For the best experience, open
https://m.punjabitribuneonline.com
on your mobile browser.
Advertisement

ਦਿੱਲੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ 30 ਦਿਨ ਦੀ ਫਰਲੋਅ

05:46 AM Jan 29, 2025 IST
ਦਿੱਲੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ 30 ਦਿਨ ਦੀ ਫਰਲੋਅ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 28 ਜਨਵਰੀ
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਫਰਲੋਅ ਮਿਲ ਗਈ ਹੈ। ਇਸ ਵਾਰ ਉਸ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਡੇਰਾ ਮੁਖੀ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਹਰਿਆਣਾ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਚਾਰ ਸਾਲਾਂ ਵਿੱਚ ਰਾਮ ਰਹੀਮ ਦੀ ਇਹ 12ਵੀਂ ਪੈਰੋਲ ਜਾਂ ਫਰਲੋਅ ਹੈ। ਉਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਲਗਪਗ ਇਕ ਹਫ਼ਤਾ ਪਹਿਲਾਂ ਤੇ ਹਰਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪੈਰੋਲ ਮਿਲੀ ਹੈ। ਡੇਰਾ ਸੱਚਾ ਸੌਦਾ ਮੁਖੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਸਵੇਰੇ ਸੁਨਾਲੀਆਂ ਜੇਲ੍ਹ ਵਿੱਚੋਂ ਬਾਹਰ ਆ ਗਿਆ। ਅਗਸਤ 2017 ਵਿੱਚ ਦੋ ਸਾਧਵੀਆਂ ਨਾਲ ਜਬਰ-ਜਨਾਹ ਮਾਮਲੇ ਵਿੱੱਚ ਸਜ਼ਾ ਸੁਣਾਏ ਜਾਣ ਮਗਰੋਂ ਉਸ ਨੂੰ ਪਹਿਲੀ ਵਾਰ ਸਿਰਸਾ ਡੇਰੇ ਜਾਣ ਦੀ ਇਜਾਜ਼ਤ ਮਿਲੀ ਹੈ, ਜਿੱਥੇ ਉਹ ਦਸ ਦਿਨ ਠਹਿਰੇਗਾ। ਇਸ ਤੋਂ ਬਾਅਦ ਉਹ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਵਿੱਚ ਰਹੇਗਾ। ਉਸ ਨੂੰ ਫਰਲੋਅ 5 ਫਰਵਰੀ ਨੂੰ ਹੋ ਰਹੀਆਂ ਦਿੱਲੀ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਦਿੱਤੀ ਗਈ ਹੈ। ਉਸ ਨੂੰ ਪਿਛਲੀ ਵਾਰ 20 ਦਿਨ ਦੀ ਪੈਰੋਲ ਪਿਛਲੇ ਸਾਲ 5 ਅਕਤੂਬਰ ਨੂੰ ਹੋਈਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਚਾਰ ਦਿਨ ਪਹਿਲਾਂ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਪਿਛਲੇ ਸਾਲ ਅਗਸਤ ’ਚ 21 ਦਿਨ ਦੀ ਫਰਲੋਅ ਦਿੱਤੀ ਸੀ।

Advertisement

ਸ਼੍ਰੋਮਣੀ ਕਮੇਟੀ ਨੇ ਪੈਰੋਲ ’ਤੇ ਜਤਾਇਆ ਇਤਰਾਜ਼

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): 

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਫੌਰੀ ਪੈਰੋਲ ਰੱਦ ਕਰਕੇ ਉਸ ਨੂੰ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈ਼ਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ। ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਜਾਂ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਜਾ ਰਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨਾਉਣੇ ਅਪਰਾਧਾਂ ਨੂੰ ਨਜ਼ਰਅੰਦਾਜ਼ ਕਰਕੇ ਪਹਿਲਾਂ ਵੀ ਚੋਣਾਂ ਸਮੇਂ ਪੈਰੋਲ ਦੇ ਚੁੱਕੀ ਹੈ।

ਰਾਮ ਰਹੀਮ ਵੱਲੋਂ ਸ਼ਰਧਾਲੂਆਂ ਨੂੰ ਸਿਰਸਾ ਨਾ ਆਉਣ ਦੀ ਅਪੀਲ

ਸਿਰਸਾ (ਪ੍ਰਭੂ ਦਿਆਲ):

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਖ਼ਤ ਸੁਰੱਖਿਆ ਹੇਠ ਸਵੇਰੇ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਸਾਢੇ ਸੱਤ ਸਾਲਾਂ ਵਿੱਚ ਸਿਰਸਾ ਸਥਿਤ ਡੇਰੇ ਪੁੱਜ ਗਿਆ ਹੈ। ਸਾਧਵੀ ਜਬਰ-ਜਨਾਹ ਮਾਮਲੇ ਵਿੱਚ 25 ਅਗਸਤ 2017 ’ਚ ਸਜ਼ਾ ਸੁਣਾਏ ਜਾਣ ਮਗਰੋਂ ਉਹ ਪਹਿਲੀ ਵਾਰ ਸਿਰਸਾ ਡੇਰੇ ਪੁੱਜਾ ਹੈ। ਇਸ ਦੌਰਾਨ ਉਨ੍ਹਾਂ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਡੇਰਾ ਪ੍ਰੇਮੀਆਂ ਨੂੰ ਸਿਰਸਾ ਨਾ ਆਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਡੇਰੇ ਦੇ ਸੇਵਾਦਾਰਾਂ ਵੱਲੋਂ ਜੋ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ, ਉਨ੍ਹਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਸਾਰਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਪੈਰੋਲ ’ਤੇ ਸਿਰਸਾ ਡੇਰਾ ਪਹੁੰਚਣ ’ਤੇ ਸੁਰੱਖਿਆ ਦੇ ਖਾਸ ਇੰਤਜ਼ਾਮ ਕੀਤੇ ਗਏ ਹਨ। ਡੇਰੇ ਨੂੰ ਜਾਣ ਵਾਲੀ ਸੜਕ ’ਤੇ ਪੁਲੀਸ ਵੱਲੋਂ ਥਾਂ-ਥਾਂ ’ਤੇ ਨਾਕੇ ਲਾਏ ਗਏ ਹਨ। ਡੇਰੇ ਦੇ ਮੁੱਖ ਗੇਟਾਂ ’ਤੇ ਪੁਲੀਸ ਨੂੰ ਤਾਇਨਾਤ ਕੀਤਾ ਗਿਆ ਹੈ।

Advertisement
Author Image

joginder kumar

View all posts

Advertisement