ਬਿਜਲੀ ਮੁਲਾਜ਼ਮਾਂ ਵੱਲੋਂ ਯੂਟੀ ਪ੍ਰਸ਼ਾਸਨ ਖ਼ਿਲਾਫ਼ ਰੈਲੀ
ਕੁਲਦੀਪ ਸਿੰਘ
ਚੰਡੀਗੜ੍ਹ, 22 ਨਵੰਬਰ
ਮੁਲਾਜ਼ਮਾਂ ਅਤੇ ਖ਼ਪਤਕਾਰਾਂ ਦੇ ਵਿਰੋਧ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਖ਼ਿਲਾਫ਼ ਅੱਜ ਸੈਕਟਰ-17 ’ਚ ਇੰਜਨੀਅਰ ਪਦਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਨਤਕ ਰੈਲੀ ਕੀਤੀ ਗਈ। ਇਸ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ’ਚ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਮੁਲਾਜ਼ਮਾਂ ਅਤੇ ਖ਼ਪਤਕਾਰਾਂ ਦੇ ਵਿਰੋਧ ਦੇ ਬਾਵਜੂਦ ਜੇ ਕੋਈ ਜਲਦਬਾਜ਼ੀ ਵਿੱਚ ਲੈਟਰ ਆਫ ਇੰਟੈਂਟ ਬਣਾ ਕੇ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ।
ਬਿਜਲੀ ਮੁਲਾਜ਼ਮਾਂ ਅਤੇ ਇੰਜਨੀਅਰਾਂ ਦੀ ਕੌਮੀ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਸ਼ੇਲੇਂਦਰ ਦੂਬੇ, ਸੁਭਾਸ਼ ਲਾਂਬਾ ਅਤੇ ਮੋਹਨ ਸ਼ਰਮਾ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਬਿਜਲੀ ਵਿਭਾਗ ਕੋਲ 25 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ ਅਤੇ ਇਸ ਨੂੰ 871 ਕਰੋੜ ਰੁਪਏ ਵਿੱਚ ਇੱਕ ਪ੍ਰਾਈਵੇਟ ਕੰਪਨੀ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਬਿਜਲੀ ਵਿਭਾਗ ਦਾ ਟੈਰਿਫ ਕਰੀਬ 4 ਰੁਪਏ ਪ੍ਰਤੀ ਯੂਨਿਟ ਹੈ ਅਤੇ ਕੋਲਕਾਤਾ ਦੀ ਇਕ ਪ੍ਰਾਈਵੇਟ ਕੰਪਨੀ ਦਾ ਟੈਰਿਫ 8 ਰੁਪਏ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਤੋਂ ਬਾਅਦ ਬਿਜਲੀ ਦੇ ਬਿੱਲ ਦੁੱਗਣੇ ਹੋ ਜਾਣਗੇ। ਇਸ ਲਈ ਸਾਰੇ ਲੋਕ ਨੁਮਾਇੰਦਿਆਂ ਨੂੰ ਬਿਜਲੀ ਦੇ ਨਿੱਜੀਕਰਨ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਭਰ ਦੇ ਬਿਜਲੀ ਮੁਲਾਜ਼ਮ 6 ਦਸੰਬਰ ਨੂੰ ਨਿੱਜੀਕਰਨ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।
ਬਿਜਲੀ ਮੁਲਾਜ਼ਮਾਂ ਅਤੇ ਇੰਜਨੀਅਰਾਂ ਦੀ ਸਰਵਉੱਚ ਕਮੇਟੀ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਸਿਟੀ ਐਂਪਲਾਈਜ਼ ਐਂਡ ਇੰਜਨੀਅਰਜ਼ ਦੇ ਬੈਨਰ ਹੇਠ ਹੋਈ ਇਸ ਰੈਲੀ ਵਿੱਚ ਬਿਜਲੀ ਮੁਲਾਜ਼ਮਾਂ ਅਤੇ ਇੰਜਨੀਅਰਾਂ ਤੋਂ ਇਲਾਵਾ ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ, ਨਿਗਮ ਦੇ ਦਰਜਨਾਂ ਕੌਂਸਲਰ, ਨੁਮਾਇੰਦੇ ਸ਼ਾਮਲ ਹੋਏ।
ਮਨੀਸ਼ ਤਿਵਾੜੀ ਵੱਲੋਂ ਸੰਸਦ ’ਚ ਮੁੱਦਾ ਚੁੱਕਣ ਦਾ ਭਰੋਸਾ
ਰੈਲੀ ਵਿੱਚ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਿੱਜੀਕਰਨ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਕਿ ਆਮ ਲੋਕਾਂ ਅਤੇ ਮੁਲਾਜ਼ਮਾਂ ਦੇ ਵਿਰੋਧ ਦੇ ਬਾਵਜੂਦ ਇਸ ਮੁਨਾਫ਼ੇ ਵਾਲੇ ਅਦਾਰੇ ਦਾ ਸਰਕਾਰ ਗ਼ੈਰਕਾਨੂੰਨੀ ਢੰਗ ਨਾਲ ਨਿੱਜੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਇਸ ਮਾਮਲੇ ਨੂੰ ਉਹ ਸੰਸਦ ਵਿੱਚ ਚੁੱਕਣਗੇ।
ਪ੍ਰਸ਼ਾਸਕ ਵੱਲੋਂ ਮੁਲਾਜ਼ਮਾਂ ਦੇ ਸੇਵਾ ਲਾਭ ਸੁਰੱਖਿਅਤ ਕਰਨ ਦੇ ਨਿਰਦੇਸ਼
ਜਨਤਕ ਰੈਲੀ ਨਾਲ ਯੂਟੀ ਪ੍ਰਸ਼ਾਸਨ ਵਿੱਚ ਹਿੱਲਜੁਲ ਦਿਖਾਈ ਦਿੱਤੀ। ਪ੍ਰਾਪਤ ਸੂਚਨਾ ਅਨੁਸਾਰ ਅੱਜ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿੱਚ ਨਵੀਂ ਕੰਪਨੀ ਵਿੱਚ ਤਬਦੀਲ ਕੀਤੇ ਜਾ ਰਹੇ ਕਰਮਚਾਰੀਆਂ ਦੇ ਸੇਵਾ ਲਾਭਾਂ ਨੂੰ ਸੁਰੱਖਿਅਤ ਕੀਤੇ ਜਾਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਪ੍ਰਸ਼ਾਸਕ ਨੇ ਯੂਟੀ ਪਾਵਰਮੈਨ ਯੂਨੀਅਨ ਦੀਆਂ ਸ਼ਿਕਾਇਤਾਂ ਨੂੰ ਸਹੀ ਢੰਗ ਨਾਲ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।