ਮੁਲਾਜ਼ਮਾਂ ਵੱਲੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਰੈਲੀ
ਕੁਲਦੀਪ ਸਿੰਘ
ਚੰਡੀਗੜ੍ਹ, 28 ਨਵੰਬਰ
ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁਨਾਫਾ ਕਮਾ ਰਹੇ ਬਿਜਲੀ ਵਿਭਾਗ ਦਾ ਨਿੱਜੀਕਰਨ ਕਰਨ ਦੇ ਵਿਰੋਧ ਵਿੱਚ ਬਿਜਲੀ ਮੁਲਾਜ਼ਮਾਂ ਦਾ ਚੱਲ ਰਿਹਾ ਸੰਘਰਸ਼ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾ ਸ਼ਰਤਾਂ ਨੂੰ ਬਚਾਉਣ, ਸਰਕਾਰੀ ਵਿਭਾਗ ਨੂੰ ਵੇਚਣ ਲਈ ਜਾਰੀ ਕੀਤੇ ਐੱਲਓਆਈ ਨੂੰ ਰੱਦ ਕਰਨ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਕਾਹਲੀ ਵਿੱਚ ਨਿੱਜੀ ਕੰਪਨੀ ਨੂੰ ਤਬਦੀਲ ਕਰਨ ਦੇ ਫ਼ੈਸਲੇ ਵਿਰੁੱਧ ਯੂਟੀ ਪਾਵਰਮੈਨ ਯੂਨੀਅਨ ਵੱਲੋਂ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ। ਵੱਖ-ਵੱਖ ਦਫ਼ਤਰਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਅਮਰੀਕ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਰਜਿੰਦਰ ਕਟੋਚ, ਰਘੁਬੀਰ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਪਾਨ ਸਿੰਘ, ਸਤਕਾਰ ਸਿੰਘ, ਸੁਰਜੀਤ ਸਿੰਘ, ਰੇਸ਼ਮ ਸਿੰਘ, ਅਮਿਤ ਢੀਂਗਰਾ ਆਦਿ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਵਿੱਚ ਬਦਲਾਅ ਕਿਸੇ ਹਾਲਤ ਵਿੱਚ ਮਨਜ਼ੂਰ ਨਹੀਂ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਦਰੁਸਤ ਕੀਤੇ ਬਿਨਾਂ ਅਤੇ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਵਿਭਾਗ ਨੂੰ ਕਿਸੇ ਨਿੱਜੀ ਕੰਪਨੀ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸੇ ਦਿਨ ਤੋਂ ਅਣਮਿੱਥੇ ਸਮੇਂ ਲਈ ਕੰਮ ਦਾ ਬਾਈਕਾਟ ਸ਼ੁਰੂ ਕਰ ਦਿੱਤਾ ਜਾਵੇਗਾ। ਯੂਨੀਅਨ ਦੇ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੈਕਟਰੀ ਇੰਜਨੀਅਰਿੰਗ ਵੱਲੋਂ ਇਸ ਸਬੰਧੀ ਮੁਲਾਜ਼ਮ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੰਦਿਆਂ ਵਿਚਾਰਨ ਦਾ ਭਰੋਸਾ ਦਿੱਤਾ ਗਿਆ।