ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਸੰਘੋਰ ’ਚ ਰੈਲੀ
ਪੱਤਰ ਪ੍ਰੇਰਕ
ਗੁਰਦਾਸਪੁਰ, 10 ਜੂਨ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਪਿੰਡ ਸਰਹੱਦੀ ਸੰਘੋਰ ਵਿੱਚ ਗੁਰੂ ਅਰਜਨ ਦੇਵ ਅਤੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਰੈਲੀ ਕੀਤੀ ਗਈ। ਇਸ ਮੌਕੇ 15 ਮੈਂਬਰੀ ਐਡਹਾਕ ਮਹਿਲਾ ਕਮੇਟੀ ਦੀ ਚੋਣ ਵੀ ਕੀਤੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਜ਼ਿਲ੍ਹਾ ਕਨਵੀਨਰ ਬਿਮਲ ਕੌਰ, ਜ਼ਿਲ੍ਹਾ ਜਥੇਬੰਦਕ ਆਗੂ ਰਸ਼ਪਾਲ ਸਿੰਘ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਨੇ ਬਰਾਬਰਤਾ ਦਾ ਸਮਾਜ ਸਿਰਜਣ ਅਤੇ ਜ਼ੁਲਮ ਖਿਲਾਫ਼ ਆਵਾਜ਼ ਬੁਲੰਦ ਕੀਤੀ ਸੀ, ਪਰ ਜ਼ਾਲਮ ਹਾਕਮਾਂ ਨੇ ਉਨ੍ਹਾਂ ਨੂੰ ਤੱਤੀ ਤਵੀ ’ਤੇ ਬਿਠਾ ਕੇ ਸ਼ਹੀਦ ਕਰ ਦਿੱਤਾ। ਉਨ੍ਹਾਂ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਉਪਰੰਤ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮੀਰੀ-ਪੀਰੀ ਦਾ ਸਿਧਾਂਤ, ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ, ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਜ਼ਮੀਨ ਹੱਲ ਵਾਹਕਾਂ ਨੂੰ ਦੇਣ ਦਾ ਘਟਨਾਕ੍ਰਮ ਵਾਪਰਿਆ, ਪਰ ਮੌਜੂਦਾ ਸਮੇਂ ਦੌਰਾਨ ਤੱਤ ਨੂੰ ਵਿਸਾਰ ਕੇ ਵੱਖਰੇ ਰੂਪ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਾਨੂੰ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ਤੋਂ ਪ੍ਰੇਰਨਾ ਲੈਂਦਿਆਂ ਲੁਟੇਰੇ ਨਿਜ਼ਾਮ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਏਕੇ ਅਤੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ।