਂ ਵਿੱਚ ਕਰਨੈਲ ਸਿੰਘ ਉੜਾਪੜ, ਅਵਤਾਰ ਸਿੰਘ ਸਕੋਹਪੁਰ, ਬਹਾਦੁਰ ਸਿੰਘ ਧਰਮਕੋਟ, ਜੀਵਨ ਦਾਸ ਬੇਗੋਵਾਲ, ਕਸ਼ਮੀਰਾ ਸਿੰਘ ਬੇਗੋਵਾਲ, ਹਰਜੀਤ ਸਿੰਘ ਫਾਂਬੜਾ ਅਤੇ ਹੋਰ ਕਿਸਾਨ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement