ਸੇਵਾਮੁਕਤ ਮੁਲਾਜ਼ਮਾਂ ਦੀ ਮੁੜ ਭਰਤੀ ਖ਼ਿਲਾਫ਼ ਰੈਲੀ
ਨਿੱਜੀ ਪੱਤਰ ਪ੍ਰੇਰਕ
ਮੁਕੇਰੀਆਂ, 30 ਜੁਲਾਈ
ਪਾਵਰਕੌਮ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਜਥੇਬੰਦੀ ਐਂਪਲਾਈਜ਼ ਫੈਡਰੇਸ਼ਨ ਵੱਲੋਂ ਪਾਵਰਕੌਮ ਦੇ ਮੁਕੇਰੀਆਂ ਦਫ਼ਤਰ ਅੱਗੇ ਸਰਕਲ ਪ੍ਰਧਾਨ ਮਨਜੀਤ ਸਿੰਘ ਪਲਾਕੀ ਅਤੇ ਭਾਰਤੀ ਮਜ਼ਦੂਰ ਸੰਘ ਦੇ ਸੂਬਾ ਪ੍ਰਧਾਨ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਪਾਵਰਕੌਮ ਪ੍ਰਬੰਧਕਾਂ ਦੇ ਇਸ਼ਾਰੇ ’ਤੇ ਚੀਫ ਇੰਜਨੀਅਰ ਕੇਂਦਰੀ ਜ਼ੋਨ ਲੁਧਿਆਣਾ ਵੱਲੋਂ ਸੇਵਾਮੁਕਤ ਕਰਮਚਾਰੀਆਂ ਨੁੰ ਮੁੜ ਰੱਖਣ ਲਈ ਕੱਢੇ ਪੱਤਰ ਦੀ ਨਿਖੇਧੀ ਕਰਦਿਆਂ ਇਹ ਪੱਤਰ ਰੱਦ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚੋਣਾਂ ਸਮੇਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਦੇ ਉਲਟ ਬਿਜਲੀ ਖੇਤਰ ਵਿੱਚ ਪੱਕੀ ਭਰਤੀ ਕਰਨ ਦੀ ਥਾਂ ਮਹਿਕਮੇ ਵਿੱਚੋਂ ਰਿਟਾਇਰ ਹੋਏ ਕਰਮਚਾਰੀਆਂ ਨੂੰ ਦੁਬਾਰਾ ਨੌਕਰੀ ’ਤੇ ਮੁੜ ਬੁਲਾ ਕੇ ਕੰਮ ਚਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਾਵਰਕੌਮ ਵਿੱਚ ਫੀਲਡ ਸਟਾਫ ਦੀ ਬਹੁਤ ਘਾਟ ਹੈ, ਜਿਸ ਨੂੰ ਨਵੀਂ ਭਰਤੀ ਕਰਕੇ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇੰਜਨੀਅਰ ਮਨਜੀਤ ਸਿੰਘ ਪਲਾਕੀ ਅਤੇ ਸੁੱਚਾ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਪੱਤਰ ਰੱਦ ਕਰਕੇ ਜਲਦ ਹੀ ਨਵੀਂ ਭਰਤੀ ਨਾ ਕੀਤੀ ਗਈ ਤਾਂ ਇਸ ਦੇ ਖਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਚੀਫ ਪੈਟਰਨ ਇੰਜਨੀਅਰ ਤਰਲੋਚਨ ਸਿੰਘ ਸਮੇਤ ਹੋਰ ਬੁਲਾਰਿਆਂ ਵੱਲੋਂ ਇਸ ਪੱਤਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।