ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਰੈਲੀ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਫਰਵਰੀ
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਪੰਜਾਬ ਕੈਬਨਿਟ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਸੂਬਾ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕੈਬਨਿਟ ਦੇ ਫ਼ੈਸਲੇ ਦੇ ਬਾਵਜੂਦ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਦਫ਼ਤਰੀ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਤਿੰਨ ਦਿਨਾਂ ਦੀ ਸੰਕੇਤਕ ਹੜਤਾਲ ਨੂੰ ਅੱਗੇ ਵਧਾਉਂਦੇ ਹੋਏ ਦਫ਼ਤਰੀ ਸਟਾਫ ਨੇ 28 ਫਰਵਰੀ ਨੂੰ ਸਿੱਖਿਆ ਭਵਨ ਮੁਹਾਲੀ ਦੇ ਬਾਹਰ ਸੂਬਾ ਪੱਧਰੀ ਰੋਸ ਰੈਲੀ ਕਰ ਕੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਵੱਲੋਂ 22 ਨਵੰਬਰ 2023 ਤੇ 31 ਜਨਵਰੀ 2024 ਨੂੰ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਲੇਕਿਨ ਅਫ਼ਸਰਸ਼ਾਹੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਰਾਹ ਵਿੱਚ ਬਿਨਾਂ ਵਜ੍ਹਾ ਦਿੱਕਤਾਂ ਖੜੀਆਂ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਤੇ ਵਿਭਾਗ ਵਿਭਾਗ ਨੇ ਦਫ਼ਤਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਲੜੀਵਾਰ ਸੰਘਰਸ਼ ਸ਼ੁਰੂ ਕਰਨਗੇ।